ਨਵਾਂਸ਼ਹਿਰ, 3 ਜਨਵਰੀ (ਦੀਦਾਰ ਸਿੰਘ ਸ਼ੇਤਰਾ)-ਇੰਡੀਅਨ ਫੈੱਡਰੇਸ਼ਨ ਆਫ ਟਰੇਡ ਯੂਨੀਅਨਜ਼ (ਇਫਟੂ) ਵਲੋਂ ਨਵਾਂਸ਼ਹਿਰ ਵਿਖੇ ਆਟੋ ਮਾਰਚ ਕਰਕੇ ਚਾਰ ਲੇਬਰ ਕੋਡ ਅਤੇ ਬੀਜ ਸੋਧ ਬਿੱਲ 2025 ਦੀਆਂ ਕਾਪੀਆਂ ਸਾੜੀਆਂ ਗਈਆਂ | ਪਹਿਲਾਂ ਇਫਟੂ ਵਰਕਰ ਸਥਾਨਕ ਆਟੋ ਸਟੈਂਡ ਉੱਤੇ ਇਕੱਠੇ ਹੋਏ ਅਤੇ ਸ਼ਹਿਰ ਵਿਚ ਮਾਰਚ ਕਰਕੇ ਡੀ. ਸੀ ਦਫ਼ਤਰ ਅੱਗੇ ਤਿੰਨ ਘੰਟੇ ਧਰਨਾ ਦਿੱਤਾ | ਇਸ ਮੌਕੇ ਇਫਟੂ ਦੇ ਸੂਬਾ ਪ੍ਰਧਾਨ ਕੁਲਵਿੰਦਰ ਸਿੰਘ ਵੜੈਚ, ਸੂਬਾ ਸਕੱਤਰ ਅਵਤਾਰ ਸਿੰਘ ਤਾਰੀ, ਸੂਬਾ ਪ੍ਰੈੱਸ ਸਕੱਤਰ ਜਸਬੀਰ ਦੀਪ, ਜ਼ਿਲ੍ਹਾ ਪ੍ਰਧਾਨ ਗੁਰਦਿਆਲ ਰੱਕੜ, ਜ਼ਿਲ੍ਹਾ ਸਕੱਤਰ ਪਰਵੀਨ ਕੁਮਾਰ ਨਿਰਾਲਾ, ਆਟੋ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਪੁਨੀਤ ਕੁਮਾਰ ਬਛੌੜੀ, ਤਰਨਜੀਤ, ਗੋਪੀ,ਦੇਸ ਰਾਜ, ਕੁਲਵਿੰਦਰ ਆਗੂਆਂ ਨੇ ਆਖਿਆ ਕਿ ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਗਏ ਚਾਰ ਲੇਬਰ ਕੋਡ ਦੇਸ਼ ਦੇ ਮਜ਼ਦੂਰ ਵਰਗ ਉੱਤੇ ਬਹੁਤ ਵੱਡਾ ਹਮਲਾ ਹੈ | ਇਹ ਮਜ਼ਦੂਰ ਜਮਾਤ ਕੋਲੋਂ ਉਸ ਦੇ ਮੁੱਢਲੇ ਅਧਿਕਾਰ ਖੋਹ ਲੈਂਦੇ ਹਨ ਜੋ ਮਜ਼ਦੂਰਾਂ ਨੇ ਦਹਾਕਿਆਂ ਤੱਕ ਸੰਘਰਸ਼ ਕਰਕੇ ਅਤੇ ਅਣਗਿਣਤ ਕੁਰਬਾਨੀਆਂ ਕਰਕੇ ਪ੍ਰਾਪਤ ਕੀਤੇ ਸਨ | ਆਗੂਆਂ ਨੇ ਕਿਹਾ ਕਿ ਇਹ ਕੋਡ ਕਾਰਪੋਰੇਟਰਾਂ ਵਲੋਂ ਮਜ਼ਦੂਰਾਂ ਦੀ ਮਿਹਨਤ ਸ਼ਕਤੀ ਦੀ ਬੇਕਿਰਕ ਲੁੱਟ ਕਰਨ ਲਈ ਲਿਆਂਦੇ ਗਏ ਹਨ | ਆਗੂਆਂ ਨੇ ਲੋਕਾਂ ਨੂੰ ਇਨ੍ਹਾਂ ਕੋਡਾਂ ਦਾ ਤਿੱਖਾ ਵਿਰੋਧ ਕਰਨ ਦਾ ਸੱਦਾ ਦਿੱਤਾ | ਆਟੋ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਉਹ ਲੰਬੇ ਸਮੇਂ ਤੋਂ ਬੱਸ ਅੱਡੇ ਵਿੱਚ ਆਟੋ ਸਟੈਂਡ ਲਈ ਜਗ੍ਹਾ ਮੰਗ ਰਹੇ ਹਨ ਪਰ ਜ਼ਿਲ੍ਹਾ ਪ੍ਰਸ਼ਾਸਨ ਕੋਈ ਧਿਆਨ ਨਹੀਂ ਦੇ ਰਿਹਾ |