ਜਗਰਾਉਂ, 22 ਜੂਨ ( ਗੁਰਦੀਪ ਸਿੰਘ ਮਲਕ)-ਜਗਰਾਉੰ ਸ਼ਹਿਰ ਦੇ ਮੁਹੱਲਾ ਈਸ਼ਵਰ ਨਗਰ ’ਚ ਉਸ ਵੇਲੇ ਮਾਹੌਲ ਤਣਾਅਪੂਰਨ ਬਣ ਗਿਆ ਜਦੋਂ ਇਕ ਪ੍ਰਾਪਰਟੀ ਨੂੰ ਲੈ ਕੇ ਦੋ ਧਿਰਾਂ ਆਹਮੋ-ਸਾਹਮਣੇ ਹੋ ਗਈਆਂ। ਘਟਨਾ ਤੋਂ ਬਾਅਦ ਮੁਹੱਲੇ ’ਚ ਕੁਝ ਸਮੇਂ ਲਈ ਹਲਚਲ ਅਤੇ ਚਿੰਤਾ ਦਾ ਮਾਹੌਲ ਬਣਿਆ ਰਿਹਾ। ਸੂਚਨਾ ਮਿਲਦੇ ਹੀ ਪੁਲਿਸ ਨੇ ਤੁਰੰਤ ਮੌਕੇ ’ਤੇ ਪਹੁੰਚ ਕੇ ਸਥਿਤੀ ਨੂੰ ਕਾਬੂ ਵਿੱਚ ਕੀਤਾ ਅਤੇ ਦੋਵੇਂ ਧਿਰਾਂ ਦੇ ਬਿਆਨਾਂ ਦੇ ਆਧਾਰ ’ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਇਸ ਸਬੰਧੀ ਮਨਪ੍ਰੀਤ ਸਿੰਘ ਪੁੱਤਰ ਪਰਮਜੀਤ ਸਿੰਘ, ਸਾਹਿਲ ਮਿੱਤਲ ਪੁੱਤਰ ਅਸ਼ੋਕ ਮਿੱਤਲ ਅਤੇ ਰੋਹਿਨ ਸਿੰਗਲਾ ਪੁੱਤਰ ਪੁਸ਼ਪਿੰਦਰ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਤਿੰਨਾਂ ਵਲੋਂ ਕੁਝ ਸਮਾਂ ਪਹਿਲਾਂ 61 ਫੁੱਟ ਫਰੰਟ ਅਤੇ 90 ਫੁੱਟ ਲੰਮੀ ਇਕ ਪ੍ਰਾਪਰਟੀ ਖਰੀਦੀ ਗਈ ਸੀ। ਉਨ੍ਹਾਂ ਕਿਹਾ ਕਿ ਇਸ ਪ੍ਰਾਪਰਟੀ ਦੀ ਕਾਨੂੰਨੀ ਰਜਿਸਟਰੀ ਅਤੇ ਹੋਰ ਸਾਰੇ ਦਸਤਾਵੇਜ਼ ਉਨ੍ਹਾਂ ਕੋਲ ਮੌਜੂਦ ਹਨ, ਜਿਸ ਦੇ ਆਧਾਰ ’ਤੇ ਉਹ ਇਸ ਜਗ੍ਹਾ ਦੇ ਮਾਲਕ ਹਨ। ਉਨ੍ਹਾਂ ਦੋਸ਼ ਲਾਇਆ ਕਿ ਉਨ੍ਹਾਂ ਦੀ ਗੈਰਮੌਜੂਦਗੀ ਦਾ ਫਾਇਦਾ ਚੁੱਕਦੇ ਹੋਏ ਕੁਝ ਲੋਕਾਂ ਵਲੋਂ ਉਕਤ ਜਗ੍ਹਾ ’ਤੇ ਬਣੀ ਹੱਦਬੰਦੀ ਦੀ ਕੰਧ ਢਾਹ ਦਿੱਤੀ ਗਈ ਅਤੇ ਜਬਰਦਸਤੀ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਗਈ। ਜਿਵੇਂ ਹੀ ਇਸ ਘਟਨਾ ਦੀ ਜਾਣਕਾਰੀ ਉਨ੍ਹਾਂ ਨੂੰ ਮਿਲੀ ਤਾਂ ਉਹ ਤੁਰੰਤ ਮੌਕੇ ’ਤੇ ਪਹੁੰਚੇ, ਜਿੱਥੇ ਦੂਜੀ ਧਿਰ ਨਾਲ ਤਕਰਾਰ ਹੋ ਗਈ ਅਤੇ ਦੋਵੇਂ ਪੱਖ ਆਹਮੋ-ਸਾਹਮਣੇ ਆ ਗਏ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਿਟੀ ਦੇ ਐੱਸ.ਐੱਚ.ਓ. ਪਰਮਿੰਦਰ ਸਿੰਘ ਆਪਣੀ ਟੀਮ ਸਮੇਤ ਤੁਰੰਤ ਮੌਕੇ ‘ਤੇ ਪਹੁੰਚ ਗਏ। ਪੁਲਿਸ ਨੇ ਦੋਵੇਂ ਧਿਰਾਂ ਨੂੰ ਸ਼ਾਂਤ ਕਰਵਾਇਆ ਅਤੇ ਕਿਸੇ ਵੀ ਅਣਚਾਹੀ ਘਟਨਾ ਨੂੰ ਵਾਪਰਨ ਤੋਂ ਰੋਕਿਆ। ਇਸ ਤੋਂ ਬਾਅਦ ਦੋਵੇਂ ਪੱਖਾਂ ਦੇ ਬਿਆਨ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਗਈ। ਇਸ ਸਬੰਧੀ ਥਾਣਾ ਸਿਟੀ ਦੇ ਐੱਸ,ਐੱਚ,ਓ. ਇੰਸਪੈਕਟਰ ਪਰਮਿੰਦਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਗੰਭੀਰਤਾ ਨੂੰ ਧਿਆਨ ਵਿੱਚ ਰੱਖਦਿਆਂ ਮਨਪ੍ਰੀਤ ਸਿੰਘ, ਸਾਹਿਲ ਮਿੱਤਰ, ਰੋਹਿਨ ਸਿੰਗਲਾ ਦੇ ਬਿਆਨਾਂ ’ਤੇ ਪੁਨੀਤ ਸਿੰਘ ਅਤੇ ਉਸਦੀ ਮਾਤਾ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਸਾਰੇ ਦਸਤਾਵੇਜ਼ਾਂ ਅਤੇ ਤੱਥਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਤੋਂ ਬਾਅਦ ਕਾਨੂੰਨ ਅਨੁਸਾਰ ਅਗਲੀ ਕਾਰਵਾਈ ਕੀਤੀ ਜਾਵੇਗੀ।