ਜਗਰਾਉਂ, 8 ਜੁਲਾਈ (ਹਰਵਿੰਦਰ ਸਿੰਘ ਖ਼ਾਲਸਾ)-ਪੰਜਾਬ ਸਰਕਾਰ ਵੱਲੋਂ ਇੱਕ ਮਹੀਨੇ ਅੰਦਰ ਮੰਗਾਂ ਦਾ ਹੱਲ ਕਰਨ ਲਈ ਦਿੱਤਾ ਗਿਆ ਭਰੋਸਾ ਪੂਰਾ ਨਾ ਹੋਣ ਕਾਰਨ ਸੂਬੇ ਦੇ ਸਫ਼ਾਈ ਸੇਵਕਾਂ ਅਤੇ ਮਿਊਂਸੀਪਲ ਕਾਮਿਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸੇ ਰੋਸ ਦੇ ਚਲਦਿਆਂ ਮਿਊਂਸੀਪਲ ਐਕਸ਼ਨ ਕਮੇਟੀ ਪੰਜਾਬ ਦੇ ਸੱਦੇ ’ਤੇ 8 ਜੁਲਾਈ ਤੋਂ ਅਣਮਿੱਥੇ ਸਮੇਂ ਲਈ ਮੁੜ ਕੰਮ ਛੋੜ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਇਸ ਤਹਿਤ ਅੱਜ ਤੋਂ ਨਗਰ ਕੌਂਸਲ ਜਗਰਾਉਂ ਦੇ ਸਮੂਹ ਮੁਲਾਜ਼ਮ ਵੀ ਹੜਤਾਲ ’ਤੇ ਚਲੇ ਗਏ ਹਨ। ਮੁਲਾਜ਼ਮਾਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਉਦੋਂ ਤੱਕ ਸੰਘਰਸ਼ ਹੋਰ ਤੇਜ਼ੀ ਨਾਲ ਜਾਰੀ ਰਹੇਗਾ। ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਅਰੁਣ ਗਿੱਲ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਮੁਲਾਜ਼ਮਾਂ ਦੇ ਧੀਰਜ ਦਾ ਹੋਰ ਇਮਤਿਹਾਨ ਨਹੀਂ ਲੈਣਾ ਚਾਹੀਦਾ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਆਊਟਸੋਰਸ ਮੁਲਾਜ਼ਮਾਂ ਨੂੰ ਕੰਟਰੈਕਟ ਬੇਸ ’ਤੇ ਕਰਨ, ਕੰਟਰੈਕਟ ਮੁਲਾਜ਼ਮਾਂ ਨੂੰ ਰੈਗੂਲਰ ਕਰਨ, ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਤੇ ਹੋਰ ਜਾਇਜ਼ ਮੰਗਾਂ ਦਾ ਹੱਲ ਨਾ ਕੀਤਾ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਵਿਸ਼ਾਲ ਅਤੇ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਪ੍ਰਦੀਪ ਕੁਮਾਰ, ਬੁੱਧਰਾਜ, ਰਜਿੰਦਰ ਕੁਮਾਰ, ਸਨੀ, ਪ੍ਰਧਾਨ ਰਾਜ ਕੁਮਾਰ, ਪ੍ਰਧਾਨ ਲਖਬੀਰ ਸਿੰਘ, ਬਲਵਿੰਦਰ ਕਲਿਆਣ, ਸੁਰਜੀਤ ਸਿੰਘ ਭਾਗਾ, ਸੰਦੀਪ ਧਾਲੀਵਾਲ, ਭੂਸ਼ਣ ਗਿੱਲ, ਸੁਖਵਿੰਦਰ ਖੋਸਲਾ, ਡਿੰਪਲ, ਜਤਿੰਦਰ, ਜਸਪ੍ਰੀਤ ਸਿੰਘ ਧਾਲੀਵਾਲ, ਸੋਨੀ, ਸੁਖਦੇਵ ਅਤੇ ਵੱਡੀ ਗਿਣਤੀ ਵਿੱਚ ਸੀਵਰਮੈਨ, ਸਫ਼ਾਈ ਸੇਵਕ, ਪੰਪ ਆਪਰੇਟਰ, ਮਾਲੀ, ਬੇਲਦਾਰ, ਡਰਾਈਵਰ ਅਤੇ ਮਿਊਂਸੀਪਲ ਕਾਮਿਆਂ ਨੇ ਸ਼ਮੂਲੀਅਤ ਕਰਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਨਗਰ ਕੌਂਸਲ ਜਗਰਾਉਂ ਦੇ ਕਾਮਿਆਂ ਨੇ ਮੰਗਾਂ ਨਾ ਮੰਨਣ ’ਤੇ ਅਣਮਿੱਥੇ ਸਮੇਂ ਦੀ ਹੜਤਾਲ ਕੀਤੀ ਸ਼ੁਰੂ
ਅਜੀਤ ਡੈਸਕ
09-07-2026