ਭੂੰਦੜੀ, 6 ਜੂਨ (ਕੁਲਦੀਪ ਸਿੰਘ ਮਾਨ)-ਸਾਬਕਾ ਚੇਅਰਮੈਨ ਰਛਪਾਲ ਸਿੰਘ ਤਲਵਾੜਾ ਨੇ ਕਿਹਾ ਕਿ ਅੰਤਰਰਾਸ਼ਟਰੀ ਪੱਧਰ 'ਤੇ ਚੱਲ ਰਹੇ ਤਣਾਅ ਅਤੇ ਜੰਗੀ ਹਾਲਾਤਾਂ ਦੇ ਪ੍ਰਭਾਵ ਕਾਰਨ ਗੈਸ, ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਲਗਾਤਾਰ ਵਾਧਾ ਹੋ ਰਿਹਾ ਹੈ, ਜਿਸ ਦਾ ਸਿੱਧਾ ਅਸਰ ਆਮ ਲੋਕਾਂ ਦੀ ਜ਼ਿੰਦਗੀ 'ਤੇ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਵਧੀਆਂ ਕੀਮਤਾਂ ਕਾਰਨ ਰੋਜ਼ਾਨਾ ਵਰਤੋਂ ਵਾਲੀਆਂ ਘਰੇਲੂ ਵਸਤੂਆਂ ਦੇ ਭਾਅ ਵੀ ਕਾਫ਼ੀ ਵੱਧ ਗਏ ਹਨ, ਜਿਸ ਨਾਲ ਮਹਿੰਗਾਈ ਦੀ ਮਾਰ ਝੱਲ ਰਹੇ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਤਲਵਾੜਾ ਨੇ ਕਿਹਾ ਕਿ ਵੱਧਦੀ ਮਹਿੰਗਾਈ ਨੇ ਆਮ ਅਤੇ ਗਰੀਬ ਵਰਗ ਦਾ ਬਜਟ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ | ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਵਿਚ ਵਾਧੇ ਕਾਰਨ ਆਵਾਜਾਈ ਅਤੇ ਹੋਰ ਜ਼ਰੂਰੀ ਸੇਵਾਵਾਂ ਦੇ ਖਰਚੇ ਵੀ ਵੱਧ ਗਏ ਹਨ, ਜਿਸ ਦਾ ਅਸਰ ਹਰ ਘਰ 'ਤੇ ਪੈ ਰਿਹਾ ਹੈ | ਉਨ੍ਹਾਂ ਅਪੀਲ ਕੀਤੀ ਕਿ ਸਰਕਾਰਾਂ ਮਹਿੰਗਾਈ 'ਤੇ ਕਾਬੂ ਪਾਉਣ ਲਈ ਪ੍ਰਭਾਵਸ਼ਾਲੀ ਕਦਮ ਚੁੱਕਣ ਤਾਂ ਜੋ ਆਮ ਲੋਕਾਂ ਨੂੰ ਕੁਝ ਰਾਹਤ ਮਿਲ ਸਕੇ |