ਜਗਰਾਉਂ, 19 ਜੁਲਾਈ (ਸ਼ਮਸ਼ੇਰ ਸਿੰਘ ਗਾਲਿਬ)-ਹਲਕਾ ਜਗਰਾਉਂ ਦੇ ਪਿੰਡ ਸ਼ੇਰੇਵਾਲ ਵਿਖੇ ਕਾਂਗਰਸੀ ਪਰਿਵਾਰਾਂ ਨੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਕਾਂਗਰਸ ਪਾਰਟੀ ਨਾਲੋਂ ਤੋੜ ਵਿਛੋੜਾ ਕਰਦਿਆਂ ਵੱਡੀ ਗਿਣਤੀ ਵਿਚ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਹਲਕਾ ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਅਤੇ ਪ੍ਰੋਫ਼ੈਸਰ ਸੁਖਵਿੰਦਰ ਸਿੰਘ ਨੇ ਆਪਣੇ ਸਾਥੀਆਂ ਸਮੇਤ ਪਹੁੰਚ ਕੇ ਕਾਂਗਰਸ ਪਾਰਟੀ ਛੱਡਣ ਵਾਲੇ ਪਰਿਵਾਰਾਂ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਕਰਵਾਇਆ ਅਤੇ ਪਾਰਟੀ ਅੰਦਰ ਉਨ੍ਹਾਂ ਪਰਿਵਾਰਾਂ ਨੂੰ ਪੂਰਾ ਮਾਣ-ਸਨਮਾਨ ਦੇਣ ਦਾ ਵਾਅਦਾ ਕੀਤਾ। ਇਸ ਮੌਕੇ ਵਿਧਾਇਕਾ ਬੀਬੀ ਮਾਣੂੰਕੇ ਨੇ ਆਖਿਆ ਕਿ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਲੋਕਪੱਖੀ ਫ਼ੈਸਲੇ ਕਰ ਰਹੀ ਹੈ ਅਤੇ ਪੰਜਾਬ ਦੇ ਲੋਕ ਪੂਰੀ ਤਰ੍ਹਾਂ ਪੰਜਾਬ ਸਰਕਾਰ ਤੋਂ ਖੁਸ਼ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ‘ਮਾਵਾਂ-ਧੀਆਂ ਸਤਿਕਾਰ ਯੋਜਨਾਂ’ ਸ਼ੁਰੂ ਕਰਕੇ 1000-1500 ਰੁਪਏ ਪ੍ਰਤੀ ਮਹੀਨਾ ਦੇਣਾ ਸ਼ੁਰੂ ਕਰ ਦਿੱਤਾ ਗਿਆ ਹੈ। ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਸ਼ੁਰੂ ਕਰਕੇ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਤੋਂ ਬਚਾਇਆ ਹੈ। ਉਨ੍ਹਾਂ ਆਖਿਆ ਕਿ ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਦੀ ਹਾਲਤ ਵੱਡੇ ਪੱਧਰ ’ਤੇ ਉਪਰਾਲੇ ਕਰਕੇ ਸੁਧਾਰੀ ਗਈ ਹੈ, ਲੋਕਾਂ ਨੂੰ 600 ਯੂਨਿਟ ਬਿਜਲੀ ਦਿੱਤੀ ਜਾ ਰਹੀ ਹੈ ਅਤੇ ਨਿਰਵਿਘਨ ਬਿਜਲੀ ਸਪਲਾਈ ਦੇਣ ਲਈ ਜੰਗੀ ਪੱਧਰ ’ਤੇ ਉਪਰਾਲੇ ਕੀਤੇ ਜਾ ਰਹੇ ਹਨ। ਪਿੰਡਾਂ ਦੀਆਂ ਸੜਕਾਂ ਦੀ ਨੁਹਾਰ ਬਦਲਣ ਲਈ ਨਵੀਨੀਕਰਨ ਕੀਤਾ ਜਾ ਰਿਹਾ ਹੈ ਅਤੇ ਸ਼ਗਮ ਸਕੀਮ ਤਹਿਤ ਕਰੋੜਾਂ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਹਾਦਸਿਆਂ ਨੂੰ ਰੋਕਣ ਲਈ ‘ਸੜਕ ਸੁਰੱਖਿਆ ਫੋਰਸ’ ਦੀ ਭਰਤੀ ਕਰਕੇ ਤਾਇਨਾਤੀ ਕੀਤੀ ਗਈ ਹੈ, ਜਿਸ ਨਾਲ ਪਿਛਲੇ ਸਾਲਾਂ ਦੇ ਮੁਕਾਬਲੇ ਸੜਕ ਹਾਦਸਿਆਂ ਕਾਰਨ ਹੋਣ ਵਾਲੀਆਂ ਮੌਤਾਂ ਕਮੀ ਆਈ ਹੈ। ਇਸ ਮੌਕੇ ਕਰਮ ਸਿੰਘ ਸਿੱਧੂ, ਸਰਪੰਚ ਜਗਦੀਪ ਸਿੰਘ ਸ਼ੇਰੇਵਾਲ, ਸਰਪੰਚ ਦੇਸਾ ਸਿੰਘ ਬਾਘੀਆਂ, ਸਰਪੰਚ ਰਾਜਦੀਪ ਸਿੰਘ ਮੁਨੱਬਰਪੁਰਾ, ਬਲਵੰਤ ਸਿੰਘ ਸ਼ੌਂਕੀ, ਜਰਨੈਲ ਸਿੰਘ ਜੈਲੀ, ਗੁਰਚਰਨ ਸਿੰਘ, ਦਿਲਬਾਗ ਸਿੰਘ, ਗੁਰਪ੍ਰੀਤ ਸਿੰਘ, ਗੋਲੂ ਤਿਹਾੜਾ, ਸੁਰਜੀਤੋ ਬਾਈ, ਕੁਲਵੰਤ ਕੌਰ, ਮਹਿੰਦਰ ਕੌਰ, ਜੋਗਿੰਦਰ ਕੌਰ, ਦਾਨੋ ਬਾਈ, ਹਰਪ੍ਰੀਤ ਕੌਰ, ਸੁਰਿੰਦਰ ਕੌਰ ਆਦਿ ਵੀ ਹਾਜ਼ਰ ਸਨ।
ਪਿੰਡ ਸ਼ੇਰੇਵਾਲ ਦੇ ਕਾਂਗਰਸੀ ਪਰਿਵਾਰਾਂ ਨੇ ਫੜਿਆ ਆਮ ਆਦਮੀ ਪਾਰਟੀ ਦਾ ਪੱਲਾ
ਅਜੀਤ ਡੈਸਕ
20-07-2026