03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਦੇਰ ਰਾਤ ਮੁੱਖ ਬਾਜ਼ਾਰ ’ਚ ਗੁੰਡਾਗਰਦੀ ਦਾ ਨੰਗਾ ਨਾਚ, ਦੋ ਨੌਜਵਾਨਾਂ ’ਤੇ ਬੇਸਬਾਲ ਬੈਟਾਂ ਨਾਲ ਜਾਨਲੇਵਾ ਹਮਲਾ ਕਮਲ ਚੌਂਕ ਜਗਰਾਉਂ ਨੇੜੇ ਚਾਰ ਹਮਲਾਵਰਾਂ ਨੇ ਸੜਕ ਵਿਚਕਾਰ ਕੀਤੀ ਕੁੱਟਮਾਰ

Ad Position 21
No active advertisement
ਅਜੀਤ ਡੈਸਕ 23-07-2026

ਜਗਰਾਉਂ, 22 ਜੁਲਾਈ (ਗੁਰਦੀਪ ਸਿੰਘ ਮਲਕ)-ਸ਼ਹਿਰ ਦੇ ਸਭ ਤੋਂ ਰਸ਼ ਵਾਲੇ ਅਤੇ ਸੰਵੇਦਨਸ਼ੀਲ ਇਲਾਕੇ ਮੁੱਖ ਬਾਜ਼ਾਰ ਵਿੱਚ ਮੰਗਲਵਾਰ ਦੇਰ ਰਾਤ ਬਦਮਾਸ਼ਾਂ ਨੇ ਬੇਖੌਫ ਹੋ ਕੇ ਗੁੰਡਾਗਰਦੀ ਦਾ ਅਜਿਹਾ ਨੰਗਾ ਨਾਚ ਕੀਤਾ, ਜਿਸ ਨਾਲ ਕਾਨੂੰਨ-ਵਿਵਸਥਾ ’ਤੇ ਗੰਭੀਰ ਸਵਾਲ ਖੜ੍ਹੇ ਹੋ ਗਏ ਹਨ। ਕਮਲ ਚੌਂਕ ਜਗਰਾਉਂ ਨੇੜੇ ਪੁਰਾਣੀ ਸਬਜ਼ੀ ਮੰਡੀ ਰੋਡ ’ਤੇ ਚਾਰ ਅਣਪਛਾਤੇ ਹਮਲਾਵਰਾਂ ਨੇ ਮੋਟਰਸਾਈਕਲ ’ਤੇ ਜਾ ਰਹੇ ਦੋ ਨੌਜਵਾਨਾਂ ਨੂੰ ਘੇਰ ਕੇ ਬੇਸਬਾਲ ਬੈਟਾਂ ਨਾਲ ਜਾਨਲੇਵਾ ਹਮਲਾ ਕਰ ਦਿੱਤਾ। ਹਮਲੇ ਵਿੱਚ ਦੋਵੇਂ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਪੀੜਤਾਂ ਦਾ ਆਈਫੋਨ, ਬੈਗ ਅਤੇ ਮੋਟਰਸਾਈਕਲ ਲੁੱਟ ਕੇ ਫ਼ਰਾਰ ਹੋ ਗਏ। ਹੈਰਾਨੀ ਦੀ ਗੱਲ ਇਹ ਹੈ ਕਿ ਘਟਨਾ ਸਥਾਨ ਤੋਂ ਕੁਝ ਹੀ ਮੀਟਰ ਦੀ ਦੂਰੀ ’ਤੇ ਝਾਂਸੀ ਰਾਣੀ ਚੌਕ ਵਿੱਚ ਸਿਟੀ ਪੁਲਿਸ ਦਾ ਨਾਕਾ ਲੱਗਿਆ ਹੋਇਆ ਸੀ, ਜਿੱਥੇ ਪੁਲਿਸ ਅਧਿਕਾਰੀ ਅਤੇ ਕਰਮਚਾਰੀ ਤਾਇਨਾਤ ਸਨ। ਇਸ ਦੇ ਬਾਵਜੂਦ ਬਦਮਾਸ਼ਾਂ ਨੇ ਭੀੜਭਾੜ ਵਾਲੇ ਇਲਾਕੇ ਵਿੱਚ ਬੇਖੌਫ ਹੋ ਕੇ ਹਮਲਾ ਕੀਤਾ ਅਤੇ ਆਸਾਨੀ ਨਾਲ ਫ਼ਰਾਰ ਹੋ ਗਏ। ਇਸ ਘਟਨਾ ਨੇ ਸ਼ਹਿਰ ਦੀ ਸੁਰੱਖਿਆ ਵਿਵਸਥਾ ’ਤੇ ਸਵਾਲੀਆ ਨਿਸ਼ਾਨ ਲਾ ਦਿੱਤਾ ਹੈ।ਜਾਣਕਾਰੀ ਅਨੁਸਾਰ ਪਿੰਡ ਸੋਹੀਆਂ ਦਾ ਰਹਿਣ ਵਾਲਾ ਬ੍ਰਿਜਪਾਲ ਪੁੱਤਰ ਭੂਸ਼ਣ ਲਾਲ ਅਤੇ ਮੋਗਾ ਜ਼ਿਲ੍ਹੇ ਦੇ ਪਿੰਡ ਕੋਕਰੀ ਦਾ ਰਹਿਣ ਵਾਲਾ ਲਵਪ੍ਰੀਤ ਸਿੰਘ ਪੁੱਤਰ ਨਛੱਤਰ ਸਿੰਘ, ਜੋ ਦੋਵੇਂ ਐਮਾਜ਼ਾਨ ਕੰਪਨੀ ਵਿੱਚ ਕੰਮ ਕਰਦੇ ਹਨ, ਮੰਗਲਵਾਰ ਰਾਤ ਕਰੀਬ 8:30 ਵਜੇ ਡਿਊਟੀ ਖ਼ਤਮ ਕਰਨ ਤੋਂ ਬਾਅਦ ਦਸਤਾਨੇ ਖਰੀਦਣ ਲਈ ਕਮਲ ਚੌਂਕ ਤੋਂ ਪੁਰਾਣੀ ਸਬਜ਼ੀ ਮੰਡੀ ਰੋਡ ਵੱਲ ਜਾ ਰਹੇ ਸਨ। ਇਸੇ ਦੌਰਾਨ ਪਹਿਲਾਂ ਤੋਂ ਘਾਤ ਲਗਾ ਕੇ ਬੈਠੇ ਚਾਰ ਅਣਪਛਾਤੇ ਹਮਲਾਵਰਾਂ ਨੇ ਦੋਵਾਂ ਨੂੰ ਘੇਰ ਲਿਆ ਅਤੇ ਬੇਸਬਾਲ ਬੈਟਾਂ ਨਾਲ ਤਾਬੜਤੋੜ ਹਮਲਾ ਕਰ ਦਿੱਤਾ। ਅਚਾਨਕ ਹੋਏ ਹਮਲੇ ਕਾਰਨ ਦੋਵੇਂ ਨੌਜਵਾਨ ਗੰਭੀਰ ਜ਼ਖ਼ਮੀ ਹੋ ਕੇ ਸੜਕ ‘ਤੇ ਡਿੱਗ ਪਏ। ਮੌਕੇ ’ਤੇ ਮੌਜੂਦ ਲੋਕਾਂ ਦੇ ਅਨੁਸਾਰ ਹਮਲਾਵਰਾਂ ਨੇ ਕਾਫ਼ੀ ਦੇਰ ਤੱਕ ਬੇਰਹਿਮੀ ਨਾਲ ਕੁੱਟਮਾਰ ਕੀਤੀ ਅਤੇ ਜਾਂਦੇ ਸਮੇਂ ਲਵਪ੍ਰੀਤ ਸਿੰਘ ਦਾ ਆਈਫੋਨ ਅਤੇ ਬੈਗ, ਜਦਕਿ ਬ੍ਰਿਜਪਾਲ ਦਾ ਮੋਟਰਸਾਈਕਲ ਲੁੱਟ ਕੇ ਫ਼ਰਾਰ ਹੋ ਗਏ। ਵਾਰਦਾਤ ਤੋਂ ਬਾਅਦ ਆਸ-ਪਾਸ ਦੇ ਦੁਕਾਨਦਾਰਾਂ ਅਤੇ ਰਾਹਗੀਰਾਂ ਨੇ ਦੋਵਾਂ ਜ਼ਖ਼ਮੀਆਂ ਨੂੰ ਤੁਰੰਤ ਸਿਵਲ ਹਸਪਤਾਲ ਜਗਰਾਉਂ ਪਹੁੰਚਾਇਆ। ਮੁੱਢਲੇ ਇਲਾਜ ਤੋਂ ਬਾਅਦ ਡਾਕਟਰਾਂ ਨੇ ਲਵਪ੍ਰੀਤ ਸਿੰਘ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਫ਼ਰੀਦਕੋਟ, ਜਦਕਿ ਬ੍ਰਿਜਪਾਲ ਨੂੰ ਲੁਧਿਆਣਾ ਰੈਫਰ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਬ੍ਰਿਜਪਾਲ ਦੀ ਹਾਲਤ ਬਹੁਤ ਨਾਜ਼ੁਕ ਬਣੀ ਹੋਈ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਆਸ-ਪਾਸ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਖੰਗਾਲ ਰਹੀ ਹੈ ਅਤੇ ਹਮਲਾਵਰਾਂ ਦੀ ਪਛਾਣ ਕਰਕੇ ਜਲਦੀ ਗ੍ਰਿਫ਼ਤਾਰ ਕਰਨ ਦਾ ਦਾਅਵਾ ਕਰ ਰਹੀ ਹੈ। ਇਸ ਜਾਨਲੇਵਾ ਹਮਲੇ ਤੋਂ ਬਾਅਦ ਸ਼ਹਿਰ ਵਿੱਚ ਪਹਿਲਾਂ ਇੱਕ ਨੌਜਵਾਨ ਦੇ ਕਤਲ ਦੀ ਅਫ਼ਵਾਹ ਫੈਲ ਗਈ। ਇੱਥੋਂ ਤੱਕ ਕਿ ਕਿਸੇ ਨੇ ਥਾਣਾ ਸਿਟੀ ਪੁਲਿਸ ਨੂੰ ਵੀ ਸੂਚਨਾ ਦੇ ਦਿੱਤੀ ਕਿ ਕਮਲ ਚੌਕ ਨੇੜੇ ਇੱਕ ਨੌਜਵਾਨ ਦੀ ਹੱਤਿਆ ਕਰ ਦਿੱਤੀ ਗਈ ਹੈ ਅਤੇ ਉਸ ਦੀ ਲਾਸ਼ ਸੜਕ ’ਤੇ ਪਈ ਹੈ। ਹਾਲਾਂਕਿ ਮੌਕੇ ‘ਤੇ ਪਹੁੰਚੀ ਪੁਲਿਸ ਨੂੰ ਪਤਾ ਲੱਗਾ ਕਿ ਜ਼ਖ਼ਮੀ ਨੌਜਵਾਨ ਦੇ ਸਾਹਾਂ ਚੱਲ ਰਹੇ ਸਨ ਅਤੇ ਉਸ ਨੂੰ ਤੁਰੰਤ ਹਸਪਤਾਲ ਭਿਜਵਾ ਦਿੱਤਾ ਗਿਆ।

Ad Position 22
No active advertisement
ਪਿਛਲੀ ਖ਼ਬਰ ਸਾਬਕਾ ਡਿਪਟੀ ਜ਼ਿਲ੍ਹਾ ਸਿੱਖਿਆ ਅਫ਼ਸਰ ਵਿਰਕ ‘ਆਪ’ ਐਜੂਕੇਸ਼ਨ ਵਿੰਗ ਦੇ ਜ਼ਿਲ੍ਹਾ ਇੰਚਾਰਜ ਨਿਯੁਕਤ ਵਿਰਕ ਨੇ ਪਾਰਟੀ ਹਾਈਕਮਾ... ਅਗਲੀ ਖ਼ਬਰ -ਮਾਮਲਾ ਭਾਰਤ-ਅਮਰੀਕਾ ਸਮਝੌਤੇ ਰੱਦ ਕਰਨ ਸੰਬੰਧੀ- ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ਵਿਚ ਕਿਸਾਨ ਜਥੇਬੰਦੀਆਂ ਨੇ 4 ਘੰਟ...
Ad Position 24
No active advertisement