ਜਗਰਾਉਂ, 30 ਮਈ (ਸ਼ਮਸ਼ੇਰ ਸਿੰਘ ਗਾਲਿਬ, ਵਿਨੋਦ ਕੁਮਾਰ)-ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਪੰਜਾਬ ਦੇ ਵੱਖ-ਵੱਖ ਹਲਕਿਆਂ 'ਚ ਡੀਜ਼ਲ-ਪੈਟਰੋਲ ਦੀਆਂ ਵਧੀਆਂ ਕੀਮਤਾਂ ਖ਼ਿਲਾਫ਼ ਦਿੱਤੇ ਰੋਸ ਪ੍ਰਦਰਸ਼ਨ ਦੇ ਸੱਦੇ ਤਹਿਤ ਜਗਰਾਉਂ ਹਲਕੇ 'ਚ ਸਾਬਕਾ ਵਿਧਾਇਕ ਜਗਤਾਰ ਸਿੰਘ ਜੱਗਾ ਹਿੱਸੋਵਾਲ ਦੀ ਅਗਵਾਈ 'ਚ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਬਾਜ਼ਾਰ 'ਚ ਰੇਹੜਿਆਂ 'ਤੇ ਰੋਸ ਪ੍ਰਦਰਸ਼ਨ ਕਰਦਿਆਂ ਕੇਂਦਰ ਦੀ ਭਾਜਪਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਸਾਬਕਾ ਵਿਧਾਇਕ ਜਗਤਾਰ ਸਿੰਘ ਹਿੱਸੋਵਾਲ ਨੇ ਕਿਹਾ ਕਿ ਭਾਜਪਾ ਸਰਕਾਰ ਵਲੋਂ ਡੀਜ਼ਲ-ਪੈਟਰੋਲ ਦੀਆਂ ਕੀਮਤਾਂ 'ਚ ਪਿਛਲੇ 10 ਦਿਨਾਂ ਦੌਰਾਨ ਕਈ ਵਾਰ ਵਾਧਾ ਕਰਕੇ ਹਰ ਵਰਗ ਦੇ ਲੋਕਾਂ 'ਤੇ ਬੋਝ ਪਾਇਆ ਗਿਆ ਹੈ | ਉਨ੍ਹਾਂ ਕਿਹਾ ਕਿ ਆਏ ਦਿਨ ਵਧ ਰਹੀ ਮਹਿੰਗਾਈ ਲੋਕਾਂ ਦਾ ਕੰਚੂਬਰ ਕੱਢ ਰਹੀ ਹੈ ਅਤੇ ਭਾਜਪਾ ਤੇ ਸੂਬੇ ਦੀ 'ਆਪ' ਸਰਕਾਰ ਵਲੋਂ ਲੋਕਾਂ ਨੂੰ ਰਾਹਤ ਦੇਣ ਦੀ ਬਜਾਏ ਤੇਲ ਕੀਮਤਾਂ 'ਚ ਹੋਰ ਵਾਧਾ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਤੇਲ ਕੀਮਤਾਂ ਅਤੇ ਮਹਿੰਗਾਈ ਖ਼ਿਲਾਫ਼ ਕਾਂਗਰਸ ਹਰ ਸੰਘਰਸ਼ ਕਰੇਗੀ | ਇਸ ਮੌਕੇ ਪ੍ਰਧਾਨ ਹਰਪ੍ਰੀਤ ਸਿੰਘ ਧਾਲੀਵਾਲ, ਪ੍ਰਧਾਨ ਨਵਦੀਪ ਸਿੰਘ ਗਰੇਵਾਲ, ਰਵਿੰਦਰ ਕੁਮਾਰ ਸੱਭਰਵਾਲ, ਕੌਂਸਲਰ ਜਤਿੰਦਰਪਾਲ ਰਾਣਾ, ਨੀਟਾ ਸੱਭਰਵਾਲ, ਸਤਿੰਦਰਜੀਤ ਸਿੰਘ ਤਤਲਾ, ਸਰਬਜੀਤ ਸਿੰਘ ਤੇ ਵੱਡੀ ਗਿਣਤੀ 'ਚ ਕਾਂਗਰਸੀ ਵਰਕਰ ਹਾਜ਼ਰ ਸਨ |