ਰਾਏਕੋਟ, 25 ਮਈ (ਸੁਸ਼ੀਲ)-ਅੱਜ ਹੋਣ ਵਾਲੀਆਂ ਨਗਰ ਕੌਂਸਲ ਦੇ ਸੰਬੰਧ ਵਿਚ ਕਾਂਗਰਸ ਦੇ ਹਲਕਾ ਰਾਏਕੋਟ ਦੇ ਇੰਚਾਰਜ ਕਾਮਿਲ ਅਮਰ ਸਿੰਘ ਨੇ ਸਮੂਹ ਸ਼ਹਿਰ ਨਿਵਾਸੀਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਇਕਜੁੱਟ ਹੋ ਕੇ ਰਾਏਕੋਟ ਸ਼ਹਿਰ ਦੇ ਵਿਕਾਸ ਅਤੇ ਤਰੱਕੀ ਲਈ ਸ਼ਹਿਰ ਦੇ ਸਾਰੇ 15 ਵਾਰਡਾਂ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਭਾਰੀ ਬਹੁਮਤ ਨਾਲ ਜਿਤਾਉਣ | ਕਾਮਿਲ ਅਮਰ ਸਿੰਘ ਨੇ ਕਿਹਾ ਕਿ ਰਾਏਕੋਟ ਸ਼ਹਿਰ ਦਾ ਸਰਵਪੱਖੀ ਵਿਕਾਸ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਕਾਂਗਰਸ ਪਾਰਟੀ ਦੀ ਮੁੱਖ ਤਰਜ਼ੀਹ ਹੈ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਹਮੇਸ਼ਾ ਹੀ ਪੱਖਪਾਤ ਤੋਂ ਉੱਪਰ ਉੱਠ ਕੇ ਸ਼ਹਿਰ ਦੀ ਨੁਹਾਰ ਬਦਲਣ ਅਤੇ ਲੋਕ ਹਿੱਤੂ ਕੰਮਾਂ ਨੂੰ ਪਹਿਲ ਦਿੱਤੀ ਹੈ | ਉਨ੍ਹਾਂ ਕਿਹਾ ਕਿ ਸ਼ਹਿਰ ਦੇ ਸਾਰੇ 15 ਵਾਰਡਾਂ ਵਿਚ ਕਾਂਗਰਸ ਵਲੋਂ ਮਿਹਨਤੀ, ਇਮਾਨਦਾਰ ਅਤੇ ਲੋਕਾਂ ਦੇ ਸੁੱਖ-ਦੁੱਖ ਵਿਚ ਖੜ੍ਹਨ ਵਾਲੇ ਉਮੀਦਵਾਰਾਂ ਨੂੰ ਚੋਣ ਮੈਦਾਨ ਵਿਚ ਉਤਾਰਿਆ ਹੈ | ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਰਾਏਕੋਟ ਨੂੰ ਵਿਕਾਸ ਦੀਆਂ ਲੀਹਾਂ 'ਤੇ ਹੋਰ ਅੱਗੇ ਲਿਜਾਣ ਲਈ ਨਗਰ ਕੌਂਸਲ ਅੰਦਰ ਕਾਂਗਰਸ ਪਾਰਟੀ ਨੂੰ ਬਹੁਮਤ ਵਿਚ ਲਿਆਉਣ ਤਾਂ ਜੋ ਰਾਏਕੋਟ ਨੂੰ ਨਮੂਨੇ ਦਾ ਸ਼ਹਿਰ ਬਣਾਇਆ ਜਾ ਸਕੇ |