ਜਗਰਾਉਂ, 12 ਜੂਨ (ਸ਼ਮਸ਼ੇਰ ਸਿੰਘ ਗਾਲਿਬ)-ਪਾਵਰਕਾਮ ਅਤੇ ਟਰਾਂਸਕੋ ਆਊਟਸੋਰਸ ਮੁਲਾਜ਼ਮ ਤਾਲਮੇਲ ਕਮੇਟੀ (ਪੰਜਾਬ) ਦੇ ਸੱਦੇ 'ਤੇ ਬਿਜਲੀ ਬੋਰਡ ਦੇ ਕੱਚੇ ਮੁਲਾਜ਼ਮਾਂ ਨੇ ਵਿਭਾਗ ਵਿਚ ਮਰਜ਼ ਕਰਨ ਦੇ ਫ਼ੈਸਲੇ ਨੂੰ ਲਾਗੂ ਕਰਨ ਦੀ ਮੰਗ ਨੂੰ ਲੈ ਕੇ ਪਾਵਰਕਾਮ ਮੰਡਲ ਦਫ਼ਤਰ ਜਗਰਾਉਂ ਵਿਖੇ ਲਗਾਤਾਰ ਚੌਥੇ ਦਿਨ ਵੀ ਧਰਨਾ ਜਾਰੀ ਰੱਖਿਆ | ਇਸ ਮੌਕੇ ਬਿਜਲੀ ਘਰ ਤੋਂ ਲੈ ਕੇ ਤਹਿਸੀਲ ਚੌਕ ਜਗਰਾਉਂ ਤੱਕ ਕੱਚੇ ਮੁਲਾਜ਼ਮਾਂ ਨੇ ਰੋਸ ਮਾਰਚ ਕਰਕੇ ਉਨ੍ਹਾਂ ਦੀਆਂ ਹੱਕੀ ਮੰਗਾਂ ਨੂੰ ਲਾਗੂ ਕਰਨ ਲਈ ਕਿਹਾ | ਇਸ ਸਮੇਂ ਤਾਲਮੇਲ ਕਮੇਟੀ ਦੇ ਸੂਬਾਈ ਆਗੂਆਂ ਬਲਜਿੰਦਰ ਸਿੰਘ ਲੋਪੋ, ਸੁਖਚੈਨ ਸਿੰਘ ਲੋਪੋ ਨੇ ਕਿਹਾ ਕਿ ਪਾਵਰਕਾਮ ਵਿਭਾਗ 'ਚ ਹਜ਼ਾਰਾਂ ਆਊਟਸੋਰਸ਼ਡ ਠੇਕਾ ਮੁਲਾਜ਼ਮ ਪਿਛਲੇ ਲੰਬੇ ਸਮੇਂ ਤੋਂ ਲਗਾਤਾਰ ਨਿਗੂਣੀਆਂ ਤਨਖਾਹਾਂ 'ਤੇ ਵੱਖ-ਵੱਖ ਪੋਸਟਾਂ 'ਤੇ ਤਨਦੇਹੀ ਨਾਲ ਸੇਵਾਵਾਂ ਦਿੰਦੇ ਆ ਰਹੇ ਹਨ, ਪਰ ਸਰਕਾਰ ਵਲੋਂ ਉਨ੍ਹਾਂ ਨੂੰ ਪੱਕੇ ਨਹੀਂ ਕੀਤਾ ਜਾ ਰਿਹਾ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਵਿਭਾਗ ਦੀ ਮੈਨੇਜਮੈਂਟ ਵਿਭਾਗ ਆਊਟਸੋਰਸ਼ਡ ਮੁਲਾਜ਼ਮਾਂ ਨੂੰ ਵਿਭਾਗ ਵਿਚ ਪੱਕਾ ਕਰਨ ਅਤੇ ਗੁਜ਼ਾਰੇਯੋਗ ਤਨਖ਼ਾਹ ਨਿਸ਼ਚਿਤ ਕਰਨ ਤੋਂ ਲਗਾਤਾਰ ਟਾਲਾ ਵੱਟ ਰਹੀ ਹੈ | ਆਗੂਆਂ ਨੇ ਕਿਹਾ ਕਿ ਜਦ ਤੱਕ ਪਾਵਰ ਕਾਰਪੋਰੇਸ਼ਨ ਦੇ ਸਮੂਹ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੂੰ ਵਿਭਾਗ ਵਿਚ ਮਰਜ਼ ਕਰਨ ਦਾ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਜਾਂਦਾ ਤਦ ਤੱਕ ਧਰਨਾ ਲਗਾਤਾਰ ਜਾਰੀ ਰਹੇਗਾ | ਆਗੂਆਂ ਨੇ ਅਗਲੇ ਸੰਘਰਸ਼ ਐਲਾਨ ਕਰਦਿਆਂ ਕਿਹਾ ਕਿ ਜੇਕਰ 14 ਜੂਨ ਤੱਕ ਮੈਨੇਜ਼ਮੈਂਟ ਵਲੋਂ ਵਿਭਾਗ ਦੇ ਠੇਕਾ ਮੁਲਾਜ਼ਮਾਂ ਨੂੰ ਵਿਭਾਗ ਵਿਚ ਮਰਜ਼ ਕਰਨ ਦਾ ਫ਼ੈਸਲਾ ਨਾ ਕੀਤਾ ਤਾਂ ਪਾਵਰ ਕਾਰਪੋਰੇਸ਼ਨ ਦੇ ਸਮੂਹ ਠੇਕਾ ਮੁਲਾਜ਼ਮ ਪਰਿਵਾਰਾਂ ਸਮੇਤ ਬਿਜਲੀ ਮੰਤਰੀ ਦੀ ਖੰਨਾ ਸਥਿਤ ਰਿਹਾਇਸ਼ ਦਾ ਘਿਰਾਓ ਕਰਨਗੇ |