ਜਗਰਾਉਂ, 28 ਜੂਨ ( ਹਰਵਿੰਦਰ ਸਿੰਘ ਖ਼ਾਲਸਾ)- ਮੀਰੀ ਪੀਰੀ ਦੇ ਮਾਲਕ ਛੇਵੀਂ ਪਾਤਿਸ਼ਾਹੀ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ’ਚ ਗੁਰਦੁਆਰਾ ਪਾਤਿਸ਼ਾਹੀ ਛੇਵੀਂ ਗੁਰੂਸਰ ਕਾਉਂਕੇ ਵਿਖੇ ਤਿੰਨ ਰੋਜ਼ਾ ਸਮਾਗਮ ਸ਼ੁਰੂ ਹੋਏ। ਇਸ ਤੋਂ ਇਲਾਵਾ ਹਰ ਐਤਵਾਰ ਨੂੰ ਸ੍ਰੀ ਚੁਪਹਿਰਾ ਸਾਹਿਬ ਵੀ ਕਰਵਾਇਆ ਜਾਂਦਾ ਹੈ। ਇਸ ਸਮਾਗਮ ਵਿਚ ਵੱਡੀ ਗਣਿਤੀ ਵਿਚ ਸੰਗਤਾਂ ਨੇ ਸੰਗਤੀ ਰੂਪ ਵਿਚ ਗੁਰਬਾਣੀ ਦੇ ਪਾਠ ਅਤੇ ਗੁਰਬਾਣੀ ਦਾ ਕੀਰਤਨ ਕੀਤਾ ਗਿਆ। ਇਹ ਸਮਾਗਮ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਦੀ ਦੇਖ ਰੇਖ ਅਤੇ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਹਨ। ਸਮਾਗਮ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਆਰੰਭ ਕਰਵਾਏ ਗਏ ਹਨ। ਇਸ ਦੌਰਾਨ ਕੀਰਤਨੀ ਜੱਥਿਆਂ ਨੇ ਗੁਰਬਾਣੀ ਦਾ ਕੀਰਤਨ, ਕਵੀਸ਼ਰੀ ਤੇ ਢਾਡੀ ਜੱਥਿਆਂ ਨੇ ਵਾਰਾਂ ਦਾ ਗਾਇਣ ਅਤੇ ਬੁਲਾਰਿਆਂ ਨੇ ਸੰਗਤਾਂ ਨੂੰ ਮਾਣਮੱਤੇ ਸਿੱਖ ਇਤਿਹਾਸ ਪ੍ਰਤੀ ਜਾਣੂ ਕਰਵਾਇਆ। ਇਸ ਮੌਕੇ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਦੱਸਿਆ ਕਿ 29 ਜੂਨ ਨੂੰ ਸਵੇਰੇ 9 ਵਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆਂ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਇਕ ਵਿਸ਼ਾਲ ਨਗਰ ਕੀਰਤਨ ਸਜਇਆ ਜਾਵੇਗਾ ਜੋ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋ ਕੇ ਵੱਖ ਵੱਖ ਪਿੰਡਾਂ ਤੋਂ ਹੁੰਦਾ ਹੋਇਆ ਦੇਰ ਸ਼ਾਮ ਗੁਰਦੁਆਰਾ ਸਾਹਿਬ ਵਿਖੇ ਹੀ ਸਮਾਪਤ ਹੋਵੇਗਾ। 30 ਜੂਨ ਨੂੰ ਸਵੇਰੇ 9 ਵਜੇ ਪ੍ਰਕਾਸ਼ ਕਰਵਾਏ ਸ੍ਰੀ ਅਖੰਡ ਪਾਠਾਂ ਦੇ ਭੋਗ ਪਾਉਣ ਉਪਰੰਤ ਦੀਵਾਨ ਸਜਾਏ ਜਾਣਗੇ। ਜਿਸ ਵਿਚ ਸਿੱਖ ਕੌਮ ਦੇ ਮਹਾਨ ਕੀਰਤਨੀ ਜੱਥੇ , ਕਵੀਸ਼ਰੀ ਤੇ ਢਾਡੀ ਜੱਥਿਆਂ ਤੋਂ ਇਲਾਵਾ ਵੱਖ ਵੱਖ ਬੁਲਾਰੇ ਆਪਣੇ ਵਿਚਾਰ ਰੱਖਣਗੇ। ਉਨ੍ਹਾਂ ਸੰਗਤਾਂ ਨੂੰ ਇਸ ਸਮਾਗਮ ਵਿਚ ਹਾਜ਼ਰੀਆਂ ਭਰਨ ਦੀ ਬੇਨਤੀ ਵੀ ਕੀਤੀ। ਇਸ ਮੌਕੇ ਮੈਨੇਜਰ ਗੁਰਪ੍ਰੀਤ ਸਿੰਘ ਕਾਉਂਕੇ, ਗੁਰਮੀਤ ਸਿੰਘ, ਕੁਲਦੀਪ ਸਿੰਘ, ਸਰਪ੍ਰੀਤ ਸਿੰਘ, ਜੋਗਾ ਸਿੰਘ, ਕੁਲਦੀਪ ਸਿੰਘ ਰਾਜੂ, ਬਲਜਿੰਦਰ ਸਿੰਘ, ਮਨਜਿੰਦਰ ਸਿੰਘ, ਮੱਖਣ ਸਿੰਘ, ਸੁਖਜੀਵਨ ਸਿੰਘ, ਗੁਰਿੰਦਰ ਸਿੰਘ, ਜਸਵਿੰਦਰਪਾਲ ਸਿੰਘ, ਭੁਪਿੰਦਰ ਸਿੰਘ, ਸੁਖਦੀਪ ਸਿੰਘ ਸਿੱਧਵਾਂ, ਤੇਜਿੰਦਰ ਸਿੰਘ, ਤਰਨਪ੍ਰੀਤ ਸਿੰਘ, ਗੁਰਿੰਦਰਪਾਲ ਸਿੰਘ, ਜਸਵੀਰ ਕੌਰ, ਜਸਵਿੰਦਰ ਕੌਰ ਆਦਿ ਵੀ ਹਾਜ਼ਰ ਸਨ।