ਜਗਰਾਉਂ, 15 ਜੁਲਾਈ (ਹਰਵਿੰਦਰ ਸਿੰਘ ਖ਼ਾਲਸਾ)-ਗੁਰਦੁਆਰਾ ਨਾਨਕਸਰ ਕਲੇਰਾਂ (ਜਗਰਾਉਂ) ਵਿਖੇ ਸੰਤ ਬਾਬਾ ਗੇਜਾ ਸਿੰਘ ਨਾਨਕਸਰ ਵਾਲਿਆਂ ਦੇ ਜਨਮ ਦਿਹਾੜੇ ਸਬੰਧੀ ਕਰਵਾਏ ਜਾ ਰਹੇ ਸਮਾਗਮ ਦੀਆਂ ਤਿਆਰੀਆਂ ਜੰਗੀ ਪੱਧਰ ’ਤੇ ਹੋ ਰਹੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਈ ਹਰਦੀਪ ਸਿੰਘ ਅਤੇ ਭਾਈ ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਸੰਤ ਬਾਬਾ ਗੇਜਾ ਸਿੰਘ ਨਾਨਕਸਰ ਵਾਲਿਆਂ ਦੇ ਜਨਮ ਦਿਵਸ ਨੂੰ ਸਮਰਪਿਤ 7 ਰੋਜ਼ਾ ਗੁਰਮਤਿ ਸਮਾਗਮ ਉਨ੍ਹਾਂ ਦੇ ਜਨਮ ਅਸਥਾਨ ਪਿੰਡ ਵਿਧਾਤੇ ( ਬਰਨਾਲਾ) ਵਿਖੇ ਕਰਵਾਇਆ ਜਾ ਰਿਹਾ ਹੈ। ਇਹ ਸਮਾਗਮ ਮਹਾਂਪੁਰਖਾਂ ਤੋਂ ਵਰੋਸਾਏ ਸੰਤ ਬਾਬਾ ਭਾਗ ਸਿੰਘ ਨਾਨਕਸਰ ਵਾਲਿਆਂ ਦੀ ਦੇਖ ਰੇਖ ਹੇਠ ਅਤੇ ਦੇਸ਼ ਵਿਦੇਸ਼ ਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ 27 ਜੁਲਾਈ 2026 ਤੋਂ 1 ਅਗਸਤ ਤੱਕ ਹਰ ਰੋਜ਼ ਸ਼ਾਮ 7 ਤੋਂ 10 ਵਜੇ ਤੱਕ ਕੀਰਤਨ ਦਰਬਾਰ ਹੋਵੇਗਾ। 2 ਅਗਸਤ ਨੂੰ ਸਵੇਰੇ ਸ੍ਰੀ ਸੰਪਟ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਦੀਵਾਨ ਸਜਾਏ ਜਾਣਗੇ , ਜਿੰਨ੍ਹਾਂ ’ਚ ਤਖ਼ਤ ਸਾਹਿਬਾਨਾਂ ਦੇ ਜਥੇਦਾਰ ਸਾਹਿਬ, ਸੰਤ ਮਹਾਂਪੁਰਖ, ਕੀਰਤਨੀ ਜਥਿਆਂ ਤੋਂ ਇਲਾਵਾ ਵੱਖ ਵੱਖ ਧਾਰਮਿਕ, ਰਾਜਨੀਤਿਕ, ਸਮਾਜਿਕ ਆਦਿ ਸੰਸਥਾਵਾਂ ਦੇ ਆਗੂ ਪਹੁੰਚ ਕੇ ਨਤਮਸਤਕ ਹੋਣਗੇ। ਇਸ ਮੌਕੇ ਭਾਈ ਰਛਪਾਲ ਸਿੰਘ ਅਨੰਦਪੁਰ ਸਾਹਿਬ, ਭਾਈ ਗੋਰਾ ਸਿੰਘ, ਭਾਈ ਧੰਨਾ ਸਿੰਘ, ਗੁਰਬਚਨ ਸਿੰਘ, ਗੁਰਸ਼ਰਨ ਸਿੰਘ, ਜਸਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਹਰਬੰਸ ਸਿੰਘ, ਜਰਨੈਲ ਸਿੰਘ, ਵਰਿੰਦਰ ਸਿੰਘ, ਅਕਾਸ਼ਦੀਪ ਸਿੰਘ, ਰਵਿੰਦਰ ਸਿੰਘ ਆਦਿ ਹਾਜ਼ਰ ਸਨ।