ਜਗਰਾਉਂ, 28 ਅਪ੍ਰੈਲ (ਹਰਵਿੰਦਰ ਸਿੰਘ ਖ਼ਾਲਸਾ)-ਇਲਾਕੇ ਵਿਚ ਵੱਧ ਰਹੇ ਬਿਜਲੀ ਕੱਟਾਂ ਤੋਂ ਤੰਗ ਆਮ ਲੋਕਾਂ ਅਤੇ ਵਪਾਰੀਆਂ ਦੀ ਸਮੱਸਿਆ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵਲੋਂ 30 ਅਪ੍ਰੈਲ ਨੂੰ ਐਕਸੀਅਨ ਦਫ਼ਤਰ ਜਗਰਾਉਂ ਧਰਨਾ ਦਿੱਤਾ ਜਾਵੇਗਾ | ਪਾਰਟੀ ਦੇ ਕੋਰ ਕਮੇਟੀ ਮੈਂਬਰ ਅਤੇ ਸਾਬਕਾ ਵਿਧਾਇਕ ਐੱਸ.ਆਰ. ਕਲੇਰ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਲਗਾਤਾਰ ਲੱਗ ਰਹੇ ਬਿਜਲੀ ਕੱਟਾਂ ਕਾਰਨ ਲੋਕਾਂ ਵਿਚ ਸਖ਼ਤ ਰੋਸ ਦੇਖਣ ਨੂੰ ਮਿਲ ਰਿਹਾ ਹੈ ਤੇ ਰੋਜ਼ਮਰ੍ਹਾ ਜ਼ਿੰਦਗੀ ਬੇਹੱਦ ਪ੍ਰਭਾਵਿਤ ਹੋ ਰਹੀ ਹੈ | ਗਰਮੀ ਦੇ ਮੌਸਮ ਵਿਚ ਇਹ ਸਮੱਸਿਆ ਹੋਰ ਵੀ ਗੰਭੀਰ ਹੋ ਗਈ ਹੈ, ਜਿਸ ਕਰਕੇ ਲੋਕ ਵੱਡੀ ਸਮੱਸਿਆ ਨਾਲ ਜੂਝ ਰਹੇ ਹਨ | ਉਨ੍ਹਾਂ ਦੱਸਿਆ ਕਿ ਇਹ ਧਰਨਾ 30 ਅਪ੍ਰੈਲ ਨੂੰ ਸਵੇਰੇ 10 ਵਜੇ ਐਕਸੀਅਨ ਦਫ਼ਤਰ ਜਗਰਾਉਂ ਵਿਖੇ ਦਿੱਤਾ ਜਾਵੇਗਾ | ਧਰਨੇ ਦੌਰਾਨ ਸਰਕਾਰ ਅਤੇ ਬਿਜਲੀ ਵਿਭਾਗ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਜਾਵੇਗੀ ਅਤੇ ਮੰਗ ਕੀਤੀ ਜਾਵੇਗੀ ਕਿ ਤੁਰੰਤ ਬਿਜਲੀ ਸਪਲਾਈ ਸੁਚਾਰੂ ਬਣਾਈ ਜਾਵੇ | ਸ੍ਰੀ ਕਲੇਰ ਨੇ ਇਲਾਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਵੱਡੀ ਗਿਣਤੀ ਵਿਚ ਧਰਨੇ ਵਿਚ ਸ਼ਾਮਿਲ ਹੋ ਕੇ ਆਪਣੀ ਆਵਾਜ਼ ਬੁਲੰਦ ਕਰਨ ਤਾਂ ਜੋ ਸਰਕਾਰ ਨੂੰ ਲੋਕਾਂ ਦੀ ਸਮੱਸਿਆ ਦਾ ਅਹਿਸਾਸ ਕਰਵਾਇਆ ਜਾ ਸਕੇ | ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਸਾਬਕਾ ਸੀਨੀਅਰ ਮੀਤ ਪ੍ਰਧਾਨ ਦਵਿੰਦਰਜੀਤ ਸਿੰਘ ਸਿੱਧੂ, ਸਰਕਲ ਪ੍ਰਧਾਨ ਪਰਮਿੰਦਰ ਸਿੰਘ ਚੀਮਾ, ਸਰਕਲ ਪ੍ਰਧਾਨ ਸ਼ਿਵਰਾਜ ਸਿੰਘ ਸਰਪੰਚ, ਸਰਕਲ ਪ੍ਰਧਾਨ ਮਨਦੀਪ ਸਿੰਘ ਗਾਲਿਬ, ਸਰਕਲ ਪ੍ਰਧਾਨ ਕੁਲਦੀਪ ਸਿੰਘ ਗਿੱਦੜਵਿੰਡੀ, ਸਰਕਲ ਪ੍ਰਧਾਨ ਸਰਪ੍ਰੀਤ ਸਿੰਘ ਕਾਉਂਕੇ, ਸਰਕਲ ਪ੍ਰਧਾਨ ਰਣਧੀਰ ਸਿੰਘ ਚਕਰ, ਪ੍ਰਧਾਨ ਜੱਗਾ ਸੇਖੋਂ ਕਾਉਂਕੇ, ਜਸਪ੍ਰੀਤ ਚੀਮਾ, ਅਮਨਾ ਗਿੱਦੜਵਿੰਡੀ, ਗੋਰਾ ਕਾਉਂਕੇ ਆਦਿ ਹਾਜ਼ਰ ਸਨ |