ਰਾਏਕੋਟ, 12 ਮਈ (ਬਲਵਿੰਦਰ ਸਿੰਘ ਲਿੱਤਰ)-ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਿਸ਼ਾਹੀ ਦਸਵੀਂ ਰਾਏਕੋਟ ਵਿਖੇ ਸ਼੍ਰੋਮਣੀ ਅਕਾਲੀ ਦਲ ਵਲੋਂ ਨਗਰ ਕੌਂਸਲ ਚੋਣਾਂ ਸਬੰਧੀ ਮੀਟਿੰਗ ਹਲਕਾ ਇੰਚਾਰਜ ਬਲਵਿੰਦਰ ਸਿੰਘ ਸੰਧੂ ਦੀ ਅਗਵਾਈ ਹੇਠ ਕੀਤੀ ਗਈ | ਮੀਟਿੰਗ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਚੰਦ ਸਿੰਘ ਡੱਲਾ ਅਤੇ ਜਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ਚੰਦ ਸਿੰਘ ਡੱਲਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਲੜੀਵਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ | ਇਸ ਮੌਕੇ ਹਲਕਾ ਇੰਚਾਰਜ ਬਲਵਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਨਗਰ ਕੌਂਸਲ ਚੋਣਾਂ ਵਿਚ 15 ਵਾਰਡਾਂ ਲਈ ਪੜ੍ਹੇ-ਲਿਖੇ ਅਤੇ ਸੂਝਵਾਨ ਉਮੀਦਵਾਰਾਂ ਨੂੰ ਚੋਣ ਮੈਦਾਨ ਵਿਚ ਉਤਾਰਿਆ ਜਾਵੇਗਾ | ਉਨ੍ਹਾਂ ਆਖਿਆ ਕਿ ਹਰੇਕ ਵਾਰਡ ਵਿਚ ਚੋਣ ਲੜ੍ਹਨ ਦੇ ਚਾਹਵਾਨ ਦੀ ਵੱਡੀ ਲਿਸਟ ਹੈ, ਜਿਸ ਵਿਚ ਨੌਜਵਾਨਾਂ ਅਤੇ ਸਾਫ਼-ਸੁਥਰੀ ਸੋਚ ਵਾਲੇ ਲੋਕਾਂ ਨੂੰ ਚੋਣ ਮੈਦਾਨ ਵਿੱਚ ਅੱਗੇ ਲਿਆ ਕੇ ਰਾਏਕੋਟ ਦੇ ਵਿਕਾਸ ਨੂੰ ਨਵੀਂ ਦਿਸ਼ਾ ਦਿੱਤੀ ਜਾਵੇਗੀ | ਇਸ ਮੌਕੇ ਬਲਵਿੰਦਰ ਸਿੰਘ ਸੰਧੂ ਨੇ ਜਾਣਕਾਰੀ ਦਿੱਤੀ ਕਿ ਅੱਜ 13 ਮਈ ਦਿਨ ਬੁੱਧਵਾਰ ਨੂੰ ਨਗਰ ਕੌਂਸਲ ਰਾਏਕੋਟ ਦੇ ਸਾਬਕਾ ਪ੍ਰਧਾਨ ਅਮਨਦੀਪ ਸਿੰਘ ਗਿੱਲ ਦੇ ਗ੍ਰਹਿ ਰਾਏਕੋਟ ਵਿਖੇ ਦੁਪਹਿਰ 3 ਵਜੇ ਦੇ ਕਰੀਬ ਸ਼ਹਿਰ ਦੇ 15 ਵਾਰਡਾਂ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰਕੇ ਚੋਣ ਲੜ੍ਹਨ ਲਈ ਹਰੀ ਝੰਡੀ ਦੇ ਦਿੱਤੀ ਜਾਵੇਗੀ | ਇਸ ਮੌਕੇ ਸਰਕਲ ਸ਼ਹਿਰੀ ਪ੍ਰਧਾਨ ਅਮਨਦੀਪ ਸਿੰਘ ਗਿੱਲ, ਜਥੇਦਾਰ ਗੁਰਮੇਲ ਸਿੰਘ ਆਂਡਲੂ ਕੋਆਰਡੀਨੇਟਰ ਹਲਕਾ ਰਾਏਕੋਟ, ਪ੍ਰਭਜੋਤ ਸਿੰਘ ਧਾਲੀਵਾਲ ਮੁੱਖ ਬੁਲਾਰਾ ਯੂਥ ਅਕਾਲੀ ਦਲ, ਸੁਖਰਾਜ ਸਿੰਘ ਮਹੇਰਨਾਂ ਪ੍ਰਧਾਨ ਸਰਕਲ ਪੱਖੋਵਾਲ, ਸਾਬਕਾ ਸਰਪੰਚ ਡਾ: ਸੁਖਦੇਵ ਸਿੰਘ ਕੇਡੀ ਗੋਬਿੰਦਗੜ੍ਹ, ਡਾ: ਰਵਿੰਦਰ ਸਿੰਘ ਟੂਸਾ, ਗੁਰਚਰਨ ਸਿੰਘ ਡੱਲਾ, ਰਾਮਦੀਪ ਸਿੰਘ, ਹਰਪ੍ਰੀਤ ਸਿੰਘ, ਸਨੀ ਰਾਏਕੋਟ ਆਦਿ ਹਾਜ਼ਰ ਸਨ |