ਚੌਂਕੀਮਾਨ, 20 ਜੂਨ (ਤੇਜਿੰਦਰ ਸਿੰਘ ਚੱਢਾ)-ਹਲਕਾ ਦਾਖਾ ਦੇ ਪਿੰਡ ਜੱਸੋਵਾਲ (ਕੁਲਾਰ) ਦੇ ਆਗੂ ਜਥੇਦਾਰ ਇੰਦਰਜੀਤ ਸਿੰਘ ਖੰਡਲ, ਸਾਬਕਾ ਸਰਪੰਚ ਸੁਖਦੇਵ ਸਿੰਘ ਸਰਾਂ ਤੇ ਸੁਖਦੇਵ ਸਿੰਘ ਮੱਲ੍ਹੀ ਨੇ ਕਿਹਾ ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਦਾ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਿਚ ਜਾਣਾ ਸ਼ਲਾਘਾਯੋਗ ਹੈ ਜੋ ਕਿ ਪੰਜਾਬ, ਪੰਜਾਬੀਅਤ ਤੇ ਪੰਥਕ ਮਸਲਿਆਂ ਦੇ ਹੱਲ ਲਈ ਚੁੱਕਿਆ ਹੋਇਆ ਅਹਿਮ ਕਦਮ ਹੈ। ਉਨ੍ਹਾਂ ਕਿਹਾ ਕਿ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਹਮੇਸ਼ਾਂ ਪੰਜਾਬ ਦੇ ਭਖਦੇ ਮਸਲਿਆਂ ਨੂੰ ਵਿਧਾਨ ਸਭਾ ਵਿਚ ਉਠਾਇਆ ਹੈ ਤੇ ਪੰਥਕ ਧਿਰਾਂ ਨੂੰ ਇਕ ਮੰਚ ‘ਤੇ ਇਕੱਠਾ ਕਰਨ ਲਈ ਯਤਨਸ਼ੀਲ ਰਹੇ ਹਨ ਤਾਂ ਜੋ ਪੰਥਕ ਮਸਲਿਆਂ ਨੂੰ ਹੱਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਖੰਡਰੂ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਤੇ ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਇਯਾਲੀ ਦਾ ਇਕੱਠੇ ਹੋ ਕੇ ਕੰਮ ਕਰਨਾ ਪੰਜਾਬ ਨੂੰ ਨਵੀਂ ਦਿਸ਼ਾ ਵੱਲ ਲੈ ਕੇ ਜਾਵੇਗਾ ਤੇ ਪੰਜਾਬ ਦੀ ਕਿਸਾਨੀ, ਜਵਾਨੀ ਤੇ ਪਾਣੀਆਂ ਨੂੰ ਬਚਾਇਆ ਜਾ ਸਕੇਗਾ।