ਡਾ: ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਬੇਹੱਦ ਨਿੰਦਣਯੋਗ ਤੇ ਸ਼ਰਮਨਾਕ ਕਾਰਾ-ਹਰਬੀਰ ਸਿੰਘ ਇਯਾਲੀ
ਮੁੱਲਾਂਪੁਰ-ਦਾਖਾ, 9 ਸਤੰਬਰ (ਨਿਰਮਲ ਸਿੰਘ ਧਾਲੀਵਾਲ)-ਭਾਰਤੀ ਸੰਵਿਧਾਨ ਦੇ ਰਚੇਤਾ, ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਦੇ ਬੁੱਤ ਨਾਲ ਲੁਧਿਆਣਾ ਵਿਖੇ ਸ਼ਰਾਰਤੀ ਅਨਸਰਾਂ ਵਲੋਂ ਕੀਤੀ ਗਈ ਛੇੜਛਾੜ ਅਤੇ ਬੇਅਦਬੀ ਦੀ ਘਟਨਾ ’ਤੇ ਡੂੰਘੇ ਦੁੱਖ ਅਤੇ ਸਖ਼ਤ ਰੋਸ ਦਾ ਪ੍ਰਗਟਾਵਾ ਕਰਦਿਆਂ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਆਗੂ ਹਰਬੀਰ ਸਿੰਘ ਇਯਾਲੀ ਨੇ ਇਸ ਨੂੰ ਇੱਕ ਗ਼ੈਰ-ਜ਼ਿੰਮੇਵਾਰਾਨਾ ਹਰਕਤ ਕਰਾਰ ਦਿੱਤਾ ਹੈ।
ਮੁੱਲਾਂਪੁਰ-ਦਾਖਾ, 9 ਸਤੰਬਰ (ਨਿਰਮਲ ਸਿੰਘ ਧਾਲੀਵਾਲ)-ਭਾਰਤੀ ਸੰਵਿਧਾਨ ਦੇ ਰਚੇਤਾ, ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਦੇ ਬੁੱਤ ਨਾਲ ਲੁਧਿਆਣਾ ਵਿਖੇ ਸ਼ਰਾਰਤੀ ਅਨਸਰਾਂ ਵਲੋਂ ਕੀਤੀ ਗਈ ਛੇੜਛਾੜ ਅਤੇ ਬੇਅਦਬੀ ਦੀ ਘਟਨਾ ’ਤੇ ਡੂੰਘੇ ਦੁੱਖ ਅਤੇ ਸਖ਼ਤ ਰੋਸ ਦਾ ਪ੍ਰਗਟਾਵਾ ਕਰਦਿਆਂ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਆਗੂ ਹਰਬੀਰ ਸਿੰਘ ਇਯਾਲੀ ਨੇ ਇਸ ਨੂੰ ਇੱਕ ਗ਼ੈਰ-ਜ਼ਿੰਮੇਵਾਰਾਨਾ ਹਰਕਤ ਕਰਾਰ ਦਿੱਤਾ ਹੈ। ਹਰਬੀਰ ਸਿੰਘ ਇਯਾਲੀ ਨੇ ਕਿਹਾ ਕਿ ਬਾਬਾ ਸਾਹਿਬ ਡਾ. ਬੀ.ਆਰ. ਅੰਬੇਦਕਰ ਸਮੁੱਚੇ ਦੇਸ਼ ਦੇ ਰਹਿਨੁਮਾ ਹਨ, ਜਿੰਨ੍ਹਾਂ ਨੇ ਦੇਸ਼ ਨੂੰ ਸਮਾਨਤਾ, ਆਜ਼ਾਦੀ ਅਤੇ ਭਾਈਚਾਰਕ ਸਾਂਝ ਦਾ ਸੰਵਿਧਾਨ ਦਿੱਤਾ। ਅਜਿਹੇ ਮਹਾਨ ਪੁਰਸ਼ ਦੇ ਬੁੱਤ ਨੂੰ ਨੁਕਸਾਨ ਪਹੁੰਚਾਉਣ ਜਾਂ ਅਪਮਾਨਿਤ ਕਰਨ ਦੀ ਕੋਸ਼ਿਸ਼ ਸਮਾਜ ਦਾ ਆਪਸੀ ਭਾਈਚਾਰਾ ਅਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਵਿਗਾੜਨ ਦੀ ਇੱਕ ਡੂੰਘੀ ਸਾਜ਼ਿਸ਼ ਹੈ। ਉਨ੍ਹਾਂ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਬਾਬਾ ਸਾਹਿਬ ਦਾ ਅਪਮਾਨ ਦੇਸ਼ ਦੇ ਹਰ ਇਨਸਾਫ਼-ਪਸੰਦ ਨਾਗਰਿਕ ਦਾ ਅਪਮਾਨ ਹੈ , ਜਿਸ ਨੂੰ ਕਿਸੇ ਵੀ ਸੂਰਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਪੰਜਾਬ ਸਰਕਾਰ ਅਤੇ ਲੁਧਿਆਣਾ ਪੁਲਿਸ ਪ੍ਰਸ਼ਾਸਨ ਤੋਂ ਪੁਰਜ਼ੋਰ ਮੰਗ ਕੀਤੀ ਕਿ ਨੇੜਲੇ ਇਲਾਕੇ ਦੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਬਾਰੀਕੀ ਨਾਲ ਜਾਂਚ ਕਰਕੇ ਇਸ ਘਿਨਾਉਣੇ ਕਾਰੇ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਦੀ ਤੁਰੰਤ ਪਛਾਣ ਕੀਤੀ ਜਾਵੇ। ਦੋਸ਼ੀਆਂ ਖ਼ਿਲਾਫ਼ ਸਖ਼ਤ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਉਨ੍ਹਾਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਮਿਸਾਲੀ ਸਜ਼ਾ ਦਿੱਤੀ ਜਾਵੇ ਤਾਂ ਜੋ ਭਵਿੱਖ ਵਿੱਚ ਕੋਈ ਵੀ ਸਮਾਜ ਵਿਰੋਧੀ ਅਨਸਰ ਅਜਿਹੀ ਨਾਪਾਕ ਹਰਕਤ ਕਰਨ ਦੀ ਹਿੰਮਤ ਨਾ ਕਰ ਸਕੇ। ਇਸ ਦੇ ਨਾਲ ਹੀ ਹਰਬੀਰ ਸਿੰਘ ਇਯਾਲੀ ਨੇ ਸਮੂਹ ਲੋਕਾਂ ਨੂੰ ਆਪਸੀ ਸ਼ਾਂਤੀ ਅਤੇ ਭਾਈਚਾਰਕ ਸਾਂਝ ਬਣਾਈ ਰੱਖਣ ਦੀ ਅਪੀਲ ਕਰਦਿਆਂ ਕਿਹਾ ਕਿ ਸਾਨੂੰ ਇੱਕਜੁੱਟ ਹੋ ਕੇ ਸ਼ਾਂਤਮਈ ਤੇ ਕਾਨੂੰਨੀ ਤਰੀਕੇ ਨਾਲ ਇਨਸਾਫ਼ ਦੀ ਲੜਾਈ ਲੜਨੀ ਚਾਹੀਦੀ ਹੈ।