ਕਾਠਗੜ੍ਹ, 6 ਜਨਵਰੀ (ਹਰਸਿਮਰਨ ਜੋਤ ਸਿੰਘ ਕਲੇਰ)-ਪਿੰਡ ਸੁੱਧਾ ਮਾਜਰਾ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੰਗਤਾਂ ਵਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਸੁੰਦਰ ਪਾਲਕੀ ਸਾਹਿਬ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਸ਼ੋਭਿਤ ਸਨ | ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰੇ ਕਰ ਰਹੇ ਸਨ ਤੇ ਨਗਰ ਕੀਰਤਨ 'ਚ ਕੀਰਤਨੀ ਜਥੇ ਤੇ ਸੰਗਤਾਂ ਵਾਹਿਗੁਰੂ ਜੀ ਦਾ ਜਾਪ ਕਰਦੀਆਂ ਅੱਗੇ-ਅੱਗੇ ਚੱਲ ਰਹੀਆਂ ਸਨ | ਇਹ ਨਗਰ ਕੀਰਤਨ ਸੁੱਧਾ ਮਾਜਰਾ, ਲੋਹਟਾਂ ਤੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਵਿਚ ਆ ਕੇ ਸਮਾਪਤ ਹੋਇਆ | ਨਗਰ ਕੀਰਤਨ ਦਾ ਸੰਗਤਾਂ ਵਲੋਂ ਜਗ੍ਹਾ-ਜਗ੍ਹਾ ਸਵਾਗਤੀ ਗੇਟ 'ਤੇ ਚਾਹ-ਪਕੌੜਿਆਂ ਦਾ ਲੰਗਰ ਲਗਾ ਕੇ ਸਵਾਗਤ ਕੀਤਾ ਗਿਆ | ਨਗਰ ਕੀਰਤਨ ਵਿੱਚ ਭਾਰੀ ਸੰਖਿਆ ਵਿਚ ਸੰਗਤਾਂ ਨੇ ਪਹੁੰਚ ਕੇ ਹਾਜ਼ਰੀ ਲਗਵਾਈ |