ਜਗਰਾਉਂ, 18 ਅਪ੍ਰੈਲ (ਸ਼ਮਸ਼ੇਰ ਸਿੰਘ ਗਾਲਿਬ)-ਸੀ.ਟੀ. ਯੂਨੀਵਰਸਿਟੀ ਨੇ ਨੈਸ਼ਨਲ ਇੰਸਟੀਚਿਊਟ ਆਫ ਸੋਸ਼ਲ ਡਿਫੈਂਸ, ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲਾ, ਭਾਰਤ ਸਰਕਾਰ ਅਤੇ 'ਦਾ ਸ਼ੈਲਟਰਜ਼' ਦੇ ਨਾਲ ਮਿਲ ਕੇ ਵਿਦਿਆਰਥੀਆਂ ਲਈ ਨਸ਼ਿਆਂ ਦੇ ਖ਼ਿਲਾਫ਼ ਇਕ ਜਾਗਰੂਕਤਾ ਪ੍ਰੋਗਰਾਮ ਕਰਵਾਇਆ | ਇਸ ਦੌਰਾਨ ਪਦਮਸ੍ਰੀ ਹੰਸ ਰਾਜ ਹੰਸ, ਐੱਨ.ਆਈ.ਐੱਸ.ਡੀ. ਦੇ ਜਨਰਲ ਕੌਂਸਲ ਦੇ ਮੈਂਬਰ ਐਸ. ਸੁਖਵਿੰਦਰ ਬਿੰਦਰਾ, 'ਦਾ ਸੈਲਟਰਜ਼' ਦੀ ਡਾਇਰੈਕਟਰ ਸਤਿੰਦਰ ਸੱਤੀ, ਡੀ.ਐੱਸ.ਪੀ. ਜਸਵਿੰਦਰ ਸਿੰਘ ਢੀਂਡਸਾ ਅਤੇ ਮਨੋਵਿਗਿਆਨੀ ਡਾ: ਅਮਨਪ੍ਰੀਤ ਕੌਰ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਉਨ੍ਹਾਂ ਨੌਜਵਾਨਾਂ ਨੂੰ ਨਸ਼ਾ ਮੁਕਤੀ ਲਈ ਪ੍ਰੇਰਿਤ ਕੀਤਾ | ਇਸ ਮੌਕੇ ਪਦਮਸ੍ਰੀ ਹੰਸ ਰਾਜ ਹੰਸ ਨੇ ਕਿਹਾ ਕਿ ਨੌਜਵਾਨ ਦੇਸ਼ ਦਾ ਭਵਿੱਖ ਹਨ ਅਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਆਪਣੇ ਟੀਚਿਆਂ 'ਤੇ ਧਿਆਨ ਦੇਣਾ ਚਾਹੀਦਾ ਹੈ | ਡੀ.ਐੱਸ.ਪੀ. ਜਸਵਿੰਦਰ ਸਿੰਘ ਨੇ ਦੱਸਿਆ ਕਿ ਜ਼ਮੀਨੀ ਪੱਧਰ 'ਤੇ ਨਸ਼ਿਆਂ ਦੀ ਸਮੱਸਿਆ ਵੱਧ ਰਹੀ ਹੈ, ਇਸ ਲਈ ਵਿਦਿਆਰਥੀਆਂ ਨੂੰ ਸਾਵਧਾਨ ਅਤੇ ਜਾਗਰੂਕ ਰਹਿਣ ਦੀ ਲੋੜ ਹੈ | ਮਨੋਵਿਗਿਆਨੀ ਡਾ: ਅਮਨਪ੍ਰੀਤ ਕੌਰ ਨੇ ਕਿਹਾ ਕਿ ਨਸ਼ਾ ਸਿਰਫ਼ ਸਮਾਜਿਕ ਸਮੱਸਿਆ ਨਹੀਂ, ਇਹ ਮਨੋਵਿਗਿਆਨਕ ਸਮੱਸਿਆ ਵੀ ਹੈ | ਇਹ ਤਣਾਅ, ਸਾਥੀਆਂ ਦੇ ਦਬਾਅ ਜਾਂ ਜਾਣਕਾਰੀ ਦੀ ਘਾਟ ਕਾਰਨ ਸ਼ੁਰੂ ਹੁੰਦਾ ਹੈ | ਪ੍ਰੋ-ਚਾਂਸਲਰ ਡਾ: ਮਨਬੀਰ ਸਿੰਘ ਨੇ ਕਿਹਾ ਸੀ.ਟੀ. ਯੂਨੀਵਰਸਿਟੀ ਵਿਚ ਅਸੀਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਜ਼ਿੰਮੇਵਾਰ ਨਾਗਰਿਕ ਤਿਆਰ ਕਰਨ ਨੂੰ ਵੀ ਮਹੱਤਵ ਦਿੰਦੇ ਹਾਂ | ਇਸ ਤਰ੍ਹਾਂ ਦੇ ਪ੍ਰੋਗਰਾਮ ਵਿਦਿਆਰਥੀਆਂ ਨੂੰ ਸਹੀ ਦਿਸ਼ਾ ਵਿਚ ਅੱਗੇ ਵਧਣ ਵਿਚ ਮਦਦ ਕਰਦੇ ਹਨ | ਯੂਨੀਵਰਸਿਟੀ ਦੇ ਰਜਿਸਟਰਾਰ ਸੰਜੈ ਖੰਡੂਰੀ ਨੇ ਕਿਹਾ ਕਿ ਇਸ ਪ੍ਰੋਗਰਾਮ ਦਾ ਮੁੱਖ ਮਕਸਦ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਨੁਕਸਾਨ ਬਾਰੇ ਜਾਗਰੂਕ ਕਰਨਾ ਅਤੇ ਉਹਨਾਂ ਨੂੰ ਸਹੀ ਫ਼ੈਸਲੇ ਲੈਣ ਲਈ ਪ੍ਰੇਰਿਤ ਕਰਨਾ ਸੀ | ਪ੍ਰੋਗਰਾਮ ਦੇ ਅੰਤ ਵਿਚ ਵਿਦਿਆਰਥੀਆਂ ਅਤੇ ਮਹਿਮਾਨਾਂ ਵਿਚਕਾਰ ਇਕ ਸੰਵਾਦ ਸੈਸ਼ਨ ਵੀ ਹੋਇਆ, ਜਿਸ ਨਾਲ ਸਭ ਨੂੰ ਨਸ਼ਾ-ਮੁਕਤ ਸਮਾਜ ਬਣਾਉਣ ਲਈ ਪ੍ਰੇਰਣਾ ਮਿਲੀ |