ਜਗਰਾਉਂ, 13 ਅਪ੍ਰੈਲ (ਸ਼ਮਸ਼ੇਰ ਸਿੰਘ ਗਾਲਿਬ)-ਨਿਊ ਪੰਜਾਬ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਅਗਵਾੜ ਲੋਪੋਂ ਕਾਉਂਕੇ ਰੋਡ ਜਗਰਾਉਂ ਵਿਖੇ ਵਿਸਾਖੀ ਦਾ ਤਿਉਹਾਰ ਬਹੁਤ ਹੀ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਦਾ ਮਾਹੌਲ ਪੰਜਾਬੀ ਰੰਗਾਂ ਨਾਲ ਰੰਗਿਆ ਹੋਇਆ ਸੀ | ਵਿਦਿਆਰਥੀਆਂ ਨੇ ਰੰਗ-ਬਿਰੰਗੇ ਪ੍ਰੰਪਰਾਗਤ ਲਿਬਾਸ ਪਾ ਕੇ ਭੰਗੜਾ, ਗਿੱਧਾ ਅਤੇ ਹੋਰ ਲੋਕ ਨਾਚਾਂ ਦੀਆਂ ਸ਼ਾਨਦਾਰ ਪੇਸ਼ਕਾਰੀਆਂ ਕੀਤੀਆਂ | ਪੰਜਾਬੀ ਸੱਭਿਆਚਾਰ ਨੂੰ ਦਰਸਾਉਂਦੇ ਨਾਟਕ ਅਤੇ ਗੀਤਾਂ ਨੇ ਸਭ ਦਾ ਮਨ ਮੋਹ ਲਿਆ | ਇਸ ਮੌਕੇ ਪਿ੍ੰਸੀਪਲ ਸ੍ਰੀਮਤੀ ਨਰਿੰਦਰਪਾਲ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਵਿਸਾਖੀ ਸਾਡੀ ਸੱਭਿਆਚਾਰਕ ਵਿਰਾਸਤ ਦਾ ਮਹੱਤਵਪੂਰਨ ਹਿੱਸਾ ਹੈ ਅਤੇ ਸਾਨੂੰ ਆਪਣੇ ਰਿਵਾਜਾਂ ਨਾਲ ਜੁੜੇ ਰਹਿਣਾ ਚਾਹੀਦਾ ਹੈ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਮਿਹਨਤ, ਅਨੁਸ਼ਾਸਨ ਅਤੇ ਇਮਾਨਦਾਰੀ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ | ਐੱਮ.ਡੀ. ਸ: ਪਿਆਰਾ ਸਿੰਘ ਨੇ ਵੀ ਬੱਚਿਆਂ ਨੂੰ ਪ੍ਰੇਰਣਾਦਾਇਕ ਸੰਦੇਸ਼ ਦਿੰਦਿਆਂ ਕਿਹਾ ਕਿ ਉਹ ਆਪਣੀ ਪੜ੍ਹਾਈ ਦੇ ਨਾਲ-ਨਾਲ ਸੱਭਿਆਚਾਰਕ ਗਤੀਵਿਧੀਆਂ ਵਿਚ ਭਾਗ ਲੈ ਕੇ ਆਪਣੀ ਪ੍ਰਤਿਭਾ ਨੂੰ ਨਿਖਾਰਣ | ਉਨ੍ਹਾਂ ਨੇ ਬੱਚਿਆਂ ਦੀ ਮਿਹਨਤ ਅਤੇ ਵਿਸ਼ਵਾਸ ਦੀ ਪ੍ਰਸ਼ੰਸਾ ਕੀਤੀ | ਵਾਈਸ ਪਿ੍ੰਸੀਪਲ ਸ੍ਰੀਮਤੀ ਪਰਵਿੰਦਰ ਕੌਰ ਨੇ ਵੀ ਵਿਦਿਆਰਥੀਆਂ ਦੀਆਂ ਪੇਸ਼ਕਾਰੀਆਂ ਦੀ ਪ੍ਰਸੰਸਾ ਕਰਦਿਆਂ ਉਨ੍ਹਾਂ ਨੂੰ ਹਮੇਸ਼ਾ ਅੱਗੇ ਵੱਧਣ ਲਈ ਪ੍ਰੇਰਿਤ ਕੀਤਾ | ਸਮਾਗਮ ਦੌਰਾਨ ਵਿਦਿਆਰਥੀਆਂ ਵਿਚ ਬੇਹੱਦ ਖੁਸ਼ੀ ਅਤੇ ਜੋਸ਼ ਦੇਖਣ ਨੂੰ ਮਿਲਿਆ | ਅਖੀਰ ਵਿਚ ਧੰਨਵਾਦੀ ਸ਼ਬਦਾਂ ਨਾਲ ਸਮਾਰੋਹ ਦਾ ਸਮਾਪਨ ਕੀਤਾ ਗਿਆ | ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |