ਨਵਾਂਸ਼ਹਿਰ, 30 ਜਨਵਰੀ (ਜਸਬੀਰ ਸਿੰਘ ਨੂਰਪੁਰ)-ਦੇਸ਼ ਦੇ ਸੁਤੰਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਦੇਸ਼ ਕੌਮ ਲਈ ਵਾਰਨ ਵਾਲੇ ਸ਼ਹੀਦਾਂ ਦੀ ਯਾਦ ਵਿੱਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨਵਾਂਸ਼ਹਿਰ ਵਿਖੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ, ਕਰਮਚਾਰੀਆਂ ਅਤੇ ਆਮ ਜਨਤਾ ਨੇ 2 ਮਿੰਟ ਦਾ ਮੋਨ ਧਾਰਨ ਕਰਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ | ਇਸ ਮੌਕੇ ਹਾਜ਼ਰ ਸਮੂਹ ਅਧਿਕਾਰੀਆਂ, ਕਰਮਚਾਰੀਆਂ ਅਤੇ ਦਫ਼ਤਰਾਂ ਵਿੱਚ ਕੰਮ ਕਰਵਾਉਣ ਆਏ ਲੋਕਾਂ ਵਲੋਂ ਵੀ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਗਈ | ਮਹਾਤਮਾ ਗਾਂਧੀ ਦੀ ਤਸਵੀਰ 'ਤੇ ਸ਼ਰਧਾ ਦੇ ਫੁੱਲ ਅਰਪਿਤ ਕਰਨ ਉਪਰੰਤ ਵਧੀਕ ਡਿਪਟੀ ਕਮਿਸ਼ਨਰ ਬਲਬੀਰ ਰਾਜ ਸਿੰਘ ਨੇ ਕਿਹਾ ਕਿ ਆਜ਼ਾਦੀ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਨਿਛਾਵਰ ਕਰਨ ਵਾਲੇ ਸਮੂਹ ਸ਼ਹੀਦਾਂ ਦੀ ਕੁਰਬਾਨੀ ਨੂੰ ਕਦੀ ਭੁਲਾਇਆ ਨਹੀਂ ਜਾ ਸਕਦਾ ਅਤੇ ਪੂਰੇ ਦੇਸ਼ ਨੂੰ ਆਪਣੇ ਮਹਾਨ ਸ਼ਹੀਦਾਂ ਉੱਪਰ ਮਾਣ ਹੈ | ਉਨ੍ਹਾਂ ਕਿਹਾ ਕਿ ਅੱਜ ਜੇਕਰ ਅਸੀਂ ਅਜ਼ਾਦ ਮੁਲਕ ਦੀ ਫ਼ਿਜ਼ਾ ਵਿੱਚ ਸਾਹ ਲੈ ਰਹੇ ਹਾਂ ਤਾਂ ਇਹ ਉਨ੍ਹਾਂ ਮਹਾਨ ਸ਼ਹੀਦਾਂ ਦੀਆਂ ਸ਼ਹਾਦਤਾਂ ਸਦਕਾ ਹੀ ਸੰਭਵ ਹੋਇਆ ਹੈ | ਵਧੀਕ ਡਿਪਟੀ ਕਮਿਸ਼ਨਰ ਬਲਬੀਰ ਰਾਜ ਸਿੰਘ ਨੇ ਕਿਹਾ ਕਿ ਸਾਨੂੰ ਸ਼ਹੀਦਾਂ ਦੇ ਸੁਪਨਿਆਂ ਦਾ ਮੁਲਕ ਸਿਰਜਣ ਵਿੱਚ ਆਪਣਾ ਯੋਗਦਾਨ ਪਾਉਂਦਿਆਂ ਆਪਣੀ ਡਿਊਟੀ ਪੂਰੀ ਇਮਾਨਦਾਰੀ ਤੇ ਨਿਸ਼ਠਾ ਨਾਲ ਨਿਭਾਉਣੀ ਚਾਹੀਦੀ ਹੈ | ਇਸ ਮੌਕੇ ਸਹਾਇਕ ਕਮਿਸ਼ਨਰ ਜਨਰਲ ਜਗਦੀਪ ਸਿੰਘ ਰਾਸ਼ਟਰ ਪਿਤਾ ਮਹਾਤਮਾਂ ਗਾਂਧੀ ਜੀ ਦੀ ਤਸਵੀਰ 'ਤੇ ਸ਼ਰਧਾ ਦੇ ਫੁੱਲ ਅਰਪਿਤ ਕੀਤੇ | ਇਸ ਮੌਕੇ 'ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਵੀ ਹਾਜ਼ਰ ਸਨ |