ਮਾਛੀਵਾੜਾ ਸਾਹਿਬ, 23 ਅਪ੍ਰੈਲ (ਰਾਜਦੀਪ ਸਿੰਘ ਅਲਬੇਲਾ)-ਸ਼ੋ੍ਰਮਣੀ ਸ਼ਹੀਦ ਭਾਈ ਮਨੀ ਸਿੰਘ ਦੁਲੋਂ ਪੰਥ ਦੇ ਮੁਖੀ ਜਥੇਦਾਰ ਪ੍ਰਤਾਪ ਸਿੰਘ ਢੁੱਡਾ ਮਾਛੀਵਾੜਾ ਸਾਹਿਬ ਵਿਖੇ ਸਾਬਕਾ ਕੌਂਸਲਰ ਤੇ 'ਆਪ' ਆਗੂ ਗੁਰਨਾਮ ਸਿੰਘ ਖ਼ਾਲਸਾ ਦੇ ਗ੍ਰਹਿ ਵਿਖੇ ਪੁੱਜੇ ਜਿੱਥੇ ਉਨ੍ਹਾਂ ਮੌਜੂਦਾ ਰਾਜਨੀਤਿਕ, ਧਾਰਮਿਕ ਤੇ ਸਮਾਜਿਕ ਗਤੀਵਿਧੀਆਂ ਬਾਰੇ ਵਿਚਾਰ ਵਟਾਂਦਰਾ ਕੀਤਾ | ਜਥੇਦਾਰ ਵੱਲੋਂ ਪੰਜਾਬ ਸਰਕਾਰ ਦੁਆਰਾ ਬੇਅਦਬੀਆਂ ਰੋਕਣ ਲਈ ਬਣਾਏ ਗਏ ਕਾਨੂੰਨ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ 'ਆਪ' ਸਰਕਾਰ ਦਾ ਧੰਨਵਾਦ ਪ੍ਰਗਟ ਕੀਤਾ ਅਤੇ ਕਿਹਾ ਕਿ ਅਜਿਹੇ ਕਾਨੂੰਨ ਬਣਨ ਦੇ ਨਾਲ ਧਾਰਮਿਕ ਗ੍ਰੰਥਾਂ ਦੀਆਂ ਬੇਅਦਬੀਆਂ ਜ਼ਰੂਰ ਰੁਕਣਗੀਆਂ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਇਸ ਤਰ੍ਹਾਂ ਦੇ ਕਾਨੂੰਨ ਬਣਾਉਣ ਤੇ ਸਮਾਜ ਨੂੰ ਇੱਕ ਨਵੀਂ ਸੇਧ ਮਿਲੇਗੀ ਅਤੇ ਸ਼ਰਾਰਤੀ ਅਨਸਰਾਂ ਨੂੰ ਕਾਬੂ ਕਰਨ 'ਚ ਸਹਾਇਤਾ ਮਿਲੇਗੀ | ਉਨ੍ਹਾਂ ਕਿਹਾ ਕਿ ਬੇਅਦਬੀਆਂ ਰੋਕਣ ਲਈ ਹਰ ਉਪਰਾਲਾ ਸ਼ਲਾਘਾਯੋਗ ਹੈ ਅਤੇ ਮੌਜੂਦਾ ਸਮੇਂ ਬੇਅਦਬੀਆਂ ਰੋਕਣ ਲਈ ਕਾਨੂੰਨ ਬਣਾਏ ਜਾਣ ਦੀ ਸਖ਼ਤ ਲੋੜ ਸੀ ਅਤੇ ਇਸ ਲਈ ਜਿੱਥੇ ਸਰਕਾਰ ਧੰਨਵਾਦ ਦੀ ਪਾਤਰ ਹੈ ਉੱਥੇ ਹੀ ਸਮਾਜ 'ਚ ਸ਼ਰਾਰਤੀ ਅਨਸਰਾਂ ਨੂੰ ਇੱਕ ਨਵਾਂ ਸਬਕ ਮਿਲੇਗਾ | ਇਸ ਮੌਕੇ ਉਨ੍ਹਾਂ ਸਾਬਕਾ ਕੌਂਸਲਰ ਗੁਰਨਾਮ ਸਿੰਘ ਖ਼ਾਲਸਾ ਵਲੋਂ ਧਾਰਮਿਕ ਪ੍ਰੋਗਰਾਮਾਂ 'ਚ ਦਿੱਤੇ ਜਾਂਦੇ ਯੋਗਦਾਨ ਦੀ ਵੀ ਖੂਬ ਪ੍ਰਸੰਸਾ ਕੀਤੀ |