ਜਗਰਾਉਂ, 24 ਮਈ (ਸ਼ਮਸ਼ੇਰ ਸਿੰਘ ਗਾਲਿਬ)-ਗੁਰਦੁਆਰਾ ਨਾਨਕਪੁਰਾ ਮੋਰੀ ਗੇਟ ਵਿਖੇ ਚੋਣ ਮੁਹਿੰਮ ਦੌਰਾਨ ਦੋ ਧਿਰਾਂ ਵਿਚਕਾਰ ਹੋਈ ਝੜਪ ਦੌਰਾਨ ਗੁਰੂ ਘਰ ਅੰਦਰ ਲੱਗੇ ਸੀ.ਸੀ.ਟੀ.ਵੀ ਕੈਮਰੇ ਤੋੜੇ ਜਾਣ ਦੀ ਘਟਨਾ ਸਾਹਮਣੇ ਆਈ ਹੈ, ਜਿਸ ਕਾਰਨ ਸਿੱਖ ਸੰਗਤਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਜਾਣਕਾਰੀ ਅਨੁਸਾਰ ਘਟਨਾ ਉਸ ਵੇਲੇ ਵਾਪਰੀ ਜਦੋਂ ਗੁਰਦੁਆਰਾ ਸਾਹਿਬ ਅੰਦਰ ਸ਼ਰਧਾਲੂਆਂ ਵਲੋਂ ਸ਼ਾਂਤੀਪੂਰਵਕ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਜਾ ਰਹੇ ਸਨ | ਸੰਗਤਾਂ ਦਾ ਕਹਿਣਾ ਹੈ ਕਿ ਗੁਰੂ ਘਰ ਵਰਗੇ ਪਵਿੱਤਰ ਅਸਥਾਨ ਵਿਚ ਇਸ ਤਰ੍ਹਾਂ ਦੀ ਘਟਨਾ ਬਹੁਤ ਮੰਦਭਾਗੀ ਹੈ, ਕਿਉਂਕਿ ਗੁਰਦੁਆਰਾ ਸਾਹਿਬ ਸਿਰਫ਼ ਧਾਰਮਿਕ ਅਸਥਾਨ ਨਹੀਂ ਸਗੋਂ ਲੋਕਾਂ ਦੀ ਆਸਥਾ ਅਤੇ ਸਤਿਕਾਰ ਦਾ ਕੇਂਦਰ ਹੈ | ਕੈਮਰਿਆਂ ਨੂੰ ਨੁਕਸਾਨ ਪਹੁੰਚਾਉਣ ਦੀ ਘਟਨਾ ਨੂੰ ਸੰਗਤਾਂ ਨੇ ਗੁਰੂ ਘਰ ਦੀ ਮਰਿਯਾਦਾ ਦੇ ਖ਼ਿਲਾਫ਼ ਦੱਸਿਆ ਹੈ | ਇਸ ਮਾਮਲੇ 'ਤੇ ਪ੍ਰਤੀਕਿਰਿਆ ਦਿੰਦਿਆਂ ਦਸਮੇਸ਼ ਤਰਨਾ ਦਲ ਦੇ ਸੇਵਾਦਾਰ ਤਰੁਣਪ੍ਰੀਤ ਸਿੰਘ ਨੇ ਕਿਹਾ ਕਿ ਇਸ ਘਟਨਾ ਨਾਲ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ | ਉਨ੍ਹਾਂ ਦੋਵੇਂ ਰਾਜਨੀਤਿਕ ਧਿਰਾਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜਿਨ੍ਹਾਂ ਦੇ ਸਮੱਰਥਕਾਂ ਦੀ ਇਸ ਘਟਨਾ ਵਿੱਚ ਭੂਮਿਕਾ ਸਾਹਮਣੇ ਆਉਂਦੀ ਹੈ, ਉਹ ਗੁਰੂ ਘਰ ਦੇ ਕੈਮਰੇ ਭੰਨਣ ਲਈ ਸੰਗਤਾਂ ਕੋਲੋਂ ਜਨਤਕ ਤੌਰ 'ਤੇ ਮੁਆਫ਼ੀ ਮੰਗਣ | ਉਨ੍ਹਾਂ ਕਿਹਾ ਕਿ ਜੇਕਰ ਦੋਵੇਂ ਧਿਰਾਂ ਵੱਲੋਂ ਮੁਆਫ਼ੀ ਨਹੀਂ ਮੰਗੀ ਜਾਂਦੀ ਤਾਂ ਸਿੱਖ ਜਥੇਬੰਦੀਆਂ ਅਤੇ ਸੰਗਤਾਂ ਅਗਲੀ ਕਾਰਵਾਈ ਲਈ ਤਿਆਰ ਰਹਿਣਗੀਆਂ | ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਗੁਰੂ ਘਰਾਂ ਨੂੰ ਕਿਸੇ ਵੀ ਰਾਜਨੀਤਕ ਟਕਰਾਅ ਤੋਂ ਦੂਰ ਰੱਖਿਆ ਜਾਣਾ ਚਾਹੀਦਾ ਹੈ ਅਤੇ ਧਾਰਮਿਕ ਅਸਥਾਨਾਂ ਦੀ ਮਰਿਆਦਾ ਹਰ ਹਾਲਤ ਵਿੱਚ ਬਣਾਈ ਰੱਖੀ ਜਾਵੇ |