ਰਾਏਕੋਟ, 19 ਅਪ੍ਰੈਲ (ਸੁਸ਼ੀਲ)-ਪਿਛਲੇ ਲੰਬੇ ਸਮੇਂ ਤੋ ਆਪਣੀਆਂ ਜਾਇਜ਼ ਮੰਗਾਂ ਮੰਨਵਾਉਣ ਲਈ ਸੰਘਰਸ਼ ਕਰ ਰਹੀ ਜਥੇਬੰਦੀ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਰਜਿ: 295 ਦਾ ਸੂਬਾਈ ਵਫ਼ਦ ਸੂਬਾ ਪ੍ਰਧਾਨ ਧੰਨਾ ਮੱਲ ਗੋਇਲ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਸੱਦੇ 'ਤੇ ਕੈਬਨਿਟ ਸਬ ਕਮੇਟੀ ਨਾਲ ਪੰਜਾਬ ਭਵਨ ਚੰਡੀਗੜ੍ਹ ਵਿਖੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਿਹਤ ਮੰਤਰੀ ਡਾ. ਬਲਵੀਰ ਸਿੰਘ ਦੀ ਨੂੰ ਮਿਲਿਆ | ਇਸ ਵਫ਼ਦ ਵਿੱਚ ਸੂਬਾ ਪ੍ਰਧਾਨ ਧੰਨਾ ਮੱਲ ਗੋਇਲ, ਚੇਅਰਮੈਨ ਐੱਚ.ਐੱਸ ਰਾਣੂ, ਸਰਪ੍ਰਸਤ ਸੁਰਜੀਤ ਸਿੰਘ ਲੁਧਿਆਣਾ ਅਤੇ ਜ਼ਿਲ੍ਹਾ ਮੋਹਾਲੀ ਦੇ ਪ੍ਰਧਾਨ ਬਲਵੀਰ ਸਿੰਘ ਤੋਂ ਇਲਾਵਾ ਸਿਹਤ ਵਿਭਾਗ ਦੇ ਪਿ੍ੰਸੀਪਲ ਸਕੱਤਰ ਸ੍ਰੀ ਕੁਮਾਰ ਰਾਹੁਲ ਅਤੇ ਸਪੈਸ਼ਲ ਸਕੱਤਰ ਫਾਇਨਾਂਸ ਸ੍ਰੀ ਅਜੈ ਅਰੋੜਾ ਤੋਂ ਇਲਾਵਾ ਹੋਰ ਸੀਨੀਅਰ ਅਧਿਕਾਰੀ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਇਸ ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆ ਐਸੋਸੀਏਸ਼ਨ ਦੇ ਸੂਬਾਈ ਆਗੂ ਗੁਲਜੀਤ ਸਿੰਘ ਅਤੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਕਲਸੀਆਂ ਨੇ ਦੱਸਿਆ ਕਿ ਮੀਟਿੰਗ ਦੌਰਾਨ ਐਸੋਸੀਏਸ਼ਨ ਦੀ ਤਰਫ਼ੋਂ ਮੰਗ ਪੱਤਰ ਅਤੇ ਲੋੜੀਂਦੇ ਹਵਾਲਾ ਦਸਤਾਵੇਜ਼ਾਂ ਦੀ ਫਾਈਲ ਸਰਕਾਰ ਅੱਗੇ ਪੇਸ਼ ਕਰਦਿਆਂ ਮੰਗ ਕੀਤੀ ਕਿ ਸਰਕਾਰ ਕੋਈ ਸੰਖੇਪ ਬਿ੍ਜ ਕੋਰਸ ਕਰਵਾ ਕੇ ਮੁੱਢਲੀਆਂ ਸਿਹਤ ਸੇਵਾਵਾਂ ਲਈ ਹੈਲਥ ਕੇਅਰ ਪ੍ਰੋਵਾਇਡਰ ਵਜੋਂ ਅਧਿਕਾਰਿਤ ਕਰੇ ਤਾਂ ਜੋ ਇਸ ਕਿੱਤੇ ਨਾਲ ਜੁੜੇ ਲੱਖਾਂ ਲੋਕਾਂ ਦਾ ਸਵੈਰੋਜ਼ਗਾਰ ਬਚ ਸਕੇ ਅਤੇ ਲੱਖਾਂ ਪਰਿਵਾਰਕ ਮੈਂਬਰਾਂ ਦਾ ਉਜਾੜਾ ਅਤੇ ਸੇਵਾਵਾਂ ਲੈਣ ਵਾਲੇ ਲੱਖਾਂ ਲੋਕਾਂ ਨੂੰ ਮਿਲ ਰਹੀਆਂ ਸਸਤੀਆਂ ਸੇਵਾਵਾਂ ਵੀ ਜਾਰੀ ਰਹਿ ਸਕਣ, ਅਤੇ ਸਰਕਾਰ ਵਲੋਂ ਲੋਕ ਹਿਤ 'ਚ ਦਿੱਤੀਆਂ ਜਾ ਰਹੀਆਂ ਸਿਹਤ ਸਕੀਮਾਂ ਵੀ ਪ੍ਰਭਾਵਿਤ ਨਾ ਹੋਣ ਅਤੇ ਸਰਕਾਰ ਦੇ ਘਰ-ਘਰ ਰੁਜ਼ਗਾਰ ਅਤੇ ਸਿਹਤ ਸੇਵਾਵਾਂ ਦੇਣ ਦੇ ਉਦੇਸ਼ ਦੀ ਪੂਰਤੀ ਵੀ ਹੋ ਸਕੇ | ਸਬ ਕਮੇਟੀ ਅੱਗੇ ਪੇਸ਼ ਕੀਤੇ ਦਸਤਾਵੇਜ਼ਾਂ ਨੂੰ ਗੰਭੀਰਤਾ ਨਾਲ ਵਿਚਾਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਿਹਤ ਮੰਤਰੀ ਡਾ. ਬਲਵੀਰ ਸਿੰਘ ਵਲੋਂ ਇਸ ਸਬੰਧੀ ਸਾਰਥਕ ਹੁੰਗਾਰਾ ਭਰਦਿਆਂ ਜਲਦੀ ਹੀ ਇਹ ਕੋਰਸ ਸ਼ੁਰੂ ਕਰਨ ਦੀ ਯੋਜਨਾ ਨੂੰ ਪੂਰਾ ਕਰਨ ਲਈ ਹਾਜ਼ਰ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਤਾਂ ਜੋ ਪੰਜਾਬ 'ਚ ਸੇਵਾਵਾਂ ਨਿਭਾ ਰਹੇ ਡੇਢ ਲੱਖ ਹੈਲਥ ਕੇਅਰ ਪ੍ਰੌਵਾਈਡਰਾਂ ਦੇ ਰੁਜ਼ਗਾਰ ਨੂੰ ਕੋਈ ਆਂਚ ਨਾ ਆਵੇ ਅਤੇ ਉਨ੍ਹਾਂ ਦਾ ਮਾਨ ਸਨਮਾਨ ਵੀ ਬਰਕਰਾਰ ਰਹਿ ਸਕੇ |