ਨਵਾਂਸ਼ਹਿਰ, 24 ਜਨਵਰੀ (ਦੀਦਾਰ ਸਿੰਘ ਸ਼ੇਤਰਾ) - ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੀ ਰਹਿਨੁਮਾਈ ਹੇਠ ਸਿਵਲ ਸਰਜਨ ਦਫ਼ਤਰ ਵਿਖੇ ਗਣਤੰਤਰ ਦਿਵਸ ਮੌਕੇ ਜ਼ਿਲ੍ਹੇ 'ਚ ਸਿਹਤ ਸੰਭਾਲ ਪ੍ਰਬੰਧਾਂ ਨੂੰ ਸੁਚੱਜੇ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰੋਗਰਾਮ ਅਫ਼ਸਰਾਂ ਨਾਲ ਫਿਜੀਕਲ ਅਤੇ ਸੀਨੀਅਰ ਮੈਡੀਕਲ ਅਫ਼ਸਰਾਂ ਨਾਲ ਵਰਚੁਅਲ ਵਿਸ਼ੇਸ਼ ਰੀਵਿਊ ਮੀਟਿੰਗ ਕੀਤੀ ਗਈ | ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਸਿਹਤ ਅਧਿਕਾਰੀਆਂ ਨੂੰ ਸਪੱਸ਼ਟ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਗਣਤੰਤਰ ਦਿਵਸ ਦੌਰਾਨ ਜ਼ਿਲ੍ਹੇ ਦੀਆਂ ਸਮੂਹ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਐਮਰਜੈਂਸੀ ਸਿਹਤ ਸੇਵਾਵਾਂ ਪੂਰੀ ਤਰ੍ਹਾਂ ਕਾਰਗਰ ਅਤੇ ਉਪਲਬੱਧ ਰੱਖੀਆਂ ਜਾਣ | ਉਨ੍ਹਾਂ ਨੇ ਹਸਪਤਾਲਾਂ ਵਿੱਚ ਦਵਾਈਆਂ, ਲਾਈਫ ਸੇਵਿੰਗ ਡਰੱਗਜ਼, ਆਕਸੀਜਨ ਅਤੇ ਹੋਰ ਜ਼ਰੂਰੀ ਮੈਡੀਕਲ ਸਮੱਗਰੀ ਦੀ ਢੁੱਕਵੀਂ ਉਪਲਬੱਧਤਾ ਯਕੀਨੀ ਬਣਾਉਣ 'ਤੇ ਵਿਸ਼ੇਸ਼ ਜ਼ੋਰ ਦਿੱਤਾ | ਐਂਬੂਲੈਂਸ ਸੇਵਾਵਾਂ ਨੂੰ ਪੂਰੀ ਤਰ੍ਹਾਂ ਤਿਆਰ ਹਾਲਤ ਵਿੱਚ ਰੱਖਿਆ ਜਾਵੇ ਅਤੇ ਮੈਡੀਕਲ ਸਟਾਫ਼ ਸਮੇਤ ਡਰਾਈਵਰਾਂ ਦੀ ਡਿਊਟੀ ਰੋਸਟਰ ਪਹਿਲਾਂ ਤੋਂ ਤਿਆਰ ਕਰਕੇ ਸੂਚਿਤ ਕੀਤਾ ਜਾਵੇ | ਉਨ੍ਹਾਂ ਕਿਸੇ ਵੀ ਅਣਸੁਖਾਵੀਂ ਘਟਨਾ ਜਾਂ ਐਮਰਜੈਂਸੀ ਸਥਿਤੀ ਨਾਲ ਤੁਰੰਤ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਨਿਪਟਣ ਲਈ ਰੈਫ਼ਰਲ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਬਣਾਉਣ ਦੇ ਨਿਰਦੇਸ਼ ਵੀ ਜਾਰੀ ਕੀਤੇ | ਇਸ ਮੌਕੇ ਹੋਰਨਾਂ ਤੋਂ ਇਲਾਵਾ ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਪ੍ਰੀਤ ਸਿੰਘ, ਜ਼ਿਲ੍ਹਾ ਸਿਹਤ ਅਫਸਰ ਡਾ. ਰੇਣੂ ਮਿੱਤਲ, ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਹਰੀਸ਼ ਕਿਰਪਾਲ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਹਰਪਿੰਦਰ ਸਿੰਘ, ਸੀਨੀਅਰ ਮੈਡੀਕਲ ਅਫਸਰ ਡਾ. ਸਤਵਿੰਦਰ ਪਾਲ ਸਿੰਘ, ਡਾ. ਗੀਤਾਂਜਲੀ ਸਿੰਘ, ਜ਼ਿਲ੍ਹਾ ਡੈਂਟਲ ਹੈਲਥ ਅਫ਼ਸਰ ਡਾ. ਰਾਜ ਕੁਮਾਰੀ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਰਾਕੇਸ਼ ਪਾਲ, ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਦਲਜੀਤ ਸਿੰਘ, ਸਿਵਲ ਸਰਜਨ ਦੇ ਪੀ.ਏ ਅਜੇ ਕੁਮਾਰ, ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਰਾਮ ਸਿੰਘ ਸਮੇਤ ਹੋਰ ਸਿਹਤ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ |