ਜਗਰਾਉਂ/ਹਠੂਰ, 16 ਅਪ੍ਰੈਲ (ਹਰਵਿੰਦਰ ਸਿੰਘ ਖ਼ਾਲਸਾ, ਜਸਵਿੰਦਰ ਸਿੰਘ ਛਿੰਦਾ)-ਪਿੰਡ ਭੰਮੀਪੁਰਾ ਕਲਾਂ ਦੇ ਵੱਡਾ ਗੁਰਦੁਆਰਾ ਸਾਹਿਬ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਬਾਬਾ ਰਣਜੀਤ ਸਿੰਘ ਗੁੱਜਰਵਾਲ ਵਾਲਿਆਂ ਵਲੋਂ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ | ਇਸ ਤੋਂ ਬਾਅਦ ਸਾਬਕਾ ਸਰਪੰਚ ਗੁਰਮੇਲ ਸਿੰਘ ਨੇ ਕਿਹਾ ਕਿ ਸਾਨੂੰ ਆਪਣੇ ਗੁਰੂ ਸਾਹਿਬਾਨਾਂ ਦੇ ਦਰਸਾਏ ਮਾਰਗ 'ਤੇ ਚੱਲਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਅੱਜ ਦੇ ਦਿਨ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖ਼ਾਲਸਾ ਪੰਥ ਦੀ ਸਾਜਨਾ ਕਰਕੇ ਸਾਨੂੰ ਸਿੰਘ ਸਜਾਇਆ | ਇਸ ਮੌਕੇ ਅਜੀਤ ਸਿੰਘ ਅਖਾੜਾ ਨੇ ਵੀ ਸੰਗਤਾਂ ਨੂੰ ਸੰਬੋਧਨ ਕੀਤਾ ਤੇ ਕਿਹਾ ਕਿ ਸਾਡਾ ਫਰਜ਼ ਬਣਦਾ ਕਿ ਸਾਨੂੰ ਆਪਣੇ ਬੱਚਿਆਂ ਨੂੰ ਗੁਰਬਾਣੀ ਨਾਲ ਜੋੜਨਾ ਚਾਹੀਦਾ | ਇਸ ਸਮਾਗਮ ਦੌਰਾਨ ਇਕ ਬੱਚੀ ਨੇ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਇਕ ਕਵਿਤਾ ਵੀ ਪੇਸ਼ ਕੀਤੀ | ਅਖ਼ੀਰ ਵਿਚ ਪ੍ਰਬੰਧਕ ਕਮੇਟੀ ਵਲੋਂ ਅਜੀਤ ਸਿੰਘ ਅਖਾੜਾ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਵੀ ਕੀਤਾ | ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ | ਇਸ ਮੌਕੇ ਸਰਪ੍ਰਸਤ ਸੁਰਜੀਤ ਸਿੰਘ ਕੈਨੇਡੀਅਨ, ਪ੍ਰਧਾਨ ਸੰਦੀਪ ਸਿੰਘ, ਖ਼ਜ਼ਾਨਚੀ ਕੁਲਵੰਤ ਸਿੰਘ, ਜਸਪ੍ਰੀਤ ਸਿੰਘ, ਇਲਾਕੇ ਦੀਆਂ ਵੱਖ-ਵੱਖ ਸ਼ਖ਼ਸੀਅਤਾਂ ਸਮੇਤ ਵੱਡੀ ਗਿਣਤੀ ਵਿਚ ਬੀਬੀਆਂ, ਨੌਜਵਾਨ ਆਦਿ ਹਾਜ਼ਰ ਸਨ |