ਨਵਾਂਸ਼ਹਿਰ, 3 ਜਨਵਰੀ (ਦੀਦਾਰ ਸਿੰਘ ਸ਼ੇਤਰਾ)-ਪੰਜਾਬ ਸਰਕਾਰ ਵਲੋਂ ਸੂਬੇ ਦੇ ਹਰ ਨਾਗਰਿਕ ਨੂੰ ਉੱਚ-ਗੁਣਵੱਤਾ ਵਾਲੀਆਂ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ 'ਮੁੱਖ ਮੰਤਰੀ ਸਿਹਤ ਯੋਜਨਾ' ਲੋਕਾਂ ਲਈ ਵਰਦਾਨ ਸਾਬਤ ਹੋਵੇਗੀ | ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਪੰਜਾਬ ਦੇ ਹਰ ਪਰਿਵਾਰ ਨੂੰ ਸਾਲਾਨਾ 10 ਲੱਖ ਰੁਪਏ ਤੱਕ ਦਾ ਨਗਦੀ ਰਹਿਤ ਮੁਫ਼ਤ ਇਲਾਜ ਮੁਹੱਈਆ ਕਰਵਾਇਆ ਜਾਵੇਗਾ, ਜਿਸ ਨਾਲ ਗੰਭੀਰ ਬਿਮਾਰੀਆਂ ਦੇ ਮਹਿੰਗੇ ਇਲਾਜ ਤੋਂ ਆਮ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ | ਉਨ੍ਹਾਂ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ ਯੋਜਨਾ ਦਾ ਲਾਭ ਲੈਣ ਲਈ ਜ਼ਿਲ੍ਹੇ ਅੰਦਰ ਰਜਿਸਟ੍ਰੇਸ਼ਨ ਪ੍ਰਕਿਰਿਆ 8 ਜਨਵਰੀ ਤੋਂ ਸ਼ੁਰੂ ਹੋ ਕੇ 15 ਜਨਵਰੀ ਤੱਕ ਜਾਰੀ ਰਹੇਗੀ | ਰਜਿਸਟ੍ਰੇਸ਼ਨ ਲਈ ਬਾਲਗਾਂ ਵਾਸਤੇ ਆਧਾਰ ਕਾਰਡ ਅਤੇ ਵੋਟਰ ਕਾਰਡ ਲਾਜ਼ਮੀ ਹੋਵੇਗਾ, ਜਦਕਿ ਬੱਚਿਆਂ ਦੀ ਰਜਿਸਟ੍ਰੇਸ਼ਨ ਲਈ ਕੇਵਲ ਜਨਮ ਪ੍ਰਮਾਣ ਪੱਤਰ ਹੀ ਕਾਫ਼ੀ ਹੋਵੇਗਾ |