ਭੂੰਦੜੀ, 6 ਜੁਲਾਈ (ਕੁਲਦੀਪ ਸਿੰਘ ਮਾਨ)-ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ, ਯੂਥ ਆਗੂ ਕਰਨੈਲ ਸਿੰਘ ਖੰਗੂੜਾ ਅਤੇ ਸੀਨੀਅਰ ਅਕਾਲੀ ਆਗੂ ਮਨਜੀਤ ਸਿੰਘ ਤੱਤਲਾ ਨੇ ਪੰਜਾਬ ਸਰਕਾਰ ਵੱਲੋਂ ਲਿਆਂਦੀ ਗਈ ਲੈਂਡ ਪੂਲਿੰਗ ਨੀਤੀ ਦਾ ਸਖ਼ਤ ਵਿਰੋਧ ਕਰਦਿਆਂ ਕਿਹਾ ਕਿ ਇਹ ਨੀਤੀ ਪੰਜਾਬ ਦੇ ਕਿਸਾਨਾਂ ਦੇ ਹਿੱਤਾਂ ਦੇ ਉਲਟ ਹੈ ਅਤੇ ਇਸ ਨਾਲ ਉਪਜਾਊ ਖੇਤੀਯੋਗ ਜ਼ਮੀਨ ਖ਼ਤਰੇ ਵਿੱਚ ਪੈ ਸਕਦੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਕੀਮਤ ’ਤੇ ਕਿਸਾਨਾਂ ਦੀਆਂ ਜ਼ਮੀਨਾਂ ’ਤੇ ਜ਼ਬਰਦਸਤੀ ਲੈਂਡ ਪੂਲਿੰਗ ਨੀਤੀ ਲਾਗੂ ਨਹੀਂ ਹੋਣ ਦਿੱਤੀ ਜਾਵੇਗੀ। ਆਗੂਆਂ ਨੇ ਕਿਹਾ ਕਿ ਪੰਜਾਬ ਇੱਕ ਖੇਤੀ ਪ੍ਰਧਾਨ ਸੂਬਾ ਹੈ ਅਤੇ ਕਿਸਾਨ ਦੀ ਜ਼ਮੀਨ ਹੀ ਉਸ ਦੀ ਰੋਜ਼ੀ-ਰੋਟੀ ਦਾ ਇੱਕੋ-ਇੱਕ ਸਾਧਨ ਹੈ। ਸਰਕਾਰ ਨੂੰ ਕਿਸਾਨਾਂ ਦੀ ਰਾਇ ਲਏ ਬਿਨਾਂ ਅਤੇ ਉਨ੍ਹਾਂ ਨੂੰ ਭਰੋਸੇ ਵਿੱਚ ਲਏ ਬਿਨਾਂ ਅਜਿਹੇ ਫ਼ੈਸਲੇ ਨਹੀਂ ਲੈਣੇ ਚਾਹੀਦੇ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਵਿਕਾਸ ਦੇ ਨਾਂਅ ’ਤੇ ਕਿਸਾਨਾਂ ਦੇ ਹੱਕਾਂ ਨਾਲ ਸਮਝੌਤਾ ਕਰਨ ਦੀ ਬਜਾਏ ਉਨ੍ਹਾਂ ਦੇ ਹਿੱਤਾਂ ਦੀ ਰੱਖਿਆ ਕਰਨੀ ਚਾਹੀਦੀ ਹੈ। ਇਯਾਲੀ, ਖੰਗੂੜਾ ਅਤੇ ਤੱਤਲਾ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਲੈਂਡ ਪੂਲਿੰਗ ਨੀਤੀ ਨੂੰ ਤੁਰੰਤ ਵਾਪਸ ਨਾ ਲਿਆ ਤਾਂ ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਕਿਸਾਨਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਲੋਕਤੰਤਰੀ ਢੰਗ ਨਾਲ ਸੰਘਰਸ਼ ਨੂੰ ਹੋਰ ਤਿੱਖਾ ਕਰੇਗਾ। ਉਨ੍ਹਾਂ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਸਰਕਾਰ ਚੋਣਾਂ ਦੌਰਾਨ ਕਿਸਾਨ ਪੱਖੀ ਹੋਣ ਦੇ ਦਾਅਵੇ ਕਰਦੀ ਰਹੀ, ਪਰ ਹੁਣ ਕਿਸਾਨਾਂ ਦੀਆਂ ਜ਼ਮੀਨਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਆਗੂਆਂ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਕਿਸਾਨਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਲੈਂਡ ਪੂਲਿੰਗ ਨੀਤੀ ਨੂੰ ਤੁਰੰਤ ਰੱਦ ਕੀਤਾ ਜਾਵੇ ਅਤੇ ਖੇਤੀ ਤੇ ਕਿਸਾਨੀ ਨੂੰ ਨੁਕਸਾਨ ਪਹੁੰਚਾਉਣ ਵਾਲੇ ਹਰ ਫ਼ੈਸਲੇ ਤੋਂ ਗੁਰੇਜ਼ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਤਰੱਕੀ ਕਿਸਾਨਾਂ ਦੀ ਖੁਸ਼ਹਾਲੀ ਨਾਲ ਹੀ ਸੰਭਵ ਹੈ ਅਤੇ ਕਿਸਾਨ ਵਿਰੋਧੀ ਨੀਤੀਆਂ ਨੂੰ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ।