ਸੁਖਬੀਰ ਸਿੰਘ ਬਾਦਲ 26 ਨੂੰ ਜਗਰਾਉਂ ਵਿਖੇ ਵਪਾਰੀ ਵਰਗ ਨਾਲ ਮੀਟਿੰਗ ਕਰਨਗੇ-ਕਲੇਰ, ਮੱਲ੍ਹਾ
ਜਗਰਾਉਂ, 20 ਨਵੰਬਰ (ਹਰਵਿੰਦਰ ਸਿੰਘ ਖ਼ਾਲਸਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉੱਪ ਮੁੱਖ ਮੰਤਰੀ ਪੰਜਾਬ ਸ. ਸੁਖਬੀਰ ਸਿੰਘ ਬਾਦਲ 26 ਨਵੰਬਰ ਨੂੰ ਜਗਰਾਉਂ ਵਿਖੇ ਹਲਕਾ ਜਗਰਾਉਂ ਦੇ ਵਪਾਰੀ ਵਰਗ ਨਾਲ ਵਿਸ਼ੇਸ਼ ਮੀਟਿੰਗ ਕਰਨ ਲਈ ਪਹੁੰਚ ਰਹੇ ਹਨ।
ਜਗਰਾਉਂ, 20 ਨਵੰਬਰ (ਹਰਵਿੰਦਰ ਸਿੰਘ ਖ਼ਾਲਸਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉੱਪ ਮੁੱਖ ਮੰਤਰੀ ਪੰਜਾਬ ਸ. ਸੁਖਬੀਰ ਸਿੰਘ ਬਾਦਲ 26 ਨਵੰਬਰ ਨੂੰ ਜਗਰਾਉਂ ਵਿਖੇ ਹਲਕਾ ਜਗਰਾਉਂ ਦੇ ਵਪਾਰੀ ਵਰਗ ਨਾਲ ਵਿਸ਼ੇਸ਼ ਮੀਟਿੰਗ ਕਰਨ ਲਈ ਪਹੁੰਚ ਰਹੇ ਹਨ। ਇਹ ਮੀਟਿੰਗ ਸਨੇਹਮੋਹਨ ਹੋਟਲ ਵਿਖੇ ਹੋਵੇਗੀ, ਜਿਸ ਵਿੱਚ ਹਲਕੇ ਦੀਆਂ ਵੱਖ-ਵੱਖ ਵਪਾਰਕ ਐਸੋਸੀਏਸ਼ਨਾਂ, ਛੋਟੇ ਦੁਕਾਨਦਾਰਾਂ ਅਤੇ ਵਪਾਰੀ ਵਰਗ ਨਾਲ ਸਿੱਧਾ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਇਸ ਸਬੰਧੀ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਅਤੇ ਸਾਬਕਾ ਵਿਧਾਇਕ ਜਗਰਾਉਂ ਐੱਸ.ਆਰ. ਕਲੇਰ, ਸਾਬਕਾ ਚੇਅਰਮੈਨ ਸ. ਕਮਲਜੀਤ ਸਿੰਘ ਮੱਲ੍ਹਾ ਅਤੇ ਵੱਖ-ਵੱਖ ਸੀਨੀਅਰ ਅਕਾਲੀ ਆਗੂਆਂ ਦੀ ਇੱਕ ਵਿਸ਼ੇਸ਼ ਮੀਟਿੰਗ ਸ. ਕਲੇਰ ਦੀ ਰਿਹਾਇਸ਼ ਵਿਖੇ ਹੋਈ। ਮੀਟਿੰਗ ਦੌਰਾਨ 26 ਨਵੰਬਰ ਨੂੰ ਹੋਣ ਵਾਲੀ ਮੀਟਿੰਗ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਐੱਸ.ਆਰ. ਕਲੇਰ ਅਤੇ ਸ. ਕਮਲਜੀਤ ਸਿੰਘ ਮੱਲ੍ਹਾ ਨੇ ਦੱਸਿਆ ਕਿ ਸ. ਸੁਖਬੀਰ ਸਿੰਘ ਬਾਦਲ ਵਪਾਰੀ ਵਰਗ ਦੀਆਂ ਸਮੱਸਿਆਵਾਂ ਨੂੰ ਖੁਦ ਸੁਣਨ ਲਈ ਜਗਰਾਉਂ ਪਹੁੰਚ ਰਹੇ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਵਪਾਰੀ ਵਰਗ ਕਈ ਮੁਸ਼ਕਿਲਾਂ ਦਾ ਸਾਹਮਣਾ ਕਰ ਰਿਹਾ ਹੈ। ਕਾਰੋਬਾਰੀਆਂ ਵਿੱਚ ਸੁਰੱਖਿਆ ਅਤੇ ਕਾਨੂੰਨ-ਵਿਵਸਥਾ ਨੂੰ ਲੈ ਕੇ ਚਿੰਤਾ ਦਾ ਮਾਹੌਲ ਬਣਿਆ ਹੋਇਆ ਹੈ। ਦੁਕਾਨਦਾਰਾਂ ਅਤੇ ਵਪਾਰੀਆਂ ਦੀਆਂ ਮੁਸ਼ਕਿਲਾਂ, ਕਾਰੋਬਾਰ ਨੂੰ ਦਰਪੇਸ਼ ਚੁਣੌਤੀਆਂ, ਸੁਰੱਖਿਆ ਅਤੇ ਹੋਰ ਮਸਲਿਆਂ ਬਾਰੇ ਮੀਟਿੰਗ ਦੌਰਾਨ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਅਕਾਲੀ ਆਗੂਆਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਵਪਾਰੀ ਅਤੇ ਕਾਰੋਬਾਰੀ ਵਰਗ ਦੇ ਹਿੱਤਾਂ ਦੀ ਰਾਖੀ ਲਈ ਆਵਾਜ਼ ਬੁਲੰਦ ਕਰਦਾ ਆਇਆ ਹੈ। ਉਨ੍ਹਾਂ ਹਲਕਾ ਜਗਰਾਉਂ ਦੇ ਸਮੂਹ ਵਪਾਰੀਆਂ, ਦੁਕਾਨਦਾਰਾਂ ਅਤੇ ਵੱਖ-ਵੱਖ ਵਪਾਰਕ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨੂੰ 26 ਨਵੰਬਰ ਦੀ ਮੀਟਿੰਗ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਿਲ ਹੋਣ ਦੀ ਅਪੀਲ ਕੀਤੀ। ਇਸ ਮੌਕੇ ਕੌਂਸਲਰ ਦਵਿੰਦਰਜੀਤ ਸਿੰਘ ਸਿੱਧੂ, ਸੀਨੀਅਰ ਅਕਾਲੀ ਆਗੂ ਦੀਪਇੰਦਰ ਸਿੰਘ ਭੰਡਾਰੀ, ਹਲਕਾ ਵਪਾਰੀ ਵਿੰਗ ਪ੍ਰਧਾਨ ਹਰਦੇਵ ਸਿੰਘ ਬੌਬੀ, ਸਰਕਲ ਪ੍ਰਧਾਨ ਚਰਨਜੀਤ ਸਿੰਘ ਚੀਨੂ, ਪ੍ਰਧਾਨ ਗੁਰਸ਼ਰਨ ਸਿੰਘ ਜਗਰਾਉਂ ਹਾਜ਼ਰ ਸਨ।