ਭੂੰਦੜੀ, 18 ਜੁਲਾਈ (ਕੁਲਦੀਪ ਸਿੰਘ ਮਾਨ)-ਸਦਰਪੁਰਾ ਨੇੜੇ ਸਿੱਧਵਾਂ ਬੇਟ ਜੀ.ਟੀ. ਰੋਡ ’ਤੇ ਪਏ ਡੂੰਘੇ ਟੋਇਆਂ ਕਾਰਨ ਹਰ ਰੋਜ਼ ਹਾਦਸਿਆਂ ਦਾ ਖ਼ਤਰਾ ਬਣਿਆ ਹੋਇਆ ਸੀ। ਟੋਇਆਂ ਵਿੱਚ ਫਸ ਕੇ ਕਈ ਦੋ ਪਹੀਆ ਅਤੇ ਚਾਰ ਪਹੀਆ ਵਾਹਨ ਹਾਦਸਿਆਂ ਦਾ ਸ਼ਿਕਾਰ ਹੋ ਰਹੇ ਸਨ, ਜਿਸ ਕਾਰਨ ਰਾਹਗੀਰਾਂ ਨੂੰ ਸੱਟਾਂ ਲੱਗਣ ਦੇ ਨਾਲ-ਨਾਲ ਵਾਹਨਾਂ ਦਾ ਵੀ ਨੁਕਸਾਨ ਹੋ ਰਿਹਾ ਸੀ। ਸਥਾਨਕ ਲੋਕਾਂ ਨੇ ਦੱਸਿਆ ਕਿ ਪਿਛਲੇ ਕਰੀਬ ਇੱਕ ਮਹੀਨੇ ਦੌਰਾਨ ਇਸ ਥਾਂ ’ਤੇ 30 ਤੋਂ 35 ਛੋਟੇ-ਵੱਡੇ ਹਾਦਸੇ ਵਾਪਰ ਚੁੱਕੇ ਹਨ। ਵਾਰ-ਵਾਰ ਸ਼ਿਕਾਇਤਾਂ ਦੇ ਬਾਵਜੂਦ ਜਦੋਂ ਸਬੰਧਤ ਵਿਭਾਗ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ ਤਾਂ ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਨੌਜਵਾਨ ਆਗੂ ਗੁਰਪ੍ਰੀਤ ਸਿੰਘ ਗਿੱਲ ਸਦਰਪੁਰਾ ਨੇ ਆਪਣੇ ਸਾਥੀਆਂ ਦੇ ਸਹਿਯੋਗ ਨਾਲ ਲੁੱਕ ਵਾਲਾ ਪ੍ਰੀਮਿਕਸ ਮੰਗਵਾ ਕੇ ਡੂੰਘੇ ਟੋਇਆਂ ਦੀ ਮੁਰੰਮਤ ਕਰਵਾਈ। ਇਸ ਉਪਰਾਲੇ ਨਾਲ ਰਾਹਗੀਰਾਂ ਨੂੰ ਕਾਫ਼ੀ ਰਾਹਤ ਮਿਲੀ ਹੈ ਅਤੇ ਇਲਾਕਾ ਵਾਸੀਆਂ ਨੇ ਗੁਰਪ੍ਰੀਤ ਸਿੰਘ ਗਿੱਲ ਸਦਰਪੁਰਾ ਅਤੇ ਉਨ੍ਹਾਂ ਦੀ ਟੀਮ ਦੀ ਸਮਾਜ ਸੇਵਾ ਦੀ ਭਰਪੂਰ ਸ਼ਲਾਘਾ ਕੀਤੀ। ਲੋਕਾਂ ਨੇ ਕਿਹਾ ਕਿ ਜਿੱਥੇ ਸਰਕਾਰੀ ਵਿਭਾਗ ਆਪਣੀ ਜ਼ਿੰਮੇਵਾਰੀ ਨਿਭਾਉਣ ਵਿੱਚ ਨਾਕਾਮ ਰਹੇ, ਉੱਥੇ ਨੌਜਵਾਨਾਂ ਨੇ ਅੱਗੇ ਆ ਕੇ ਲੋਕ ਹਿੱਤ ਵਿੱਚ ਮਿਸਾਲ ਪੇਸ਼ ਕੀਤੀ ਹੈ। ਇਸ ਮੌਕੇ ਇਲਾਕਾ ਨਿਵਾਸੀਆਂ ਨੇ ਪੰਜਾਬ ਸਰਕਾਰ ਅਤੇ ਸਬੰਧਤ ਵਿਭਾਗ ਤੋਂ ਮੰਗ ਕੀਤੀ ਕਿ ਜੀ.ਟੀ. ਰੋਡ ਦੀ ਜਲਦ ਤੋਂ ਜਲਦ ਪੱਕੇ ਤੌਰ ’ਤੇ ਮੁਰੰਮਤ ਕਰਵਾਈ ਜਾਵੇ ਤਾਂ ਜੋ ਭਵਿੱਖ ਵਿੱਚ ਅਜਿਹੇ ਹਾਦਸਿਆਂ ਤੋਂ ਬਚਿਆ ਜਾ ਸਕੇ ਅਤੇ ਲੋਕਾਂ ਨੂੰ ਸੁਰੱਖਿਅਤ ਆਵਾਜਾਈ ਦੀ ਸਹੂਲਤ ਮਿਲੇ।