ਰਾਏਕੋਟ, 15 ਮਈ (ਸੁਸ਼ੀਲ)-ਸ਼੍ਰੋਮਣੀ ਅਕਾਲੀ ਦਲ ਦੇ ਲੋਕ ਸਭਾ ਹਲਕਾ ਫਤਹਿਗੜ੍ਹ ਸਾਹਿਬ ਦੇ ਇੰਚਾਰਜ ਅਤੇ ਸਾਬਕਾ ਸੰਸਦੀ ਸਕੱਤਰ ਬਿਕਰਮਜੀਤ ਸਿੰਘ ਖ਼ਾਲਸਾ ਵਲੋਂ ਅੱਜ ਰਾਏਕੋਟ ਦੇ ਡੀ.ਐੱਸ.ਪੀ. ਮੁਰਾਦ ਜਸਵੀਰ ਸਿੰਘ ਗਿੱਲ ਨਾਲ ਇਕ ਵਿਸ਼ੇਸ਼ ਮੁਲਾਕਾਤ ਕੀਤੀ ਗਈ | ਮੀਟਿੰਗ ਦੌਰਾਨ ਜਿੱਥੇ ਇਲਾਕੇ ਦੀ ਅਮਨ-ਕਾਨੂੰਨ ਦੀ ਸਥਿਤੀ 'ਤੇ ਗੱਲਬਾਤ ਹੋਈ, ਉੱਥੇ ਹੀ ਮੁੱਖ ਤੌਰ 'ਤੇ ਆਗਾਮੀ ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧਾਂ ਅਤੇ ਹੋਰ ਅਹਿਮ ਨੁਕਤਿਆਂ 'ਤੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ | ਮੁਲਾਕਾਤ ਤੋਂ ਬਾਅਦ ਗੱਲਬਾਤ ਕਰਦਿਆਂ ਖ਼ਾਲਸਾ ਨੇ ਦੱਸਿਆ ਕਿ ਨਗਰ ਕੌਂਸਲ ਚੋਣਾਂ ਲੋਕਤੰਤਰ ਦਾ ਇਕ ਅਹਿਮ ਹਿੱਸਾ ਹਨ | ਉਨ੍ਹਾਂ ਨੇ ਡੀ.ਐੱਸ.ਪੀ. ਰਾਏਕੋਟ ਨੂੰ ਅਪੀਲ ਕੀਤੀ ਕਿ ਚੋਣਾਂ ਦੌਰਾਨ ਹਲਕੇ ਅੰਦਰ ਅਮਨ-ਸ਼ਾਂਤੀ ਅਤੇ ਨਿਰਪੱਖ ਮਾਹੌਲ ਨੂੰ ਹਰ ਕੀਮਤ 'ਤੇ ਬਰਕਰਾਰ ਰੱਖਿਆ ਜਾਵੇ ਤਾਂ ਜੋ ਹਰ ਵੋਟਰ ਬਿਨ੍ਹਾਂ ਕਿਸੇ ਡਰ ਜਾਂ ਦਬਾਅ ਦੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਸਕੇ | ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਚੋਣਾਂ ਦੌਰਾਨ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਜਾਣ ਤਾਂ ਜੋ ਕੋਈ ਵੀ ਸ਼ਰਾਰਤੀ ਅਨਸਰ ਮਾਹੌਲ ਖ਼ਰਾਬ ਨਾ ਕਰ ਸਕੇ | ਉਨ੍ਹਾਂ ਦੱਸਿਆ ਕਿ ਡੀ.ਐੱਸ.ਪੀ. ਮੁਰਾਦ ਜਸਵੀਰ ਸਿੰਘ ਗਿੱਲ ਨੇ ਉਨ੍ਹਾਂ ਨੂੰ ਭਰੋਸਾ ਦਵਾਇਆ ਕਿ ਆਗਾਮੀ ਚੋਣਾਂ ਨੂੰ ਸ਼ਾਂਤੀਪੂਰਵਕ ਅਤੇ ਪਾਰਦਰਸ਼ੀ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਪੁਲਿਸ ਵਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਜਾਣਗੇ |