ਰਾਏਕੋਟ, 26 ਮਈ (ਸੁਸ਼ੀਲ)-ਲੋਕ ਸਭਾ ਹਲਕਾ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਕਾਂਗਰਸੀ ਸੰਸਦ ਮੈਂਬਰ ਡਾ. ਅਮਰ ਸਿੰਘ ਅਤੇ ਉਨ੍ਹਾਂ ਦੇ ਸਪੁੱਤਰ ਹਲਕਾ ਇੰਚਾਰਜ ਕਾਮਿਲ ਅਮਰ ਸਿੰਘ ਨੇ ਅੱਜ ਸਥਾਨਕ ਭਗਵਾਨ ਮਹਾਂਵੀਰ ਸੀਨੀਅਰ ਸੈਕੰਡਰੀ ਸਕੂਲ 'ਚ ਬਣੇ 13 ਨੰਬਰ ਦੇ ਪੋਲਿੰਗ ਸਟੇਸ਼ਨ 'ਤੇ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕੀਤਾ | ਵੋਟ ਪਾਉਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੰਸਦ ਮੈਂਬਰ ਡਾ: ਅਮਰ ਸਿੰਘ ਅਤੇ ਕਾਮਿਲ ਅਮਰ ਸਿੰਘ ਨੇ ਵਾਰਡ ਨੰਬਰ 4 ਤੋਂ ਕਾਂਗਰਸੀ ਉਮੀਦਵਾਰ ਜਗਦੇਵ ਸਿੰਘ ਜੱਗਾ ਗਰੇਵਾਲ 'ਤੇ ਆਪ ਪਾਰਟੀ ਦੇ ਸਮਰਥਕਾਂ ਵਲੋਂ ਕੀਤੇ ਗਏ ਕਾਤਲਾਨਾਂ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦੇ ਹੋਏ ਇਸ ਘਟਨਾਂ ਨੂੰ ਲੋਕਤੰਤਰ ਦਾ ਘਾਣ ਅਤੇ ਪੁਲਿਸ ਪ੍ਰਸ਼ਾਸਨ ਦੀ ਨਾਕਾਮੀ ਦੱਸਿਆ | ਉਨ੍ਹਾਂ ਕਿਹਾ ਕਿ ਇਹ ਸਾਰੀ ਘਟਨਾਂ ਹਲਕਾ ਵਿਧਾਇਕ ਦੀ ਸਰਪ੍ਰਸਤੀ ਹੇਠ ਹੋਈ ਹੈ ਅਤੇ ਸਾਰੇ ਦੋਸ਼ੀ ਹਰ ਸਮੇਂ ਵਿਧਾਇਕ ਦੇ ਨਾਲ ਹੀ ਰਹਿੰਦੇ ਹਨ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵੋਟਰਾਂ ਨੂੰ ਡਰਾਉਣ ਲਈ ਸਮਾਜ ਵਿਚ ਅਰਾਜਕਤਾ ਦਾ ਮਾਹੌਲ ਪੈਦਾ ਕਰ ਰਹੀ ਹੈ | ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਸ ਹਮਲੇ ਦੇ ਦੋਸ਼ੀਆਂ 'ਤੇ ਤੁਰੰਤ ਕਾਰਵਾਈ ਕੀਤੀ ਜਾਵੇ |