ਜਗਰਾਉਂ, 24 ਜੁਲਾਈ (ਹਰਵਿੰਦਰ ਸਿੰਘ ਖ਼ਾਲਸਾ)-ਜਗਰਾਉਂ ਨਗਰ ਕੌਂਸਲ ਦੇ ਨਵੇਂ ਚੁਣੇ ਗਏ ਪ੍ਰਧਾਨ ਕੰਵਰਪਾਲ ਸਿੰਘ ਨੇ ਵੀਰਵਾਰ ਨੂੰ ਉਤਸ਼ਾਹ ਭਰੇ ਮਾਹੌਲ ਵਿੱਚ ਆਪਣੇ ਅਹੁਦੇ ਦਾ ਰਸਮੀ ਚਾਰਜ ਸੰਭਾਲ ਲਿਆ। ਇਸ ਮੌਕੇ ਨਗਰ ਕੌਂਸਲ ਦਫ਼ਤਰ ਵਿੱਚ ਕਰਵਾਏ ਗਏ ਸਮਾਗਮ ਦੌਰਾਨ ਸ਼ਹਿਰ ਦੇ ਪਤਵੰਤੇ ਨਾਗਰਿਕਾਂ, ਕੌਂਸਲਰਾਂ, ਸਮਾਜਿਕ ਆਗੂਆਂ ਅਤੇ ਵੱਡੀ ਗਿਣਤੀ ਵਿੱਚ ਪਾਰਟੀ ਵਰਕਰਾਂ ਨੇ ਸ਼ਿਰਕਤ ਕਰਦਿਆਂ ਨਵੇਂ ਪ੍ਰਧਾਨ ਨੂੰ ਵਧਾਈ ਦਿੱਤੀ। ਸਮਾਗਮ ਦੀ ਸ਼ੁਰੂਆਤ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਨਾਲ ਹੋਈ, ਜਿਸ ਉਪਰੰਤ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਅਰਦਾਸ ਤੋਂ ਬਾਅਦ ਨਵੇਂ ਪ੍ਰਧਾਨ ਕੰਵਰਪਾਲ ਸਿੰਘ ਨੇ ਰਸਮੀ ਤੌਰ ’ਤੇ ਆਪਣਾ ਅਹੁਦਾ ਸੰਭਾਲਿਆ। ਇਸ ਮੌਕੇ ਹਾਜ਼ਰ ਆਗੂਆਂ ਅਤੇ ਕੌਂਸਲਰਾਂ ਨੇ ਉਨ੍ਹਾਂ ਨੂੰ ਫੁੱਲਾਂ ਦੇ ਗੁਲਦਸਤੇ ਅਤੇ ਸਿਰੋਪਾਓ ਭੇਟ ਕਰਕੇ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ।ਇਸ ਮੌਕੇ ਹਲਕਾ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਨਗਰ ਕੌਂਸਲ ਦੇ ਸਮੂਹ 23 ਕੌਂਸਲਰਾਂ ਨੂੰ ਸਨਮਾਨਿਤ ਕੀਤਾ। ਆਪਣੇ ਸੰਬੋਧਨ ਦੌਰਾਨ ਉਨ੍ਹਾਂ ਕਿਹਾ ਕਿ ਲੋਕਾਂ ਨੇ ਆਪਣੇ ਨੁਮਾਇੰਦਿਆਂ ’ਤੇ ਭਰੋਸਾ ਜਤਾਇਆ ਹੈ ਅਤੇ ਹੁਣ ਸਾਰਿਆਂ ਦੀ ਜ਼ਿੰਮੇਵਾਰੀ ਹੈ ਕਿ ਉਹ ਪਾਰਟੀਬਾਜ਼ੀ ਅਤੇ ਨਿੱਜੀ ਸਵਾਰਥਾਂ ਤੋਂ ਉੱਪਰ ਉੱਠ ਕੇ ਸ਼ਹਿਰ ਦੇ ਵਿਕਾਸ ਲਈ ਇੱਕਜੁੱਟ ਹੋ ਕੇ ਕੰਮ ਕਰਨ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉੱਤਰਦਿਆਂ ਜਗਰਾਉਂ ਨੂੰ ਇੱਕ ਸੁੰਦਰ, ਸਾਫ਼-ਸੁਥਰਾ ਅਤੇ ਆਧੁਨਿਕ ਸ਼ਹਿਰ ਬਣਾਉਣ ਲਈ ਯਤਨਸ਼ੀਲ ਰਹੇਗੀ। ਨਵੇਂ ਪ੍ਰਧਾਨ ਕੰਵਰਪਾਲ ਸਿੰਘ ਨੇ ਆਪਣੇ ਪਹਿਲੇ ਸੰਬੋਧਨ ਵਿੱਚ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਦੀ ਅਗਵਾਈ ਹੇਠ ਜਗਰਾਉਂ ਦੇ ਸਰਵਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਹਰ ਵਾਰਡ ਵਿੱਚ ਲੋੜ ਅਨੁਸਾਰ ਤਰਜੀਹ ਦੇ ਆਧਾਰ ’ਤੇ ਕੰਮ ਕਰਵਾਏ ਜਾਣਗੇ। ਉਨ੍ਹਾਂ ਸਪੱਸ਼ਟ ਕੀਤਾ ਕਿ ਨਗਰ ਕੌਂਸਲ ਵੱਲੋਂ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦਾ ਪੱਖਪਾਤ ਨਹੀਂ ਕੀਤਾ ਜਾਵੇਗਾ ਅਤੇ ਸ਼ਹਿਰ ਦੇ ਸਾਰੇ 23 ਵਾਰਡਾਂ ਨੂੰ ਬਰਾਬਰ ਤਰਜੀਹ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸ਼ਹਿਰ ਦੀਆਂ ਟੁੱਟੀਆਂ ਸੜਕਾਂ ਦੀ ਮੁਰੰਮਤ ਅਤੇ ਨਵੀਆਂ ਸੜਕਾਂ ਦਾ ਨਿਰਮਾਣ, ਸੀਵਰੇਜ ਪ੍ਰਣਾਲੀ ਨੂੰ ਸੁਧਾਰਨਾ, ਸਫ਼ਾਈ ਵਿਵਸਥਾ ਨੂੰ ਹੋਰ ਮਜ਼ਬੂਤ ਕਰਨਾ, ਪੀਣ ਵਾਲੇ ਸਾਫ਼ ਪਾਣੀ ਦੀ ਨਿਰਵਿਘਨ ਸਪਲਾਈ, ਸਟਰੀਟ ਲਾਈਟਾਂ ਦੀ ਵਿਵਸਥਾ ਅਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਯਕੀਨੀ ਬਣਾਉਣਾ ਨਵੀਂ ਨਗਰ ਕੌਂਸਲ ਦੀ ਪਹਿਲੀ ਤਰਜੀਹ ਹੋਵੇਗੀ। ਇਸ ਤੋਂ ਇਲਾਵਾ ਸ਼ਹਿਰ ਵਿੱਚ ਪਾਰਕਾਂ ਦੀ ਸੰਭਾਲ, ਕੂੜਾ ਪ੍ਰਬੰਧਨ, ਡਰੇਨੇਜ ਪ੍ਰਣਾਲੀ ਅਤੇ ਸੁੰਦਰਤਾ ਵਧਾਉਣ ਲਈ ਵੀ ਵਿਸ਼ੇਸ਼ ਯੋਜਨਾਵਾਂ ਤਿਆਰ ਕੀਤੀਆਂ ਜਾਣਗੀਆਂ। ਉਨ੍ਹਾਂ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਨਗਰ ਕੌਂਸਲ ਦੇ ਦਰਵਾਜ਼ੇ ਹਰ ਸਮੇਂ ਆਮ ਜਨਤਾ ਲਈ ਖੁੱਲ੍ਹੇ ਰਹਿਣਗੇ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਪਹਿਲ ਦੇ ਆਧਾਰ ’ਤੇ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਗਰਾਉਂ ਦੇ ਵਿਕਾਸ ਵਿੱਚ ਕਿਸੇ ਵੀ ਕਿਸਮ ਦੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਸ਼ਹਿਰ ਨੂੰ ਵਿਕਾਸ ਦੀਆਂ ਨਵੀਂਆਂ ਬੁਲੰਦੀਆਂ ਤੱਕ ਲਿਜਾਣ ਲਈ ਸਮੂਹ ਕੌਂਸਲਰਾਂ ਅਤੇ ਪ੍ਰਸ਼ਾਸਨ ਦੇ ਸਹਿਯੋਗ ਨਾਲ ਕੰਮ ਕੀਤਾ ਜਾਵੇਗਾ।ਸਮਾਗਮ ਦੌਰਾਨ ਨਗਰ ਕੌਂਸਲ ਦੇ ਕੌਂਸਲਰਾਂ, ਪਾਰਟੀ ਆਗੂਆਂ, ਸਮਾਜਿਕ ਸੰਸਥਾਵਾਂ ਦੇ ਨੁਮਾਇੰਦਿਆਂ ਅਤੇ ਵੱਡੀ ਗਿਣਤੀ ਵਿੱਚ ਸਮਰਥਕਾਂ ਨੇ ਨਵੇਂ ਪ੍ਰਧਾਨ ਨੂੰ ਫੁੱਲਾਂ ਦੇ ਹਾਰ ਪਾ ਕੇ ਅਤੇ ਮਿਠਾਈਆਂ ਵੰਡ ਕੇ ਵਧਾਈ ਦਿੱਤੀ।