ਜਗਰਾਉਂ, 16 ਅਪ੍ਰੈਲ (ਗੁਰਦੀਪ ਸਿੰਘ ਮਲਕ)-ਪਿੰਡ ਛੱਜਾਵਾਲ ਦੇ ਇਕ ਨੌਜਵਾਨ ਨਾਲ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 5 ਲੱਖ 6 ਹਜ਼ਾਰ ਰੁਪਏ ਦੀ ਠੱਗੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਪੀੜਤ ਦੀ ਸ਼ਿਕਾਇਤ 'ਤੇ ਪੁਲਿਸ ਨੇ ਜਾਂਚ ਮਗਰੋਂ ਅੰਮਿ੍ਤਸਰ ਦੇ ਰਹਿਣ ਵਾਲੇ ਦੋ ਭਰਾਵਾਂ ਖ਼ਿਲਾਫ਼ ਥਾਣਾ ਸਿਟੀ ਵਿਚ ਕੇਸ ਦਰਜ ਕਰ ਲਿਆ ਹੈ | ਮੁਲਜ਼ਮਾਂ ਦੀ ਪਛਾਣ ਅਤੁਲ ਸ਼ਰਮਾ ਅਤੇ ਰਾਘਵ ਸ਼ਰਮਾ ਵਜੋਂ ਹੋਈ ਹੈ, ਜੋ ਖੰਨਾ ਪੇਪਰ ਮਿਲ ਦੇ ਸਾਹਮਣੇ, ਮਜੀਠਾ ਰੋਡ, ਅੰਮਿ੍ਤਸਰ ਦੇ ਰਹਿਣ ਵਾਲੇ ਹਨ | ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਦੇ ਏਐਸਆਈ ਗੁਰਜੀਤ ਸਿੰਘ ਨੇ ਦੱਸਿਆ ਕਿ ਪੀੜਤ ਹਰਬੰਸ ਸਿੰਘ ਵਾਸੀ ਪਿੰਡ ਛੱਜਾਵਾਲ ਨੇ ਆਪਣੀ ਸ਼ਿਕਾਇਤ ਵਿਚ ਦੱਸਿਆ ਕਿ ਉਹ ਇਟਲੀ ਜਾਣਾ ਚਾਹੁੰਦਾ ਸੀ | ਇਸ ਦੌਰਾਨ ਉਸਦਾ ਸੰਪਰਕ ਮੁਲਜ਼ਮਾਂ ਨਾਲ ਹੋਇਆ, ਜਿਨਾਂ ਨੇ ਉਸਨੂੰ ਵਿਦੇਸ਼ ਭੇਜਣ ਦਾ ਭਰੋਸਾ ਦਿਵਾਇਆ ਅਤੇ ਉਸ ਤੋਂ 5 ਲੱਖ 6 ਹਜ਼ਾਰ ਰੁਪਏ ਲੈ ਲਏ | ਪੀੜਤ ਦੇ ਮੁਤਾਬਕ, ਪੈਸੇ ਲੈਣ ਤੋਂ ਬਾਅਦ ਨਾ ਤਾਂ ਮੁਲਜ਼ਮਾਂ ਨੇ ਉਸ ਨੂੰ ਵਿਦੇਸ਼ ਭੇਜਿਆ ਅਤੇ ਨਾ ਹੀ ਰਕਮ ਵਾਪਸ ਕੀਤੀ | ਜਦੋਂ ਉਸ ਨੇ ਪੈਸੇ ਵਾਪਸ ਮੰਗੇ ਤਾਂ ਮੁਲਜ਼ਮ ਉਸਨੂੰ ਝੂਠੇ ਕੇਸ ਵਿੱਚ ਫਸਾਉਣ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਲੱਗ ਪਏ | ਪੁਲਿਸ ਨੇ ਗਹਿਰਾਈ ਨਾਲ ਜਾਂਚ ਕਰਨ ਤੋਂ ਬਾਅਦ ਮੁਲਜ਼ਮਾਂ ਖ਼ਿਲਾਫ਼ ਬੀ.ਐੱਨ.ਐੱਸ ਦੀ ਧਾਰਾ 316(2) ਅਤੇ 318(4) ਤਹਿਤ ਥਾਣਾ ਸਿਟੀ ਵਿਚ ਮਾਮਲਾ ਦਰਜ ਕਰ ਲਿਆ ਹੈ | ਜਾਂਚ ਅਧਿਕਾਰੀ ਨੇ ਦੱਸਿਆ ਕਿ ਫਿਲਹਾਲ ਮੁਲਜ਼ਮ ਫ਼ਰਾਰ ਹਨ ਅਤੇ ਉਨਾਂ ਦੀ ਗਿ੍ਫ਼ਤਾਰੀ ਲਈ ਪੁਲਿਸ ਵਲੋਂ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ |