ਰਾਏਕੋਟ, 12 ਜੂਨ (ਬਲਵਿੰਦਰ ਸਿੰਘ ਲਿੱਤਰ)-ਸਿਵਲ ਹਸਪਤਾਲ ਰਾਏਕੋਟ ਦੇ ਐੱਸ.ਐੱਮ.ਓ. ਡਾ: ਮਨਦੀਪ ਸਿੰਘ ਅਤੇ ਨਗਰ ਕੌਂਸਲ ਰਾਏਕੋਟ ਦੇ ਈ.ਓ. ਵਿਕਾਸ ਉੱਪਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ਼ਹਿਰ ਵਿਚ ਡੇਂਗੂ ਅਤੇ ਮਲੇਰੀਆ ਦੀ ਰੋਕਥਾਮ ਲਈ ਵਿਸ਼ੇਸ਼ ਜਾਗਰੂਕਤਾ ਅਤੇ ਜਾਂਚ ਮੁਹਿੰਮ ਚਲਾਈ ਗਈ | ਇਸ ਮੁਹਿੰਮ ਤਹਿਤ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਘਰ-ਘਰ ਜਾ ਕੇ ਡੇਂਗੂ ਦੇ ਲਾਰਵੇ ਦੀ ਜਾਂਚ ਕੀਤੀ ਗਈ ਅਤੇ ਲੋਕਾਂ ਨੂੰ ਬਿਮਾਰੀ ਤੋਂ ਬਚਾਅ ਸਬੰਧੀ ਮਹੱਤਵਪੂਰਨ ਜਾਣਕਾਰੀ ਦਿੱਤੀ ਗਈ | ਸਿਹਤ ਅਧਿਕਾਰੀਆਂ ਨੇ ਲੋਕਾਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਪੁਰਾਣੇ ਟਾਇਰਾਂ, ਗਮਲਿਆਂ, ਕੂਲਰਾਂ ਅਤੇ ਘਰਾਂ ਦੇ ਆਲੇ-ਦੁਆਲੇ ਮੀਂਹ ਦਾ ਪਾਣੀ ਇਕੱਠਾ ਨਾ ਹੋਣ ਦਿੱਤਾ ਜਾਵੇ, ਕਿਉਂਕਿ ਅਜਿਹੀਆਂ ਥਾਵਾਂ ਡੇਂਗੂ ਫੈਲਾਉਣ ਵਾਲੇ ਮੱਛਰਾਂ ਦੇ ਪੈਦਾ ਹੋਣ ਦੇ ਕੇਂਦਰ ਬਣ ਜਾਂਦੀਆਂ ਹਨ | ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿਚ ਵੀ ਸਿਹਤ ਵਿਭਾਗ ਦੀਆਂ ਟੀਮਾਂ ਲਗਾਤਾਰ ਘਰਾਂ ਦਾ ਦੌਰਾ ਕਰਕੇ ਵੱਖ-ਵੱਖ ਬਰਤਨਾਂ ਅਤੇ ਪਾਣੀ ਇਕੱਠਾ ਹੋਣ ਵਾਲੀਆਂ ਥਾਵਾਂ ਦੀ ਜਾਂਚ ਕਰਨਗੀਆਂ | ਇਸ ਮੌਕੇ ਨਗਰ ਕੌਂਸਲ ਦੇ ਸੁਪਰਡੈਂਟ ਹਰਪ੍ਰੀਤ ਸਿੰਘ, ਸੈਨਟਰੀ ਇੰਸਪੈਕਟਰ ਗੁਰਦੀਪ ਸਿੰਘ, ਸੰਜੀਵ ਕੁਮਾਰ (ਐੱਸ.ਆਈ), ਗੁਰਵਿੰਦਰਪਾਲ ਸਿੰਘ, ਕੁਲਦੀਪ ਸਿੰਘ (ਮਲਟੀਪਰਪਜ਼ ਹੈਲਥ ਵਰਕਰ), ਮਨਜੀਤ ਸਿੰਘ, ਇੰਦਰਜੀਤ ਸਿੰਘ ਸਮੇਤ ਹੋਰ ਕਰਮਚਾਰੀ ਹਾਜ਼ਰ ਸਨ |