ਸੇਂਟ ਜ਼ੇਵੀਅਰ ਕਾਨਵੈਂਟ ਸਕੂਲ ਕੀੜੀ ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਵਸ ਮਨਾਇਆ
ਭੂੰਦੜੀ, 29 ਸਤੰਬਰ (ਕੁਲਦੀਪ ਸਿੰਘ ਮਾਨ)-ਸੇਂਟ ਜ਼ੇਵੀਅਰ ਕਾਨਵੈਂਟ ਸਕੂਲ ਕੀੜੀ ਵਿਖੇ ਪ੍ਰਿੰਸੀਪਲ ਸ੍ਰੀਮਤੀ ਜਸਵੰਤ ਕੌਰ ਢੱਟ ਦੀ ਅਗਵਾਈ ਹੇਠ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦਾ ਜਨਮ ਦਿਵਸ ਸ਼ਰਧਾ ਤੇ ਦੇਸ਼ਭਗਤੀ ਦੀ ਭਾਵਨਾ ਨਾਲ ਮਨਾਇਆ।
ਸ
ਸੇਂਟ ਜ਼ੇਵੀਅਰ ਕਾਨਵੈਂਟ ਸਕੂਲ ਕੀੜੀ ਵਿਖੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਕਰਵਾਏ ਸਮਾਗਮ ਦੌਰਾਨ ਵਿਦਿਆਰਥੀ ਪੇਂਟਿੰਗ ਤਿਆਰ ਕਰਦੇ ਹੋਏ। ਤਸਵੀਰ : ਕੁਲਦੀਪ ਸਿੰਘ ਮਾਨ
30-09-2026
ਭੂੰਦੜੀ, 29 ਸਤੰਬਰ (ਕੁਲਦੀਪ ਸਿੰਘ ਮਾਨ)-ਸੇਂਟ ਜ਼ੇਵੀਅਰ ਕਾਨਵੈਂਟ ਸਕੂਲ ਕੀੜੀ ਵਿਖੇ ਪ੍ਰਿੰਸੀਪਲ ਸ੍ਰੀਮਤੀ ਜਸਵੰਤ ਕੌਰ ਢੱਟ ਦੀ ਅਗਵਾਈ ਹੇਠ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦਾ ਜਨਮ ਦਿਵਸ ਸ਼ਰਧਾ ਤੇ ਦੇਸ਼ਭਗਤੀ ਦੀ ਭਾਵਨਾ ਨਾਲ ਮਨਾਇਆ। ਇਸ ਮੌਕੇ ਵਿਦਿਆਰਥੀਆਂ ਵਲੋਂ ਸ਼ਹੀਦ ਭਗਤ ਸਿੰਘ ਦੇ ਜੀਵਨ, ਸੰਘਰਸ਼, ਵਿਚਾਰਧਾਰਾ ਤੇ ਦੇਸ਼ ਦੀ ਆਜ਼ਾਦੀ ਲਈ ਦਿੱਤੀ ਮਹਾਨ ਕੁਰਬਾਨੀ ਨੂੰ ਸਮਰਪਿਤ ਵੱਖ-ਵੱਖ ਗਤੀਵਿਧੀਆਂ ਵਿਚ ਭਾਗ ਲਿਆ ਗਿਆ। ਵਿਦਿਆਰਥੀਆਂ ਨੇ ਭਗਤ ਸਿੰਘ ਦੇ ਜੀਵਨ ਨਾਲ ਸੰਬੰਧਤ ਭਾਸ਼ਨ, ਕਵਿਤਾਵਾਂ ਤੇ ਦੇਸ਼ਭਗਤੀ ਦੇ ਨਾਅਰਿਆਂ ਰਾਹੀਂ ਉਨ੍ਹਾਂ ਦੀ ਬਹਾਦਰੀ ਅਤੇ ਦੇਸ਼-ਪ੍ਰੇਮ ਨੂੰ ਯਾਦ ਕੀਤਾ। ਇਸ ਦੌਰਾਨ ਵਿਦਿਆਰਥੀਆਂ ਵਲੋਂ ‘ਇਨਕਲਾਬ ਜ਼ਿੰਦਾਬਾਦ’ ਦੇ ਨਾਅਰੇ ਲਗਾਏ ਤੇ ਸ਼ਹੀਦ ਭਗਤ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਇਸ ਮੌਕੇ ਪ੍ਰਿੰਸੀਪਲ ਸ੍ਰੀਮਤੀ ਜਸਵੰਤ ਕੌਰ ਢੱਟ ਨੇ ਵਿਦਿਆਰਥੀਆਂ ਨੂੰ ਸ਼ਹੀਦ ਭਗਤ ਸਿੰਘ ਦੇ ਜੀਵਨ ਅਤੇ ਆਜ਼ਾਦੀ ਦੇ ਸੰਘਰਸ਼ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਸ਼ਹੀਦ ਭਗਤ ਸਿੰਘ ਨੌਜਵਾਨ ਪੀੜ੍ਹੀ ਲਈ ਹਿੰਮਤ, ਨਿਡਰਤਾ, ਦੇਸ਼-ਪ੍ਰੇਮ ਅਤੇ ਉੱਚੇ ਵਿਚਾਰਾਂ ਦੇ ਪ੍ਰਤੀਕ ਹਨ। ਉਨ੍ਹਾਂ ਕਿਹਾ ਕਿ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਉਨ੍ਹਾਂ ਦੇ ਆਦਰਸ਼ਾਂ ਨੂੰ ਆਪਣੇ ਜੀਵਨ ਵਿਚ ਅਪਣਾ ਕੇ ਦੇਸ਼ ਅਤੇ ਸਮਾਜ ਦੀ ਤਰੱਕੀ ਵਿਚ ਯੋਗਦਾਨ ਪਾਉਣਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਫ਼ਰਜ਼ ਇਮਾਨਦਾਰੀ ਨਾਲ ਨਿਭਾਉਂਦਿਆਂ ਜ਼ਿੰਮੇਵਾਰ ਨਾਗਰਿਕ ਬਣਨ ਲਈ ਪ੍ਰੇਰਿਤ ਕੀਤਾ। ਸਕੂਲ ਦੇ ਚੇਅਰਮੈਨ ਪ੍ਰਗਟ ਸਿੰਘ ਸੰਘਾ ਅਤੇ ਮੈਨੇਜਿੰਗ ਡਾਇਰੈਕਟਰ ਮਨਦੀਪ ਸਿੰਘ ਢੱਟ ਨੇ ਵੀ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਪੂਰਵਕ ਯਾਦ ਕੀਤਾ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮਾਂ ਦਾ ਉਦੇਸ਼ ਵਿਦਿਆਰਥੀਆਂ ਵਿਚ ਦੇਸ਼ ਭਗਤੀ, ਕੌਮੀ ਚੇਤਨਾ, ਜ਼ਿੰਮੇਵਾਰੀ ਅਤੇ ਮਹਾਨ ਸ਼ਹੀਦਾਂ ਪ੍ਰਤੀ ਸਤਿਕਾਰ ਦੀ ਭਾਵਨਾ ਪੈਦਾ ਕਰਨਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਸ਼ਹੀਦਾਂ ਦੇ ਜੀਵਨ ਤੋਂ ਪ੍ਰੇਰਣਾ ਲੈ ਕੇ ਦੇਸ਼, ਸਮਾਜ ਅਤੇ ਮਨੁੱਖਤਾ ਦੀ ਭਲਾਈ ਲਈ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਪ੍ਰੇਰਿਤ ਕੀਤਾ।