ਭੂੰਦੜੀ, 18 ਜੁਲਾਈ (ਕੁਲਦੀਪ ਸਿੰਘ ਮਾਨ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਬੀ.ਬੀ.ਐੱਸ.ਬੀ. ਕਾਨਵੈਂਟ ਸਕੂਲ ਸਿੱਧਵਾਂ ਬੇਟ ਵਿਖੇ ਵਿਦਿਆਰਥੀਆਂ ਵਿੱਚ ਲੀਡਰਸ਼ਿਪ, ਅਨੁਸ਼ਾਸਨ ਅਤੇ ਜ਼ਿੰਮੇਵਾਰੀ ਦੀ ਭਾਵਨਾ ਨੂੰ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਇਨਵੈਸਚਰ ਸੈਰੇਮਨੀ ਕਰਵਾਈ ਗਈ। ਸਮਾਗਮ ਦੀ ਸ਼ੁਰੂਆਤ ਸਕੂਲ ਦੀ ਪ੍ਰਾਰਥਨਾ ਸਭਾ ਨਾਲ ਹੋਈ, ਜਿਸ ਵਿੱਚ ਸਮੂਹ ਵਿਦਿਆਰਥੀਆਂ ਅਤੇ ਸਟਾਫ਼ ਨੇ ਸ਼ਿਰਕਤ ਕੀਤੀ। ਇਸ ਮੌਕੇ ਸੀਨੀਅਰ ਵਿੰਗ ਦੇ ਵਿਦਿਆਰਥੀਆਂ ਵਿੱਚੋਂ ਤਨਵੀਰ ਸਿੰਘ ਨੂੰ ਹੈੱਡ ਬੁਆਏ ਅਤੇ ਇਸ਼ਨੀਤ ਕੌਰ ਨੂੰ ਹੈੱਡ ਗਰਲ ਚੁਣਿਆ ਗਿਆ। ਇਸ ਤੋਂ ਇਲਾਵਾ ਅਮਨਦੀਪ ਸਿੰਘ ਨੂੰ ਵਾਈਸ ਹੈੱਡ ਬੁਆਏ, ਸਿਮਰਨਜੀਤ ਕੌਰ ਨੂੰ ਵਾਈਸ ਹੈੱਡ ਗਰਲ ਅਤੇ ਨਵਰਾਜ ਸਿੰਘ ਨੂੰ ਸਪੋਰਟਸ ਕੈਪਟਨ ਦੀ ਜ਼ਿੰਮੇਵਾਰੀ ਸੌਂਪੀ ਗਈ। ਅਹੁਦੇਦਾਰਾਂ ਦੀ ਚੋਣ ਉਪਰੰਤ ਵਿਦਿਆਰਥੀਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਸਮੂਹ ਸਕੂਲ ਪਰਿਵਾਰ ਵੱਲੋਂ ਨਵ ਚੁਣੇ ਵਿਦਿਆਰਥੀ ਆਗੂਆਂ ਨੂੰ ਵਧਾਈ ਦਿੱਤੀ ਗਈ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਮੋਨਾ ਠਾਕੁਰ ਨੇ ਚੁਣੇ ਗਏ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਅਹੁਦੇ ਸਿਰਫ਼ ਸਨਮਾਨ ਨਹੀਂ, ਸਗੋਂ ਵੱਡੀ ਜ਼ਿੰਮੇਵਾਰੀ ਵੀ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਸਕੂਲ ਪ੍ਰਤੀ ਆਪਣੀਆਂ ਜ਼ਿੰਮੇਵਾਰੀਆਂ ਇਮਾਨਦਾਰੀ, ਅਨੁਸ਼ਾਸਨ ਅਤੇ ਸਮਰਪਣ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਹੋਰ ਵਿਦਿਆਰਥੀਆਂ ਨੂੰ ਵੀ ਪੜ੍ਹਾਈ ਦੇ ਨਾਲ-ਨਾਲ ਸਹਿ-ਪਾਠਕ੍ਰਮ ਗਤੀਵਿਧੀਆਂ ਵਿੱਚ ਵੱਧ-ਚੜ੍ਹ ਕੇ ਭਾਗ ਲੈਣ ਲਈ ਉਤਸ਼ਾਹਿਤ ਕੀਤਾ। ਸਮਾਗਮ ਦੌਰਾਨ ਸਕੂਲ ਦੀ ਸਮੂਹ ਮੈਨੇਜਮੈਂਟ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੀ। ਇਸ ਵਿੱਚ ਚੇਅਰਮੈਨ ਸਨੀ ਅਰੋੜਾ, ਵਾਈਸ ਚੇਅਰਮੈਨ ਰਜਿੰਦਰ ਕੁਮਾਰ ਬਾਵਾ, ਪ੍ਰਧਾਨ ਹਰੀਕ੍ਰਿਸ਼ਨ ਭਗਵਾਨ ਦਾਸ, ਮੈਨੇਜਿੰਗ ਡਾਇਰੈਕਟਰ ਸ਼ਾਮ ਸੁੰਦਰ ਭਾਰਦਵਾਜ, ਜਨਰਲ ਸਕੱਤਰ ਅੰਜੂ ਬਾਲਾ ਅਤੇ ਗਗਨਦੀਪ ਬਾਵਾ ਨੇ ਸ਼ਿਰਕਤ ਕਰਦਿਆਂ ਨਵ-ਨਿਯੁਕਤ ਵਿਦਿਆਰਥੀ ਆਗੂਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।