ਜਗਰਾਉਂ, 1 ਜੂਨ (ਸ਼ਮਸ਼ੇਰ ਸਿੰਘ ਗਾਲਿਬ)-ਆਮ ਆਦਮੀ ਪਾਰਟੀ ਦੀ ਹਲਕਾ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਵਲੋਂ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਦੋਸ਼ਾਂ ਦੇ ਚਲਦਿਆਂ ਅਰਸ਼ਦੀਪ ਸਿੰਘ ਨੂੰ ਬਲਾਕ ਪ੍ਰਧਾਨ ਦੇ ਅਹੁਦੇ ਤੋਂ ਬਰਖਾਸਤ ਕਰਨ ਦੇ ਨਾਲ-ਨਾਲ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਵੀ ਬਾਹਰ ਕਰ ਦਿੱਤਾ ਗਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਨਗਰ ਕੌਂਸਲ ਚੋਣਾਂ 2026 ਦੌਰਾਨ ਅਰਸ਼ਦੀਪ ਸਿੰਘ ਵਲੋਂ ਆਪਣੀ ਮਾਤਾ ਛਿੰਦਰਪਾਲ ਕੌਰ ਨੂੰ ਵਾਰਡ ਨੰਬਰ 5 ਤੋਂ ਆਮ ਆਦਮੀ ਪਾਰਟੀ ਦੇ ਅਧਿਕਾਰਤ ਉਮੀਦਵਾਰ ਦੇ ਮੁਕਾਬਲੇ ਆਜ਼ਾਦ ਉਮੀਦਵਾਰ ਵਜੋਂ ਚੋਣ ਮੈਦਾਨ ਵਿਚ ਉਤਾਰਿਆ ਗਿਆ ਸੀ | ਸੂਤਰਾਂ ਅਨੁਸਾਰ ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਸਮਰਥਨ ਵੀ ਪ੍ਰਾਪਤ ਸੀ | ਇਸ ਕਾਰਨ ਪਾਰਟੀ ਅੰਦਰ ਅਨੁਸ਼ਾਸਨਹੀਣਤਾ ਅਤੇ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਦੋਸ਼ ਉੱਠੇ ਸਨ | 29 ਮਈ ਨੂੰ ਐਲਾਨੇ ਗਏ ਨਗਰ ਕੌਂਸਲ ਚੋਣ ਨਤੀਜਿਆਂ 'ਚ ਛਿੰਦਰਪਾਲ ਕੌਰ, ਜੋ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੇ ਸਨ, ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਅਤੇ ਉਨ੍ਹਾਂ ਦੀ ਜ਼ਮਾਨਤ ਵੀ ਜ਼ਬਤ ਹੋ ਗਈ | ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਵਿਧਾਇਕਾ ਮਾਣੂੰਕੇ ਨੇ ਕਿਹਾ ਕਿ ਪਾਰਟੀ ਦੀ ਨੀਤੀ ਅਤੇ ਫ਼ੈਸਲਿਆਂ ਦੇ ਉਲਟ ਕੰਮ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ |