ਜਗਰਾਉਂ, 9 ਜੁਲਾਈ (ਹਰਵਿੰਦਰ ਸਿੰਘ ਖ਼ਾਲਸਾ)-ਪੰਜਾਬ ਭਰ ਦੇ ਸਫਾਈ ਸੇਵਕਾਂ ਵੱਲੋਂ ਪੁਰਾਣੀ ਪੈਨਸ਼ਨ ਬਹਾਲ ਕਰਨ, ਠੇਕੇਦਾਰੀ ਸਿਸਟਮ ਖ਼ਤਮ ਕਰਨ ਅਤੇ ਆਪਣੀਆਂ ਜਾਇਜ਼ ਮੰਗਾਂ ਦੀ ਪ੍ਰਾਪਤੀ ਲਈ ਸ਼ੁਰੂ ਕੀਤਾ ਗਿਆ ਅਣਮਿੱਥੇ ਸਮੇਂ ਦਾ ਸੰਘਰਸ਼ ਦੂਜੇ ਦਿਨ ਵੀ ਪੂਰੇ ਜੋਸ਼ ਅਤੇ ਏਕਤਾ ਨਾਲ ਜਾਰੀ ਰਿਹਾ। ਨਗਰ ਕੌਂਸਲ ਜਗਰਾਉਂ ਵਿਖੇ ਹੋਏ ਵਿਸ਼ਾਲ ਇਕੱਠ ਦੌਰਾਨ ਸੰਘਰਸ਼ ਨੂੰ ਹੋਰ ਮਜ਼ਬੂਤ, ਸੁਚਾਰੂ ਅਤੇ ਪ੍ਰਭਾਵਸ਼ਾਲੀ ਬਣਾਉਣ ਲਈ ਲੋਕਲ ਪੱਧਰ ’ਤੇ 11 ਮੈਂਬਰੀ ਐਕਸ਼ਨ ਕਮੇਟੀ ਬਣਾਉਣ ਦਾ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ। ਇਸ ਮੌਕੇ ਯੂਨੀਅਨ ਦੇ ਪ੍ਰਧਾਨ ਅਰੁਣ ਗਿੱਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਫਾਈ ਸੇਵਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਦੀ ਬਜਾਏ ਉਨ੍ਹਾਂ ਨੂੰ ਸੰਘਰਸ਼ ਦੇ ਰਾਹ ‘ਤੇ ਧੱਕ ਦਿੱਤਾ ਹੈ। ਇਸ ਦੇ ਨਾਲ ਹੀ ਕੁਝ ਰਾਜਨੀਤਿਕ ਆਗੂ ਸਫਾਈ ਸੇਵਕਾਂ ਨੂੰ ਬਹਿਕਾ ਕੇ ਆਪਣੀਆਂ ਰਾਜਨੀਤਿਕ ਰੋਟੀਆਂ ਸੇਕਣ ਦੀ ਕੋਸ਼ਿਸ਼ ਕਰ ਰਹੇ ਹਨ, ਜਿਸ ਨੂੰ ਕਿਸੇ ਵੀ ਕੀਮਤ ’ਤੇ ਸਫ਼ਲ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਸਮੂਹ ਸਫ਼ਈ ਸੇਵਕ ਭੈਣਾਂ ਅਤੇ ਭਰਾਵਾਂ ਨੂੰ ਅਪੀਲ ਕੀਤੀ ਕਿ ਉਹ ਏਕਤਾ ਬਣਾਈ ਰੱਖਣ, ਸੰਘਰਸ਼ ਵਿੱਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਅਤੇ ਪ੍ਰਸ਼ਾਸਨ ਨੇ ਜਲਦ ਸਫਾਈ ਸੇਵਕਾਂ ਦੀਆਂ ਜਾਇਜ਼ ਮੰਗਾਂ ਦਾ ਹੱਲ ਨਾ ਕੀਤਾ ਤਾਂ ਆਉਣ ਵਾਲੇ ਦਿਨਾਂ ਵਿੱਚ ਕਾਰਜਸਾਧਕ ਅਫ਼ਸਰ ਅਤੇ ਨਗਰ ਕੌਂਸਲ ਦੇ ਚੁਣੇ ਹੋਏ ਰਾਜਨੀਤਿਕ ਆਗੂਆਂ ਖ਼ਿਲਾਫ਼ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਸਰਕਾਰ ਅਤੇ ਪ੍ਰਸ਼ਾਸਨ ਦੀ ਹੋਵੇਗੀ। ਅੱਜ ਦੇ ਧਰਨੇ ਵਿੱਚ ਕੰਵਲਜੀਤ ਖੰਨਾ (ਪ੍ਰਧਾਨ, ਇਨਕਲਾਬੀ ਕੇਂਦਰ ਪੰਜਾਬ), ਜਥੇਦਾਰ ਤਰਲੋਚਨ ਸਿੰਘ (ਮੀਤ ਪ੍ਰਧਾਨ, ਜ਼ਿਲ੍ਹਾ ਸ਼੍ਰੋਮਣੀ ਅਕਾਲੀ ਦਲ), ਅਸ਼ਵਨੀ ਕੁਮਾਰ, ਸਰਪ੍ਰਸਤ ਪ੍ਰਦੀਪ ਕੁਮਾਰ, ਸੈਕਟਰੀ ਰਜਿੰਦਰ ਕੁਮਾਰ, ਮੀਤ ਪ੍ਰਧਾਨ ਸਨੀ ਸੁੰਦਰ, ਸੰਦੀਪ ਧਾਲੀਵਾਲ, ਲਖਬੀਰ ਸਿੰਘ ਨਿੱਕਾ, ਰਾਜ ਕੁਮਾਰ, ਬਲਵਿੰਦਰ ਕਲਿਆਣ, ਸੁਰਜੀਤ ਸਿੰਘ ਭਾਗਾ, ਰਾਮ ਸਮੇਤ ਸਮੂਹ ਮਿਊਂਸਪਲ ਵਰਕਰਾਂ ਅਤੇ ਸਫਾਈ ਸੇਵਕਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਦਿਆਂ ਸੰਘਰਸ਼ ਨੂੰ ਪੂਰਾ ਸਮਰਥਨ ਦਿੱਤਾ।