ਹਲਵਾਰਾ, 26 ਜੁਲਾਈ (ਉੱਭੀ) ਹਲਵਾਰਾ ਦੇ ਸਰਪੰਚ ਸੁਖਵਿੰਦਰ ਸਿੰਘ ਸ਼ਹੀਦ ਕਰਤਾਰ ਸਿੰਘ ਸਰਾਭਾ ਦੀ ਤਸਵੀਰ ਲੈ ਕੇ ਨਵੀਂ ਦਿੱਲੀ ਦੇ ਜੰਤਰ-ਮੰਤਰ ਵਿਖੇ ਵਿਦਿਆਰਥੀਆਂ ਦੇ ਰੋਸ ਪ੍ਰਦਰਸ਼ਨ ਵਿਚ ਸ਼ਾਮਿਲ ਹੋਏ। ਇਸ ਮੌਕੇ ਉਨ੍ਹਾਂ ਨਾਲ ਇਲਾਕੇ ਦੇ ਕਈ ਸਾਥੀ ਵੀ ਮੌਜੂਦ ਸਨ। ਗੱਲਬਾਤ ਕਰਦਿਆਂ ਸਰਪੰਚ ਸੁਖਵਿੰਦਰ ਸਿੰਘ ਨੇ ਕਿਹਾ ਕਿ ਉਹ ਵਿਦਿਆਰਥੀਆਂ ਦੀਆਂ ਜਾਇਜ਼ ਮੰਗਾਂ ਦੇ ਸਮੱਰਥਨ ਲਈ ਆਪਣੇ ਸਾਥੀਆਂ ਸਮੇਤ ਜੰਤਰ-ਮੰਤਰ ਪੁੱਜੇ ਸਨ। ਉਨ੍ਹਾਂ ਕਿਹਾ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਆਦਰਸ਼ ਨੌਜਵਾਨਾਂ ਨੂੰ ਆਪਣੇ ਹੱਕਾਂ ਲਈ ਸ਼ਾਂਤਮਈ ਅਤੇ ਲੋਕਤੰਤਰੀ ਢੰਗ ਨਾਲ ਆਵਾਜ਼ ਉਠਾਉਣ ਦੀ ਪ੍ਰੇਰਣਾ ਦਿੰਦੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਹਰ ਫਰੰਟ ‘ਤੇ ਫੇਲ੍ਹ ਸਾਬਤ ਹੋਈ ਹੈ। ਉਨ੍ਹਾਂ ਵਿਦਿਆਰਥੀਆਂ ’ਤੇ ਕੀਤੇ ਗਏ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਮੰਗ ਕੀਤੀ ਕਿ ਲਾਠੀਚਾਰਜ ਲਈ ਜ਼ਿੰਮੇਵਾਰ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ। ਉਹ ਆਪਣੇ ਸਾਥੀਆਂ ਸਮੇਤ ਵਾਪਸ ਹਲਵਾਰਾ ਪਰਤ ਆਏ ਹਨ। ਉਨ੍ਹਾਂ ਕਿਹਾ ਕਿ ਗੱਲਬਾਤ ਰਾਹੀਂ ਮਸਲੇ ਦਾ ਹੱਲ ਨਿਕਲਣਾ ਲੋਕਤੰਤਰ ਦੀ ਜਿੱਤ ਹੈ ਅਤੇ ਸਰਕਾਰ ਨੂੰ ਭਵਿੱਖ ਵਿਚ ਵੀ ਲੋਕਾਂ ਦੀ ਆਵਾਜ਼ ਨੂੰ ਦਬਾਉਣ ਦੀ ਬਜਾਏ ਗੱਲਬਾਤ ਰਾਹੀਂ ਹੱਲ ਕੱਢਣਾ ਚਾਹੀਦਾ ਹੈ।
ਜੰਤਰ-ਮੰਤਰ ਦਿੱਲੀ ਵਿਖੇ ਵਿਦਿਆਰਥੀਆਂ ਦੇ ਰੋਸ ਪ੍ਰਦਰਸ਼ਨ ’ਚ ਸ਼ਾਮਿਲ ਹੋਏ ਸਰਪੰਚ ਸੁਖਵਿੰਦਰ ਸਿੰਘ ਹਲਵਾਰਾ
ਅਜੀਤ ਡੈਸਕ
27-07-2026