ਰਾਏਕੋਟ, 16 ਅਪ੍ਰੈਲ (ਸੁਸ਼ੀਲ)-ਲੋਕ ਸਭਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਡਾ. ਅਮਰ ਸਿੰਘ ਨੇ ਪਿੰਡ ਮੈਨ ਮਾਜਰੀ ਦੇ ਵਸਨੀਕਾਂ ਨਾਲ ਵਾਪਰੇ ਦਰਦਨਾਕ ਸੜਕ ਹਾਦਸੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ, ਜਿਸ ਵਿੱਚ 6 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਗੰਭੀਰ ਜ਼ਖ਼ਮੀ ਹੋਏ ਹਨ | ਇਸ ਦਰਦਨਾਕ ਹਾਦਸੇ 'ਤੇ ਦੁੱਖ ਪ੍ਰਗਟ ਕਰਦਿਆਂ ਡਾ. ਅਮਰ ਸਿੰਘ ਨੇ ਕਿਹਾ ਕਿ ਇਹ ਬਹੁਤ ਹੀ ਦੁੱਖਦਾਈ ਅਤੇ ਹਿਰਦੇ ਨੂੰ ਝੰਜੋੜ ਦੇਣ ਵਾਲੀ ਘਟਨਾ ਹੈ, ਜਿੱਥੇ ਪਿੰਡ ਮੈਨ ਮਾਜਰੀ ਦੇ ਰਹਿਣ ਵਾਲੇ ਸ਼ਰਧਾਲੂ ਵਿਸਾਖੀ ਦੇ ਪਵਿੱਤਰ ਮੌਕੇ 'ਤੇ ਸ਼੍ਰੀ ਆਨੰਦਪੁਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਵਾਪਸ ਆ ਰਹੇ ਸਨ ਅਤੇ ਅੱਧੀ ਰਾਤ ਦੇ ਸਮੇਂ ਹਿੰਮਤਪੁਰਾ ਨੇੜੇ ਬੱਸ ਦੇ ਕਾਬੂ ਤੋਂ ਬਾਹਰ ਹੋ ਕੇ ਪਲਟਣ ਕਾਰਨ ਇਹ ਵੱਡਾ ਹਾਦਸਾ ਵਾਪਰਿਆ | ਉਨ੍ਹਾਂ ਪੀੜਤ ਪਰਿਵਾਰਾਂ ਨਾਲ ਡੂੂੰਘੇ ਦੁੱਖ ਦਾ ਇਜ਼ਹਾਰ ਕਰਦੇ ਹੋਏ ਕਿਹਾ ਕਿ ਇਸ ਦੁੱਖ ਦੀ ਘੜੀ ਵਿੱਚ ਉਹ ਪੂਰੀ ਤਰ੍ਹਾਂ ਪੀੜਤ ਪਰਿਵਾਰਾਂ ਦੇ ਨਾਲ ਖੜ੍ਹੇ ਹਨ | ਉਨ੍ਹਾਂ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖ਼ਸ਼ਣ ਅਤੇ ਜ਼ਖ਼ਮੀਆਂ ਨੂੰ ਜਲਦੀ ਤੰਦਰੁਸਤੀ ਪ੍ਰਦਾਨ ਕਰਨ | ਬਤੌਰ ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਪੀੜਤ ਪਰਿਵਾਰਾਂ ਲਈ ਹਰ ਸੰਭਵ ਮਦਦ ਦਾ ਭਰੋਸਾ ਦਿਵਾਇਆ | ਉਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਹੁਕਮ ਦਿੱਤੇ ਕਿ ਜ਼ਖ਼ਮੀਆਂ ਦੇ ਇਲਾਜ ਵਿੱਚ ਕੋਈ ਕਮੀ ਨਾ ਰਹਿਣ ਦਿੱਤੀ ਜਾਵੇ ਅਤੇ ਉਨ੍ਹਾਂ ਨੂੰ ਹਰ ਸੰਭਵ ਮੈਡੀਕਲ ਸਹੂਲਤ ਮੁਹੱਈਆ ਕਰਵਾਈ ਜਾਵੇ |