ਹੰਬੜਾਂ, 24 ਮਈ (ਮੇਜਰ ਹੰਬੜਾਂ)-ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ: 31) ਦੇ ਸੂਬਾ ਆਗੂ ਗੁਰਿੰਦਰ ਸਿੰਘ ਮੋਮੀ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਕੁਤਬੇਵਾਲ, ਜ਼ਿਲ੍ਹਾ ਜਨਰਲ ਸਕੱਤਰ ਚਰਨ ਸਿੰਘ ਗੌਂਸਪੁਰ ਅਤੇ ਸਰਕਲ ਪ੍ਰਧਾਨ ਗੁਰਵਿੰਦਰ ਸਿੰਘ ਫਾਗਲਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗੁਵਾਈ ਵਾਲੀ ਸੂਬਾ ਸਰਕਾਰ ਨੂੰ ਚਿਤਾਵਨਾਂ ਦਿੰਦਿਆਂ ਕਿਹਾ ਕਿ ਯੂਨੀਅਨ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੀ ਕੋਠੀ ਦਾ ਘਿਰਾਓ ਕਰਨ ਅਤੇ ਪਟਿਆਲਾ ਦਫ਼ਤਰ ਦਾ ਘਿਰਾਓ ਕਰਕੇ ਪੱਕਾ ਮੋਰਚਾ ਲਗਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਕੈਬਨਿਟ-ਸਬ-ਕਮੇਟੀ ਦੇ ਚੇਅਰਮੈਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਨਾਲ ਮੀਟਿੰਗ 19 ਮਈ 2026 ਨੂੰ ਪੰਜਾਬ ਭਵਨ, ਚੰਡੀਗੜ੍ਹ ਵਿਖੇ ਤੈਅ ਹੋਈ ਸੀ ਅਤੇ ਜਿਸ ਵਿੱਚ ਕੈਬਨਿਟ-ਸਬ-ਕਮੇਟੀ ਵੱਲੋਂ ਈ.ਪੀ.ਐੱਫ., ਈ.ਐਸ.ਆਈ.ਸੀ. ਸਮੇਤ ਤਮਾਮ ਸਹੂਲਤਾਂ ਦਾ ਪ੍ਰਬੰਧ ਕਰਨ ਵਾਲੀ ਪਾਲਸੀ ਅਧੀਨ ਇਨਲਿਸਟਮੈਂਟ ਅਤੇ ਆਊਟਸੋਰਸ ਵਰਕਰਾਂ ਦਾ ਪੱਕਾ ਰੁਜ਼ਗਾਰ ਕਰਨ ਲਈ ਨੋਟੀਫਿਕੇਸ਼ਨ ਜਾਰੀ ਕਰਨ ਦਾ ਵਾਅਦਾ ਕੀਤਾ ਗਿਆ ਸੀ, ਪਰ 18 ਮਈ ਨੂੰ ਚੋਣਾਂ ਦਾ ਬਹਾਨਾ ਬਣਾ ਕੇ ਇਹ ਮੀਟਿੰਗ ਕੈਂਸਲ ਕਰ ਦਿੱਤੀ ਗਈ ਹੈ, ਜਿਸ ਦੇ ਚਲਦੇ ਵਰਕਰਾਂ ਵਲੋਂ ਮਜਬੂਰੀ ਵੱਸ ਆਪਣੇ ਕੱਚੇ-ਪਿੱਲੇ ਰੁਜ਼ਗਾਰ ਨੂੰ ਬਚਾਉਣ ਲਈ ਸੰਘਰਸ਼ ਦਾ ਰਸਤਾ ਅਪਣਾਇਆ ਹੈ | ਪ੍ਰਧਾਨ ਕੁਤਬੇਵਾਲ ਨੇ ਕਿਹਾ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31) ਵੱਲੋਂ 28 ਮਈ ਤੋਂ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਦੀ ਕੋਠੀ ਅਤੇ ਵਿਭਾਗ ਦੇ ਹੈੱਡ ਆਫ਼ਿਸ ਪਟਿਆਲਾ ਦਾ ਘਿਰਾਓ ਕਰਕੇ ਵਰਕਰਾਂ ਵੱਲੋਂ ਆਪਣੇ ਪਰਿਵਾਰ-ਬੱਚਿਆਂ ਸਮੇਤ ਲਗਾਤਾਰ ਮੋਰਚਾ ਲਗਾਇਆ ਜਾਵੇਗਾ |