ਭੂੰਦੜੀ, 3 ਜੁਲਾਈ (ਕੁਲਦੀਪ ਸਿੰਘ ਮਾਨ)-ਬੇਟ ਇਲਾਕੇ ਨਾਲ ਸਬੰਧਤ ਨੰਬਰਦਾਰਾਂ ਦੀ ਇੱਕ ਅਹਿਮ ਮੀਟਿੰਗ ਨੰਬਰਦਾਰ ਯੂਨੀਅਨ ਦੇ ਪ੍ਰਧਾਨ ਮਲਕੀਤ ਸਿੰਘ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਮੌਜੂਦਾ ਹਾਲਾਤਾਂ ਅਤੇ ਨੰਬਰਦਾਰਾਂ ਨੂੰ ਦਰਪੇਸ਼ ਆ ਰਹੀਆਂ ਸਮੱਸਿਆਵਾਂ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਪ੍ਰਧਾਨ ਮਲਕੀਤ ਸਿੰਘ ਨੇ ਕਿਹਾ ਕਿ ਨੰਬਰਦਾਰਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਨੂੰ ਸਰਕਾਰ ਵੱਲੋਂ ਅਜੇ ਤੱਕ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ ਮੰਗ ਕੀਤੀ ਕਿ ਨੰਬਰਦਾਰੀ ਨੂੰ ਜੱਦੀ-ਪੁਸ਼ਤੀ ਕੀਤਾ ਜਾਵੇ, ਨੰਬਰਦਾਰਾਂ ਦਾ ਮਾਣ-ਭੱਤਾ ਵਧਾਇਆ ਜਾਵੇ, ਸਰਕਾਰੀ ਦਫ਼ਤਰਾਂ ਵਿੱਚ ਨੰਬਰਦਾਰਾਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇ ਅਤੇ ਸਰਕਾਰੀ ਬੱਸਾਂ ਵਿੱਚ ਉਨ੍ਹਾਂ ਦਾ ਕਿਰਾਇਆ ਮੁਆਫ਼ ਕੀਤਾ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਜਿੰਨ੍ਹਾਂ ਨੰਬਰਦਾਰਾਂ ਨੂੰ ਅਜੇ ਤੱਕ ਮਾਣ-ਭੱਤਾ ਨਹੀਂ ਮਿਲਿਆ, ਉਨ੍ਹਾਂ ਨੂੰ ਤੁਰੰਤ ਜਾਰੀ ਕੀਤਾ ਜਾਵੇ। ਮੀਟਿੰਗ ਦੌਰਾਨ ਪਾਸ ਕੀਤੇ ਗਏ ਮਤਿਆਂ ਵਿੱਚ ਸਰਕਾਰ ਤੋਂ ਮੰਗ ਕੀਤੀ ਗਈ ਕਿ ਕਿਸਾਨਾਂ ਨੂੰ ਨਿਰਵਿਘਨ 8 ਘੰਟੇ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇ। ਇਸ ਤੋਂ ਇਲਾਵਾ ਨੌਜਵਾਨਾਂ ਵਿੱਚ ਵੱਧ ਰਹੇ ਨਸ਼ੇ ਦੇ ਪ੍ਰਕੋਪ ਨੂੰ ਰੋਕਣ ਲਈ ਸਖ਼ਤ ਕਾਰਵਾਈ ਕਰਨ, ਜਾਇਦਾਦਾਂ ਦੀ ਰਜਿਸਟਰੀ ਲਈ ਨੰਬਰਦਾਰ ਦੀ ਹਾਜ਼ਰੀ ਨੂੰ ਲਾਜ਼ਮੀ ਕਰਨ ਅਤੇ ਸਰਪੰਚਾਂ ਦੇ ਮਾਣ-ਭੱਤੇ ਦੇ ਬਰਾਬਰ ਨੰਬਰਦਾਰਾਂ ਨੂੰ ਵੀ 10 ਹਜ਼ਾਰ ਰੁਪਏ ਮਾਣ-ਭੱਤਾ ਦੇਣ ਦੀ ਮੰਗ ਕੀਤੀ ਗਈ। ਪ੍ਰਧਾਨ ਮਲਕੀਤ ਸਿੰਘ ਨੇ ਸਮੂਹ ਨੰਬਰਦਾਰਾਂ ਨੂੰ ਅਪੀਲ ਕੀਤੀ ਕਿ ਉਹ ਹਰ ਮਹੀਨੇ ਦੇ ਪਹਿਲੇ ਬੁੱਧਵਾਰ ਹੋਣ ਵਾਲੀ ਮੀਟਿੰਗ ਵਿੱਚ ਲਾਜ਼ਮੀ ਸ਼ਮੂਲੀਅਤ ਕਰਨ ਤਾਂ ਜੋ ਆਪਣੀਆਂ ਹੱਕੀ ਮੰਗਾਂ ਨੂੰ ਇਕਜੁੱਟ ਹੋ ਕੇ ਸਰਕਾਰ ਅੱਗੇ ਪ੍ਰਭਾਵਸ਼ਾਲੀ ਢੰਗ ਨਾਲ ਰੱਖਿਆ ਜਾ ਸਕੇ। ਇਸ ਮੌਕੇ ਨੰਬਰਦਾਰ ਨਿਰਮਲ ਸਿੰਘ, ਨਾਹਰ ਸਿੰਘ, ਜਸਵਿੰਦਰ ਸਿੰਘ, ਬਲਜਿੰਦਰ ਸਿੰਘ, ਗੁਰਬਚਨ ਸਿੰਘ, ਮਲਕੀਤ ਸਿੰਘ ਸਮੇਤ ਇਲਾਕੇ ਦੇ ਵੱਡੀ ਗਿਣਤੀ ਵਿੱਚ ਨੰਬਰਦਾਰ ਹਾਜ਼ਰ ਸਨ।