ਡਾ. ਅਮਰ ਸਿੰਘ ਦੀ ਅਗਵਾਈ ਹੇਠ ਹਲਵਾਰਾ ਹਵਾਈ ਅੱਡੇ ਦੀ ਐਡਵਾਇਜ਼ਰੀ ਕਮੇਟੀ ਦੀ ਹੋਈ ਮੀਟਿੰਗ
ਦਿੱਲੀ ਤੋਂ ਬਾਅਦ ਹੁਣ ਜਲਦੀ ਨਾਂਦੇੜ ਸਾਹਿਬ ਅਤੇ ਮੁੰਬਈ ਲਈ ਸ਼ੁਰੂ ਹੋਣਗੀਆਂ ਉਡਾਣਾਂ
ਹਲਵਾਰਾ, 16 ਅਕਤੂਬਰ (ਮਨਦੀਪ ਸਿੰਘ ਉੱਭੀ) -ਸ੍ਰੀ ਫਤਿਹਗੜ੍ਹ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਡਾ. ਅਮਰ ਸਿੰਘ, ਚੇਅਰਮੈਨ ਹਲਵਾਰਾ ਹਵਾਈ ਅੱਡਾ ਸਲਾਹਕਾਰ ਕਮੇਟੀ ਦੀ ਅਗਵਾਈ ਹੇਠ ਅੱਜ ਹਲਵਾਰਾ ਹਵਾਈ ਅੱਡੇ ਵਿਖੇ ਸਲਾਹਕਾਰ ਕਮੇਟੀ ਦੀ ਮੀਟਿੰਗ ਹੋਈ।
ਹਲਵਾਰਾ, 16 ਅਕਤੂਬਰ (ਮਨਦੀਪ ਸਿੰਘ ਉੱਭੀ) -ਸ੍ਰੀ ਫਤਿਹਗੜ੍ਹ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਡਾ. ਅਮਰ ਸਿੰਘ, ਚੇਅਰਮੈਨ ਹਲਵਾਰਾ ਹਵਾਈ ਅੱਡਾ ਸਲਾਹਕਾਰ ਕਮੇਟੀ ਦੀ ਅਗਵਾਈ ਹੇਠ ਅੱਜ ਹਲਵਾਰਾ ਹਵਾਈ ਅੱਡੇ ਵਿਖੇ ਸਲਾਹਕਾਰ ਕਮੇਟੀ ਦੀ ਮੀਟਿੰਗ ਹੋਈ। ਇਸ ਮੀਟਿੰਗ ਵਿਚ ਹਵਾਈ ਅੱਡਾ ਅਥਾਰਟੀ ਦੇ ਅਧਿਕਾਰੀਆਂ ਅਤੇ ਕਮੇਟੀ ਦੇ ਮੈਂਬਰਾਂ ਨੇ ਸ਼ਮੂਲੀਅਤ ਕੀਤੀ, ਜਿਸ ਵਿਚ ਹਲਕਾ ਰਾਏਕੋਟ ਤੋਂ ਕਾਂਗਰਸ ਪਾਰਟੀ ਦੇ ਇੰਚਾਰਜ ਕਾਮਿਲ ਅਮਰ ਸਿੰਘ ਵੀ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਮੀਟਿੰਗ ਸ਼ੁਰੂ ਹੋਣ ਤੋਂ ਪਹਿਲਾਂ ਡਾ. ਅਮਰ ਸਿੰਘ ਨੇ ਹਵਾਈ ਅੱਡੇ ’ਤੇ ਮੌਜੂਦ ਵੱਖ-ਵੱਖ ਯਾਤਰੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਤੋਂ ਹਵਾਈ ਅੱਡੇ ਦੀਆਂ ਸਹੂਲਤਾਂ, ਯਾਤਰੀ ਸੇਵਾਵਾਂ ਅਤੇ ਹਵਾਈ ਸਫ਼ਰ ਦੇ ਤਜਰਬੇ ਸਬੰਧੀ ਫੀਡਬੈਕ ਅਤੇ ਸੁਝਾਅ ਲਏ। ਉਨ੍ਹਾਂ ਨੇ ਯਾਤਰੀਆਂ ਦੀਆਂ ਮੁਸ਼ਕਿਲਾਂ ਅਤੇ ਲੋੜਾਂ ਨੂੰ ਧਿਆਨ ਨਾਲ ਸੁਣਿਆ ਅਤੇ ਹਵਾਈ ਅੱਡੇ ਦੀਆਂ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਉਨ੍ਹਾਂ ਦੇ ਵਿਚਾਰ ਜਾਣੇ। ਇਸ ਤੋਂ ਬਾਅਦ ਹੋਈ ਸਲਾਹਕਾਰ ਕਮੇਟੀ ਦੀ ਮੀਟਿੰਗ ਦੌਰਾਨ ਡਾ. ਅਮਰ ਸਿੰਘ ਨੇ ਯਾਤਰੀਆਂ ਨਾਲ ਹੋਈ ਗੱਲਬਾਤ ਦੌਰਾਨ ਪ੍ਰਾਪਤ ਹੋਏ ਫੀਡਬੈਕ ਅਤੇ ਸੁਝਾਅ ਹਵਾਈ ਅੱਡਾ ਅਥਾਰਟੀ ਦੇ ਅਧਿਕਾਰੀਆਂ ਨਾਲ ਸਾਂਝੇ ਕੀਤੇ। ਉਨ੍ਹਾਂ ਨੇ ਕਿਹਾ ਕਿ ਯਾਤਰੀਆਂ ਦੇ ਤਜਰਬਿਆਂ ਅਤੇ ਸੁਝਾਵਾਂ ਨੂੰ ਧਿਆਨ ਵਿੱਚ ਰੱਖਣਾ ਬੇਹੱਦ ਜ਼ਰੂਰੀ ਹੈ, ਕਿਉਂਕਿ ਇਸ ਨਾਲ ਹਵਾਈ ਅੱਡੇ ’ਤੇ ਮੌਜੂਦ ਸਹੂਲਤਾਂ ਅਤੇ ਸੇਵਾਵਾਂ ਵਿੱਚ ਸੁਧਾਰ ਲਈ ਲੋੜੀਂਦੇ ਕਦਮ ਚੁੱਕੇ ਜਾ ਸਕਦੇ ਹਨ। ਹੋਰ ਜਾਣਕਾਰੀ ਦਿੰਦਿਆਂ ਡਾ ਅਮਰ ਸਿੰਘ ਨੇ ਦੱਸਿਆ ਕਿ ਲੁਧਿਆਣਾ ਦੇ ਵਪਾਰੀਆਂ ਦੀ ਮੰਗ ਹੈ ਕਿ ਦਿੱਲੀ ਵਾਂਗ ਮੁੰਬਈ ਦੀਆਂ ਉਡਾਣਾ ਵੀ ਇਥੋਂ ਸ਼ੁਰੂ ਕੀਤੀਆਂ ਜਾਣ। ਇਸ ਤੋਂ ਇਲਾਵਾ ਧਾਰਮਿਕ ਯਾਤਰਾ ਲਈ ਸਥਾਨਕ ਲੋਕਾਂ ਨੇ ਸ਼੍ਰੀ ਨਾਂਦੇੜ ਸਾਹਿਬ ਦੀਆਂ ਉਡਾਣਾਂ ਦੀ ਮੰਗ ਰੱਖੀ ਹੈ ਅਤੇ ਇਹਨਾਂ ਦੋਨਾਂ ਉਡਾਣਾਂ ਲਈ ਸਹਿਮਤੀ ਬਣ ਗਈ ਹੈ। ਜਲਦੀ ਹੀ ਇਥੋਂ ਮੁੰਬਈ ਅਤੇ ਨਾਂਦੇੜ ਸਾਹਿਬ ਲਈ ਜਹਾਜ਼ ਉਡਾਰੀ ਭਰ ਣਗੇ। ਇਸ ਤੋਂ ਇਲਾਵਾ ਅੰਤਰਰਾਸ਼ਟਰੀ ਉਡਾਣਾਂ ਲਈ ਜਾਣਕਾਰੀ ਦਿੰਦਿਆਂ ਡਾ. ਅਮਰ ਸਿੰਘ ਨੇ ਦੱਸਿਆ ਕਿ ਕਿਸੇ ਵੀ ਏਅਰਪੋਰਟ ਤੋਂ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਕਰਨ ਲਈ ਉਥੇ ਸਕਿਉਰਿਟੀ ਅਤੇ ਇੰਮੀਗ੍ਰੇਸ਼ਨ ਚੈੱਕ ਹੋਣਾਂ ਬਹੁਤ ਜ਼ਰੂਰੀ ਹੈ, ਜਿਸ ਲਈ ਉਹ ਕੇਂਦਰੀ ਹਵਾਈ ਮੰਤਰੀ ਨਾਲ ਮੁਲਾਕਾਤ ਕਰਕੇ ਇਸ ਦੀ ਮੰਗ ਰੱਖਾਂਗੇ ਅਤੇ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਕਰਵਾਉਣ ਲਈ ਹਰ ਹਿੰਮਤ ਕਰਾਂਗੇ। ਡਾ. ਅਮਰ ਸਿੰਘ ਨੇ ਜ਼ੋਰ ਦੇ ਕੇ ਕਿਹਾ ਕਿ ਹਵਾਈ ਅੱਡਾ ਐਡਵਾਈਜ਼ਰੀ ਕਮੇਟੀ ਦਾ ਮੁੱਖ ਉਦੇਸ਼ ਯਾਤਰੀਆਂ ਦੀਆਂ ਸਮੱਸਿਆਵਾਂ ਅਤੇ ਸੁਝਾਵਾਂ ਨੂੰ ਏਅਰਪੋਰਟ ਅਥਾਰਟੀ ਆਫ਼ ਇੰਡੀਆ ਤੱਕ ਪਹੁੰਚਾਉਣਾ ਅਤੇ ਉਨ੍ਹਾਂ ਦੇ ਢੁੱਕਵੇਂ ਹੱਲ ਕੱਢਣਾ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਯਾਤਰੀਆਂ ਵੱਲੋਂ ਦਿੱਤੇ ਗਏ ਸੁਝਾਵਾਂ ’ਤੇ ਗੰਭੀਰਤਾ ਨਾਲ ਵਿਚਾਰ ਕਰਕੇ ਲੋੜੀਂਦੀ ਕਾਰਵਾਈ ਕੀਤੀ ਜਾਵੇ, ਤਾਂ ਜੋ ਹਵਾਈ ਅੱਡੇ ’ਤੇ ਯਾਤਰੀਆਂ ਨੂੰ ਹੋਰ ਸੁਵਿਧਾਜਨਕ ਅਤੇ ਬਿਹਤਰ ਸੇਵਾਵਾਂ ਮਿਲ ਸਕਣ। ਡਾ. ਅਮਰ ਸਿੰਘ ਨੇ ਕਿਹਾ ਕਿ ਉਹ ਹਲਵਾਰਾ ਹਵਾਈ ਅੱਡੇ ਦੇ ਵਿਕਾਸ, ਯਾਤਰੀਆਂ ਦੀ ਸਹੂਲਤ ਅਤੇ ਸੇਵਾਵਾਂ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਹਵਾਈ ਅੱਡਾ ਅਥਾਰਟੀ ਅਤੇ ਹੋਰ ਸਬੰਧਤ ਧਿਰਾਂ ਨਾਲ ਮਿਲ ਕੇ ਕੰਮ ਕਰਨ ਲਈ ਵਚਨਬੱਧ ਹਨ। ਉਨ੍ਹਾਂ ਕਿਹਾ ਕਿ ਹਲਵਾਰਾ ਹਵਾਈ ਅੱਡਾ ਲੁਧਿਆਣਾ ਅਤੇ ਆਸ-ਪਾਸ ਦੇ ਇਲਾਕਿਆਂ ਲਈ ਇੱਕ ਮਹੱਤਵਪੂਰਨ ਹਵਾਈ ਸਹੂਲਤ ਹੈ ਅਤੇ ਇਸ ਨੂੰ ਹੋਰ ਬਿਹਤਰ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾਣੇ ਚਾਹੀਦੇ ਹਨ।