ਨਵਾਂਸਹਿਰ/ਪੋਜੇਵਾਲ ਸਰਾਂ, 4 ਜਨਵਰੀ (ਜਸਬੀਰ ਸਿੰਘ ਨੂਰਪੁਰ, ਨਵਾਂਗਰਾਈਾ)-ਜ਼ਿਲ੍ਹਾ ਸਿੱਖਿਆ ਅਫ਼ਸਰ ਅਨੀਤਾ ਸ਼ਰਮਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਲਖਵੀਰ ਸਿੰਘ ਦੀ ਅਗਵਾਈ 'ਚ ਪੰਜਾਬ ਰਾਜ ਨਿਪੁੰਨਤਾ ਖੋਜ ਪ੍ਰੀਖਿਆ ਅਤੇ ਕੇਂਦਰੀ ਪ੍ਰੀਖਿਆ ਸਫ਼ਲਤਾ ਪੂਰਵਕ ਸੰਪੰਨ ਹੋ ਗਈ | ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਲਖਵੀਰ ਸਿੰਘ ਅਤੇ ਸਤਨਾਮ ਸਿੰਘ ਜ਼ਿਲ੍ਹਾ ਕੋਆਰਡੀਨੇਟਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਰਾਜ ਖੋਜ ਸਿਖਲਾਈ ਸੰਸਥਾ ਵੱਲੋਂ ਇਹ ਪ੍ਰੀਖਿਆ ਲਈ ਗਈ ਹੈ, ਜਿਸ ਲਈ ਸਾਰੇ ਜ਼ਿਲ੍ਹੇ ਵਿੱਚ 6 ਸੈਂਟਰ ਬਣਾਏ ਗਏ ਸਨ | ਉਨ੍ਹਾਂ ਦੱਸਿਆ ਕਿ ਅੱਠਵੀਂ ਸ਼੍ਰੇਣੀ ਸ਼ੈਸਨ ਵਿੱਚ 1363 ਵਿੱਚੋਂ 1177 ਬੱਚੇ, ਦਸਵੀਂ ਸ੍ਰੇਣੀ ਵਿੱਚ 1080 ਵਿੱਚੋਂ 902 ਬੱਚੇ ਹਾਜ਼ਰ ਹੋਏ | ਉਨ੍ਹਾਂ ਜਾਣਕਾਰੀ ਦਿੱਤੀ ਕਿ ਇਹ ਪ੍ਰੀਖਿਆ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਵਜ਼ੀਫੇ ਮਿਲਣਗੇ ਤਾਂ ਜੋ ਉਹ ਉੱਚ ਵਿੱਦਿਆ ਪ੍ਰਾਪਤ ਕਰ ਸਕਣ | ਇਸ ਦੌਰਾਨ ਸਿੱਖਿਆ ਅਧਿਕਾਰੀਆਂ ਵੱਲੋਂ ਵੱਖ-ਵੱਖ ਕੇਂਦਰਾਂ ਦਾ ਦੌਰਾ ਕਰਕੇ ਚੱਲ ਰਹੀ ਪ੍ਰੀਖਿਆ ਦਾ ਜਾਇਜ਼ਾ ਲਿਆ ਗਿਆ |