ਹਠੂਰ, 12 ਮਈ (ਜਸਵਿੰਦਰ ਸਿੰਘ ਛਿੰਦਾ)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਰਿਯਾਦਾ ਅਤੇ ਸੁਰੱਖਿਆ ਨੂੰ ਧਿਆਨ 'ਚ ਰੱਖਕੇ ਬਣਾਇਆ ਕਾਨੂੰਨ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਦਿਸ਼ਾ-ਨਿਰਦੇਸ਼ ਹੇਠ ਸੋਧ ਕਰਕੇ ਦੁਬਾਰਾ ਕਾਨੂੰਨ ਹੋਂਦ 'ਚ ਲਿਆਂਦਾ ਜਾਵੇ ਤਾਂ ਜੋ ਸਿੱਖ ਸੰਗਤਾਂ ਦੇ ਮਨਾਂ ਵਿਚ ਕੋਈ ਦੁਬਿਧਾ ਨਾ ਰਹੇ | ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਚੰਦ ਸਿੰਘ ਡੱਲਾ, ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਅਮਰਜੀਤ ਸਿੰਘ ਰਸੂਲਪੁਰ, ਸਰਕਲ ਜੱਥੇਦਾਰ ਪ੍ਰਮਿੰਦਰ ਸਿੰਘ ਚੀਮਾ, ਸਾਬਕਾ ਸਰਕਲ ਜਥੇਦਾਰ ਮਲਕੀਤ ਸਿੰਘ ਹਠੂਰ, ਪ੍ਰਧਾਨ ਬੂਟਾ ਸਿੰਘ ਭੰਮੀਪੁਰਾ, ਯੂਥ ਆਗੂ ਹਰਦੀਪ ਸਿੰਘ ਸੰਧੂ ਮਾਣੂੰਕੇ ਨੇ 'ਅਜੀਤ' ਨਾਲ ਵਿਸ਼ੇਸ਼ ਤੌਰ 'ਤੇ ਗੱਲਬਾਤ ਕਰਦਿਆਂ ਕੀਤਾ | ਆਗੂਆਂ ਨੇ ਕਿਹਾ ਕਿ ਭਾਵੇਂ ਇਹ ਕਾਨੂੰਨ ਬਣਾਉਣਾ ਸਮੇਂ ਦੀ ਵੱਡੀ ਲੋੜ ਹੈ ਅਤੇ ਪੰਜਾਬ ਸਰਕਾਰ ਨੇ ਇਸ ਨੂੰ ਬਣਾਇਆ ਹੈ, ਪਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਬਣਾਇਆ ਜਾਂਦਾ ਤਾਂ ਇਸ ਵਿਚ ਕਮੀਆਂ ਨਾ ਰਹਿੰਦੀਆਂ, ਜੋ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਸਾਰੀਆਂ ਸਿੱਖ ਸੰਗਤਾਂ ਦੇ ਸਾਹਮਣੇ ਰੱਖ ਦਿੱਤੀਆਂ ਹਨ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇਕ ਨੀਤੀ ਨਾਲ ਇਹ ਕਾਨੂੰਨ ਲਾਗੂ ਕਰਨਾ ਚਾਹੁੰਦੀ ਹੈ ਤਾਂ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੀਆਂ ਹਿਦਾਇਤਾਂ ਅਨੁਸਾਰ ਮੁੜ ਸੋਧ ਕੇ ਕਾਨੂੰਨ ਬਣਾਵੇ ਅਤੇ ਲਾਗੂ ਕਰੇ |