ਰਾਏਕੋਟ, 19 ਜੁਲਾਈ (ਬਲਵਿੰਦਰ ਸਿੰਘ ਲਿੱਤਰ) ਦਿੱਲੀ ਦੇ ਜੰਤਰ-ਮੰਤਰ ਵਿਖੇ ਵਿਦਿਆਰਥੀਆਂ ਦੇ ਚੱਲ ਰਹੇ ਸੰਘਰਸ਼ ਅਤੇ ਸੋਨਮ ਵਾਂਗਚੁੱਕ ਦੀ ਭੁੱਖ ਹੜਤਾਲ ਨੂੰ ਸੀਟੂ ਵੱਲੋਂ ਪੂਰਨ ਰੂਪ ’ਚ ਸਮੱਰਥਨ ਕਰਦਿਆਂ ਪੇਪਰ ਲੀਕ ਘਪਲਿਆਂ ਦੀ ਨੈਤਿਕ ਜ਼ਿੰਮੇਵਾਰੀ ਕਬੂਲ ਕਰਕੇ ਕੇਂਦਰੀ ਸਿੱਖਿਆ ਮੰਤਰੀ ਨੂੰ ਤੁਰੰਤ ਅਸਤੀਫ਼ਾ ਦੇਣ ਦੀ ਮੰਗ ਕੀਤੀ ਹੈ। ਸੀ.ਆਈ.ਟੀ.ਯੂ (ਸੀਟੂ) ਪੰਜਾਬ ਦੇ ਮੀਤ ਪ੍ਰਧਾਨ ਕਾਮਰੇਡ ਦਲਜੀਤ ਕੁਮਾਰ ਗੋਰਾ ਨੇ ਕਿਹਾ ਕਿ ਭਾਜਪਾ ਦੇ ਸੱਤਾ ’ਚ ਆਉਣ ਤੋਂ ਬਾਅਦ ਦੇਸ਼ ਵਿਚ ਲਗਾਤਾਰ ਸਾਹਮਣੇ ਆ ਰਹੇ ਪੇਪਰ ਲੀਕ ਘਪਲਿਆਂ ਨੇ ਲੱਖਾਂ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕੀਤਾ ਹੈ।ਸਰਕਾਰ ਦੀ ਨਾਕਾਮੀ ਅਤੇ ਲਾਪਰਵਾਹੀ ਕਾਰਨ ਕਰੋੜਾਂ ਨੌਜਵਾਨਾਂ ਦਾ ਸਰਕਾਰੀ ਭਰਤੀ ਪ੍ਰਣਾਲੀ ਅਤੇ ਪ੍ਰੀਖਿਆਵਾਂ ਤੋਂ ਵਿਸ਼ਵਾਸ ਉੱਠਦਾ ਜਾ ਰਿਹਾ ਹੈ। ਸੀਟੂ ਆਗੂ ਗੋਰਾ ਨੇ ਕਿਹਾ ਕਿ ਇੰਨ੍ਹਾਂ ਘਪਲਿਆਂ ਦੀ ਨੈਤਿਕ ਅਤੇ ਰਾਜਨੀਤਿਕ ਜ਼ਿੰਮੇਵਾਰੀ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੀ ਬਣਦੀ ਹੈ, ਇਸ ਲਈ ਉਹ ਤੁਰੰਤ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ ਅਤੇ ਕੇਂਦਰ ਸਰਕਾਰ ਇਸ ਨੂੰ ਸਵੀਕਾਰ ਕਰੇ। ਉਨ੍ਹਾਂ ਕਿਹਾ ਕਿ ਪੇਪਰ ਲੀਕ ਕਾਂਡਾਂ ਦੀ ਸੁਤੰਤਰ, ਨਿਰਪੱਖ ਅਤੇ ਸਮਾਂਬੱਧ ਜਾਂਚ ਕਰਵਾ ਕੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ ਅਤੇ ਪ੍ਰਭਾਵਿਤ ਵਿਦਿਆਰਥੀਆਂ ਨੂੰ ਇਨਸਾਫ਼ ਦਿੱਤਾ ਜਾਵੇ। ਸੀਟੂ ਪੰਜਾਬ ਨੇ ਕਿਹਾ ਕਿ ਸੋਨਮ ਵਾਂਗਚੁੱਕ ਦੀ ਭੁੱਖ ਹੜਤਾਲ ਅਤੇ ਵਿਦਿਆਰਥੀਆਂ ਦੇ ਲੋਕਤੰਤਰੀ ਸੰਘਰਸ਼ ਨੂੰ ਨਜ਼ਰ-ਅੰਦਾਜ਼ ਕਰਨਾ ਕੇਂਦਰ ਸਰਕਾਰ ਦੀ ਗੈਰ-ਜਮਹੂਰੀ ਅਤੇ ਲੋਕ ਵਿਰੋਧੀ ਸੋਚ ਨੂੰ ਬੇਨਕਾਬ ਕਰਦਾ ਹੈ। ਸੀਟੂ ਆਗੂ ਨੇ ਕਿਹਾ ਕਿ ਦੇਸ਼ ਦੀ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਵਿਦਿਆਰਥੀਆਂ ਅਤੇ ਸੰਘਰਸ਼ੀ ਲੋਕਾਂ ਦੀਆਂ ਜਾਇਜ਼ ਮੰਗਾਂ ਨੂੰ ਦਬਾਉਣ ਦੀ ਬਜਾਏ, ਉਨ੍ਹਾਂ ਨਾਲ ਤੁਰੰਤ ਗੱਲਬਾਤ ਕਰਕੇ ਹੱਲ ਕਰੇ। ਉਨ੍ਹਾਂ ਸਰਕਾਰ ਉੱਤੇ ਲੋਕਤੰਤਰੀ ਦਬਾਅ ਬਣਾਉਣ ਲਈ ਸੰਘਰਸ਼ਾਂ ਨੂੰ ਹੋਰ ਮਜ਼ਬੂਤ ਕਰਨ ਦੀ ਅਪੀਲ ਕੀਤੀ।
ਸਰਕਾਰ ਦੀ ਲਾਪਰਵਾਹੀ ਕਾਰਨ ਕਰੋੜਾਂ ਨੌਜਵਾਨਾਂ ਦਾ ਸਰਕਾਰੀ ਭਰਤੀ ਪ੍ਰਣਾਲੀ ਅਤੇ ਪ੍ਰੀਖਿਆਵਾਂ ਤੋਂ ਉੱਠਿਆ ਵਿਸ਼ਵਾਸ- ਕਾਮਰੇਡ ਦਲਜੀਤ ਗੋਰਾ ਕਿਹਾ, ਦੇਸ਼ ਦੇ ਸਿੱਖਿਆ ਮੰਤਰੀ ਤੁਰੰਤ ਅਹੁਦੇ ਤੋਂ ਅਸਤੀਫ਼ਾ ਦੇਣ
ਅਜੀਤ ਡੈਸਕ
20-07-2026