ਜਗਰਾਉਂ, 25 ਜੁਲਾਈ (ਸ਼ਮਸ਼ੇਰ ਸਿੰਘ ਗਾਲਿਬ)-ਪੰਜਾਬ ਰਾਜ ਅਤੇ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਅਤੇ ਪਦਮ ਸ੍ਰੀ ਜਤਿੰਦਰ ਸਿੰਘ ਸ਼ੰਟੀ ਨੇ ਅੱਜ ਸਾਇੰਸ ਕਾਲਜ ਜਗਰਾਉਂ ਵਿਖੇ ਖੁੱਲ੍ਹੇ ਲੋਕ ਦਰਬਾਰ ਰਾਹੀਂ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਅਤੇ ਸ਼ਿਕਾਇਤਾਂ ਦਾ ਮੌਕੇ ’ਤੇ ਨਿਪਟਾਰਾ ਕੀਤਾ ਗਿਆ। ਇਸ ਮੌਕੇ ਸ੍ਰੀ ਸ਼ੰਟੀ ਨੇ ਆਖਿਆ ਕਿ ਹਰ ਨਾਗਰਿਕ ਦੇ ਸੰਵਿਧਾਨਕ ਅਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਕਰਨਾ ਕਮਿਸ਼ਨ ਦੀ ਸਭ ਤੋਂ ਵੱਡੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬਿਨਾਂ ਕਿਸੇ ਦੇਰੀ ਦੇ ਇਨਸਾਫ਼ ਮੁਹੱਈਆ ਕਰਵਾਉਣ ਲਈ ਕਮਿਸ਼ਨ ਵੱਲੋਂ ਸੂਬੇ ਭਰ ਵਿੱਚ ਓਪਨ ਸੁਣਵਾਈ ਕੈਂਪ, ਜਾਗਰੂਕਤਾ ਮੁਹਿੰਮਾਂ ਅਤੇ ਤੁਰੰਤ ਸ਼ਿਕਾਇਤ ਨਿਵਾਰਨ ਪ੍ਰਣਾਲੀ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ । ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਡਾ. ਨਰਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਮਨਜੀਤ ਸਿੰਘ ਚੀਮਾ, ਐੱਸ.ਡੀ.ਐੱਮ. ਬਾਦਲ ਦੀਨ, ਡੀ.ਐੱਸ.ਪੀ. ਕਰਨ ਸਿੰਘ ਸੰਧੂ, ਡੀ.ਐੱਸ.ਪੀ. ਜਸਵਿੰਦਰ ਸਿੰਘ ਢੀਂਡਸਾ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦੇ ਵੀ ਹਾਜ਼ਰ ਰਹੇ। ਸ੍ਰੀ ਸ਼ੰਟੀ ਨੇ ਦੱਸਿਆ ਕਿ ਲੋਕਾਂ ਨੂੰ ਮਨੁੱਖੀ ਅਧਿਕਾਰਾਂ ਪ੍ਰਤੀ ਜਾਗਰੂਕ ਕਰਨ ਅਤੇ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਯਕੀਨੀ ਬਣਾਉਣ ਲਈ ਪੰਜਾਬ ਦੇ ਹਰ ਜ਼ਿਲ੍ਹੇ ਵਿੱਚ 10 ਤੋਂ 15 ਮੈਂਬਰਾਂ ਵਾਲੇ ਕੋਰ ਗਰੁੱਪ ਬਣਾਏ ਗਏ ਹਨ। ਇਨ੍ਹਾਂ ਵਿੱਚ ਵਕੀਲਾਂ, ਡਾਕਟਰਾਂ, ਸੇਵਾਮੁਕਤ ਅਧਿਕਾਰੀਆਂ ਅਤੇ ਸਮਾਜ ਦੇ ਪ੍ਰਮੁੱਖ ਵਿਅਕਤੀਆਂ ਨੂੰ ਸ਼ਾਮਿਲ ਕੀਤਾ ਗਿਆ ਹੈ, ਜੋ ਕਮਿਸ਼ਨ ਦੀਆਂ ਅੱਖਾਂ ਅਤੇ ਕੰਨਾਂ ਵਜੋਂ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੇ ਕੁਝ ਮਹੀਨਿਆਂ ਦੌਰਾਨ ਚਲਾਈਆਂ ਗਈਆਂ ਜਾਗਰੂਕਤਾ ਮੁਹਿੰਮਾਂ ਦਾ ਹੀ ਨਤੀਜਾ ਹੈ ਕਿ ਲੋਕ ਹੁਣ ਆਪਣੇ ਹੱਕਾਂ ਪ੍ਰਤੀ ਵਧੇਰੇ ਸੁਚੇਤ ਹੋਏ ਹਨ। ਉਨ੍ਹਾਂ ਦੱਸਿਆ ਕਿ ਹੁਣ ਕੋਈ ਵੀ ਵਿਅਕਤੀ ਘਰ ਬੈਠੇ ਹੀ ਵਟਸਐਪ ਹੈਲਪਲਾਈਨ 98554-75547 ‘ਤੇ ਆਪਣੀ ਸ਼ਿਕਾਇਤ ਭੇਜ ਸਕਦਾ ਹੈ, ਜਿਸ ’ਤੇ ਨਿਰਧਾਰਿਤ ਸਮੇਂ ਵਿੱਚ ਕਾਰਵਾਈ ਕੀਤੀ ਜਾਂਦੀ ਹੈ। ਸਿਹਤ ਸੇਵਾਵਾਂ ਸਬੰਧੀ ਗੱਲ ਕਰਦਿਆਂ ਸ਼ੰਟੀ ਨੇ ਕਿਹਾ ਕਿ ਕਿਸੇ ਵੀ ਹਸਪਤਾਲ ਨੂੰ ਬਕਾਇਆ ਬਿੱਲ ਦੇ ਆਧਾਰ ’ਤੇ ਮ੍ਰਿਤਕ ਦੇਹ ਰੋਕਣ ਦਾ ਕੋਈ ਹੱਕ ਨਹੀਂ ਹੈ ਅਤੇ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਇਸ ਨੂੰ ਤੁਰੰਤ ਪਰਿਵਾਰ ਦੇ ਹਵਾਲੇ ਕਰਨਾ ਲਾਜ਼ਮੀ ਹੈ। ਉਨ੍ਹਾਂ ਗੈਰ-ਕਾਨੂੰਨੀ ਤਰੀਕੇ ਨਾਲ ਚੱਲ ਰਹੇ ਇਮੀਗ੍ਰੇਸ਼ਨ ਸੈਂਟਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਗੱਲ ਕਹੀ ਅਤੇ ਸਫਾਈ ਕਰਮਚਾਰੀਆਂ ਨੂੰ ਬੀਮਾ, ਸੁਰੱਖਿਆ ਕਿੱਟ, ਦਸਤਾਨੇ, ਜੁੱਤੇ, ਕੈਪ ਅਤੇ ਹੋਰ ਸੁਰੱਖਿਆ ਸਾਜ਼ੋ-ਸਾਮਾਨ ਮੁਹੱਈਆ ਕਰਵਾਉਣ ਲਈ ਵੀ ਵਿਭਾਗਾਂ ਨੂੰ ਨਿਰਦੇਸ਼ ਦਿੱਤੇ। ਐਮਰਜੈਂਸੀ ਸਿਹਤ ਸੇਵਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ‘ਐਂਬੂਲੈਂਸ ਪਾਇਲਟ’ ਪ੍ਰਣਾਲੀ ਨੂੰ ਵੀ ਉਤਸ਼ਾਹਿਤ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ ਗਿਆ। ਸ਼ੰਟੀ ਨੇ ਸਮਾਜ ਸੇਵੀ ਸੰਸਥਾਵਾਂ ਨੂੰ ਕਮਿਸ਼ਨ ਦੇ ਭਾਈਵਾਲ ਬਣ ਕੇ ਸਮਾਜ ਵਿੱਚ ਹੋ ਰਹੀਆਂ ਬੇਨਿਯਮੀਆਂ ਅਤੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦੇ ਮਾਮਲਿਆਂ ਨੂੰ ਸਾਹਮਣੇ ਲਿਆਉਣ ਦੀ ਅਪੀਲ ਕੀਤੀ। ਇਸ ਦੌਰਾਨ ਉਨ੍ਹਾਂ ਸਿਵਲ ਹਸਪਤਾਲ ਦੀਆਂ ਸਹੂਲਤਾਂ, ਆਕਸੀਜਨ ਪਲਾਂਟ, ਬਲੱਡ ਬੈਂਕ, ਲੈਬ, ਮੋਰਚਰੀ ਅਤੇ ਐਂਬੂਲੈਂਸ ਪ੍ਰਬੰਧਾਂ ਦਾ ਜਾਇਜ਼ਾ ਲੈ ਕੇ ਸੁਧਾਰ ਸਬੰਧੀ ਹਦਾਇਤਾਂ ਵੀ ਜਾਰੀ ਕੀਤੀਆਂ। ਪੁਲਿਸ ਵਿਭਾਗ ਨੂੰ ਵੀ ਥਾਣਿਆਂ ਵਿੱਚ ਆਉਣ ਵਾਲੇ ਲੋਕਾਂ ਲਈ ਬਿਹਤਰ ਬੈਠਕ, ਸਾਫ਼-ਸੁਥਰੇ ਸ਼ੌਚਾਲਿਆਂ ਅਤੇ ਪਾਰਕਿੰਗ ਦੀ ਵਿਵਸਥਾ ਯਕੀਨੀ ਬਣਾਉਣ ਲਈ ਕਿਹਾ ਗਿਆ। ਅੰਤ ਵਿੱਚ ਪਦਮ ਸ੍ਰੀ ਜਤਿੰਦਰ ਸਿੰਘ ਸ਼ੰਟੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਵੀ ਵਿਅਕਤੀ ਨਾਲ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਜਾਂ ਕਿਸੇ ਵੀ ਤਰ੍ਹਾਂ ਦੀ ਵਧੀਕੀ ਹੁੰਦੀ ਹੈ ਤਾਂ ਉਹ ਬਿਨਾਂ ਕਿਸੇ ਡਰ ਜਾਂ ਝਿਜਕ ਦੇ ਕਮਿਸ਼ਨ ਨਾਲ ਸੰਪਰਕ ਕਰੇ। ਉਨ੍ਹਾਂ ਭਰੋਸਾ ਦਿੱਤਾ ਕਿ ਹਰ ਸ਼ਿਕਾਇਤ ਦਾ ਨਿਰਪੱਖ ਅਤੇ ਸਮੇਂ ਸਿਰ ਨਿਪਟਾਰਾ ਕਰਕੇ ਪੀੜਤ ਨੂੰ ਇਨਸਾਫ਼ ਦਿਵਾਉਣਾ ਕਮਿਸ਼ਨ ਦੀ ਵਚਨਬੱਧਤਾ ਹੈ।
ਮਨੁੱਖੀ ਅਧਿਕਾਰਾਂ ਦੀ ਸੁਰੱਖਿਆ ਲਈ ਕਮਿਸ਼ਨ ਹਰ ਵੇਲੇ ਤੱਤਪਰ-ਪਦਮ ਸ੍ਰੀ ਜਤਿੰਦਰ ਸਿੰਘ ਸ਼ੰਟੀ
ਅਜੀਤ ਡੈਸਕ
26-07-2026