ਰਾਏਕੋਟ, 22 ਜੁਲਾਈ (ਬਲਵਿੰਦਰ ਸਿੰਘ ਲਿੱਤਰ) ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸੂਬਾ ਵਾਸੀਆਂ ਨੂੰ ਪਵਿੱਤਰ ਧਾਰਮਿਕ ਅਸਥਾਨਾਂ ਦੇ ਸੁਖਾਲੇ ਅਤੇ ਮੁਫ਼ਤ ਦਰਸ਼ਨ-ਦੀਦਾਰੇ ਕਰਵਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਵਿਧਾਇਕ ਠੇਕੇਦਾਰ ਹਾਕਮ ਸਿੰਘ ਵਲੋਂ ਪਿੰਡ ਰਾਜਗੜ੍ਹ ਤੋਂ ਸ਼ਰਧਾਲੂਆਂ ਦੀ ਬੱਸ ਨੂੰ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਦਰਸ਼ਨਾਂ ਲਈ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਵਿਧਾਇਕ ਠੇਕੇਦਾਰ ਹਾਕਮ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੇ ਹਿੱਤਾਂ ਲਈ ਨਿਰੰਤਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਵਿਸ਼ੇਸ਼ ਤੌਰ ’ਤੇ ਉਨ੍ਹਾਂ ਬਜ਼ੁਰਗਾਂ ਅਤੇ ਪਰਿਵਾਰਾਂ ਲਈ ਖ਼ਾਸ ਉਪਰਾਲਾ ਹੈ, ਜੋ ਆਰਥਿਕ ਜਾਂ ਹੋਰ ਮਜ਼ਬੂਰੀਆਂ ਕਰਕੇ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਤੋਂ ਵਾਂਝੇ ਰਹਿ ਜਾਂਦੇ ਸਨ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਯਾਤਰੀਆਂ ਦੇ ਆਉਣ-ਜਾਣ, ਰਹਿਣ-ਸਹਿਣ ਅਤੇ ਖਾਣ-ਪੀਣ ਦਾ ਸਮੁੱਚਾ ਖ਼ਰਚਾ ਪੰਜਾਬ ਸਰਕਾਰ ਵਲੋਂ ਚੁੱਕਿਆ ਜਾ ਰਿਹਾ ਹੈ ਅਤੇ ਸਰਕਾਰ ਦਾ ਮੰਤਵ ਹੈ ਕਿ ਸੰਗਤਾਂ ਬਿਨ੍ਹਾਂ ਕਿਸੇ ਵਿੱਤੀ ਬੋਝ ਤੋਂ ਪਵਿੱਤਰ ਧਾਰਮਿਕ ਅਸਥਾਨਾਂ ’ਤੇ ਨਤਮਸਤਕ ਹੋ ਸਕਣ। ਇਸ ਮੌਕੇ ਪਿੰਡ ਰਾਜਗੜ੍ਹ ਦੀਆਂ ਸੰਗਤਾਂ ਅਤੇ ਗ੍ਰਾਮ ਪੰਚਾਇਤ ਵੱਲੋਂ ਇਸ ਸ਼ਲਾਘਾਯੋਗ ਉਪਰਾਲੇ ’ਤੇ ‘ਆਪ’ ਸਰਕਾਰ ਤੇ ਵਿਧਾਇਕ ਠੇਕੇਦਾਰ ਹਾਕਮ ਸਿੰਘ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ। ਇਸ ਮੌਕੇ ਚੇਅਰਮੈਨ ਰਾਜਦੀਪ ਸਿੰਘ ਆਂਡਲੂ ਕੋਆਰਡੀਨੇਟਰ ਤੀਰਥ ਯਾਤਰਾ ਯੋਜਨਾ, ਚੇਅਰਮੈਨ ਗੁਰਮਿੰਦਰ ਸਿੰਘ ਤੂਰ, ਸਰਪੰਚ ਗੁਰਗੀਤ ਕੌਰ ਢਿੱਲੋਂ, ਸੁਖਵਿੰਦਰ ਸਿੰਘ ਰਾਜ਼ੀ ਢਿੱਲੋਂ, ਪੰਚ ਜਸਵੰਤ ਸਿੰਘ, ਪੰਚ ਗੁਰਪ੍ਰੀਤ ਸਿੰਘ, ਪੰਚ ਸੁਖਜਿੰਦਰ ਸਿੰਘ, ਪੰਚ ਗੁਰਜੰਟ ਸਿੰਘ, ਪੰਚ ਹਰਭੋਲ ਸਿੰਘ, ਪ੍ਰਧਾਨ ਗੁਰਚਰਨ ਸਿੰਘ, ਬਲਵਿੰਦਰ ਸਿੰਘ, ਮਲਕੀਤ ਸਿੰਘ, ਲਾਲ ਸਿੰਘ, ਸ਼ਿੰਗਾਰਾ ਸਿੰਘ, ਵਿਸ਼ਵਜੀਤ ਸਿੰਘ ਢਿੱਲੋਂ, ਰਾਜਪ੍ਰੀਤ ਸਿੰਘ ਆਦਿ ਸੰਗਤਾਂ ਹਾਜ਼ਰ ਸਨ।