ਆਮ ਲੋਕਾਂ ਨੂੰ ਨਸ਼ਿਆਂ ਖ਼ਿਲਾਫ਼ ਮੁਹਿੰਮ ’ਚ ਸਹਿਯੋਗ ਕਰਨ ਲਈ ਕਿਹਾ
ਜਗਰਾਉਂ, 21 ਜੂਨ (ਸ਼ਮਸ਼ੇਰ ਸਿੰਘ ਗਾਲਿਬ)-ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ‘ਚ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜਿੱਥੇ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ, ਉੱਥੇ ਨਸ਼ਿਆਂ ਦੇ ਆਦੀ ਲੋਕਾਂ ਦੇ ਇਲਾਜ ਅਤੇ ਉਨ੍ਹਾਂ ਨੂੰ ਮੁੜ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਲਈ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਜ਼ਿਲ੍ਹਾ ਕੋਆਰਡੀਨੇਟਰ ਬਿਕਰਮਜੀਤ ਸਿੰਘ ਥਿੰਦ ਨੇ ‘ਅਜੀਤ’ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮੁੱਖ ਉਦੇਸ਼ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣਾ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਕਰਨਾ ਹੈ। ਉਨ੍ਹਾਂ ਦੱਸਿਆ ਕਿ ਹੁਣ ਹਰ ਪਿੰਡ ਵਿਚ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ, ਜਿਸ ਰਾਹੀਂ ਆਮ ਲੋਕਾਂ ਤੱਕ ਪਹੁੰਚ ਕਰਕੇ ਨਸ਼ਾ ਕਰਨ ਵਾਲਿਆਂ ਦੀ ਜਾਣਕਾਰੀ ਹਾਸਲ ਕੀਤੀ ਜਾਵੇਗੀ ਤੇ ਜੋ ਵੀ ਨੌਜਵਾਨ ਨਸ਼ਾ ਕਰਦਾ ਹੈ, ਉਸ ਦਾ ਨਸ਼ਾ ਛਡਾਉਣ ਲਈ ਸਰਕਾਰ ਵਲੋਂ ਮੁਫ਼ਤ ਇਲਾਜ ਕਰਵਾਇਆ ਜਾਵੇਗਾ। ਕੋਆਰਡੀਨੇਟਰ ਥਿੰਦ ਨੇ ਕਿਹਾ ਕਿ ਆਮ ਲੋਕ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਸਰਕਾਰ ਦਾ ਸਹਿਯੋਗ ਕਰਨ ਤੇ ਸਹੀ ਜਾਣਕਾਰੀ ਦੇਣ ਤਾਂ ਜੋ ਪੰਜਾਬ ਨੂੰ ਨਸ਼ਿਆਂ ਦੀ ਬੁਰਾਈ ਤੋਂ ਮੁਕਤ ਕਰਕੇ ਇਕ ਖੁਸ਼ਹਾਲ ਅਤੇ ਤੰਦਰੁਸਤ ਸੂਬਾ ਬਣਾਇਆ ਜਾ ਸਕੇ।
‘ਆਪ’ ਸਰਕਾਰ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਨਸ਼ੇ ਦੇ ਆਦੀ ਨੌਜਵਾਨਾਂ ਦਾ ਇਲਾਜ ਕਰਵਾਉਣ ਲਈ ਤਤਪਰ-ਕੋਆਰਡੀਨੇਟਰ ਥਿੰਦ
ਅਜੀਤ ਡੈਸਕ
22-06-2026