ਰਾਏਕੋਟ, 2 ਮਈ (ਸੁਸ਼ੀਲ)-ਬੀਤੇ ਦਿਨੀਂ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਜ਼ਿਲਾ ਲੁਧਿਆਣਾ-ਇਕਾਈ-1 ਵਲੋਂ ਅੱਜ ਜ਼ਿਲਾ ਪ੍ਰਧਾਨ ਗੁਰਜੀਤ ਸਿੰਘ ਗਿੱਲ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਪੇਂਡੂ ਖੇਤਰਾਂ ਵਿਚ ਲੱਗ ਰਹੇ ਬਿਜਲੀ ਕੱਟਾਂ ਦੇ ਵਿਰੋਧ ਵਿਚ ਪਾਵਰਕਾਮ ਦੇ ਉੱਚ ਅਧਿਕਾਰੀਆਂ ਨੂੰ ਇਕ ਮੰਗ ਪੱਤਰ ਸੌਂਪਿਆ ਗਿਆ | ਇਹ ਮੰਗ ਪੱਤਰ ਐੱਸ.ਈ. ਲੁਧਿਆਣਾ ਰਾਹੀਂ ਪਾਵਰਕਾਮ ਦੇ ਚੇਅਰਮੈਨ ਦੇ ਨਾਂਅ ਦਿੱਤਾ ਗਿਆ | ਇਸ ਬਾਰੇ ਗੱਲਬਾਤ ਕਰਦੇ ਹੋਏ ਜ਼ਿਲਾ ਪ੍ਰਧਾਨ ਗੁਰਜੀਤ ਸਿੰਘ ਗਿੱਲ ਨੇ ਦੱਸਿਆ ਕਿ ਇਸ ਮੰਗ ਪੱਤਰ ਰਾਹੀਂ ਜਥੇਬੰਦੀ ਵਲੋਂ ਮੰਗ ਕੀਤੀ ਗਈ ਕਿ ਪਿੰਡਾਂ ਵਿਚ ਲੱਗ ਰਹੇ ਬਿਜਲੀ ਕੱਟਾਂ ਨੂੰ ਤੁਰੰਤ ਬੰਦ ਕਰਕੇ 24 ਘੰਟੇ ਨਿਰਵਿਘਨ ਸਪਲਾਈ ਯਕੀਨੀ ਬਣਾਈ ਜਾਵੇ | ਸਬਜ਼ੀਆਂ, ਹਰਾ ਚਾਰਾ ਅਤੇ ਸਾਉਣੀ ਦੀਆਂ ਹੋਰ ਫ਼ਸਲਾਂ ਦੀ ਸਿੰਚਾਈ ਲਈ ਦਿਨ ਦੇ ਸਮੇਂ ਲਗਾਤਾਰ 8 ਘੰਟੇ ਬਿਜਲੀ ਸਪਲਾਈ ਦਿੱਤੀ ਜਾਵੇ | ਬਿਜਲੀ ਸਪਲਾਈ ਨੂੰ ਸੁਚਾਰੂ ਰੱਖਣ ਲਈ ਵਿਭਾਗ ਵਲੋਂ ਲੋੜੀਂਦੀ ਵਾਧੂ ਬਿਜਲੀ ਦਾ ਪ੍ਰਬੰਧ ਕੀਤਾ ਜਾਵੇ | ਬਿਜਲੀ ਸਪਲਾਈ ਦੌਰਾਨ ਕਿਸੇ ਵੀ ਤਕਨੀਕੀ ਨੁਕਸ ਪੈਣ ਦੀ ਸੂਰਤ ਵਿਚ ਉਸ ਦੀ ਤੁਰੰਤ ਮੁਰੰਮਤ ਕਰਕੇ ਸਪਲਾਈ ਬਹਾਲ ਕੀਤੀ ਜਾਵੇ | ਜ਼ਿਲਾ ਪ੍ਰਧਾਨ ਗੁਰਜੀਤ ਸਿੰਘ ਗਿੱਲ ਨੇ ਕਿਹਾ ਕਿ ਗਰਮੀ ਦੇ ਸੀਜ਼ਨ ਅਤੇ ਫ਼ਸਲਾਂ ਦੀ ਲੋੜ ਨੂੰ ਮੁੱਖ ਰੱਖਦਿਆਂ ਬਿਜਲੀ ਦੀ ਨਿਰਵਿਘਨ ਸਪਲਾਈ ਬਹੁਤ ਜ਼ਰੂਰੀ ਹੈ | ਉਨਾਂ ਚਿਤਾਵਨੀ ਦਿੱਤੀ ਕਿ ਜੇਕਰ ਇਨਾਂ ਮੰਗਾਂ ਵੱਲ ਤੁਰੰਤ ਧਿਆਨ ਨਾ ਦਿੱਤਾ ਗਿਆ ਤਾਂ ਕਿਸਾਨ ਸੰਘਰਸ਼ ਤੇਜ਼ ਕਰਨ ਲਈ ਮਜਬੂਰ ਹੋਣਗੇ | ਇਸ ਮੌਕੇ ਉਨਾਂ ਨਾਲ ਅਮਨਦੀਪ ਸਿੰਘ, ਕੁਲਵਿੰਦਰ ਸਿੰਘ, ਜਗਪ੍ਰੀਤ ਸਿੰਘ, ਚਰਨਕਮਲ ਸਿੰਘ ਅਤੇ ਹੋਰ ਕਿਸਾਨ ਆਗੂ ਵੀ ਹਾਜ਼ਰ ਸਨ |