ਬਹਿਰਾਮ, 5 ਫਰਵਰੀ (ਸਰਬਜੀਤ ਸਿੰਘ ਰਾਣਾ)-ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ 'ਚ ਪੱਕਾ ਕਰਨ ਦਾ ਵਾਅਦਾ ਕਰਕੇ ਸੱਤਾ ਵਿਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਠੇਕਾ ਮੁਲਾਜ਼ਮਾਂ ਨੂੰ ਲਾਰੇ-ਲੱਪਿਆਂ 'ਚ ਰੱਖ ਕੇ ਸਮਾਂ ਬਤੀਤ ਕਰ ਰਹੀ ਹੈ | ਇਹ ਪ੍ਰਗਟਾਵਾ ਅਵਤਾਰ ਸਿੰਘ ਚੱਕ ਗੁਰੂ ਜ਼ਿਲ੍ਹਾ ਪ੍ਰਧਾਨ ਪੰਜਾਬ ਸਿਵਲ ਗੰਨਮੈਨ ਗਾਰਡ ਯੂਨੀਅਨ ਸ਼ਹੀਦ ਭਗਤ ਸਿੰਘ ਨਗਰ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਠੇਕਾ ਮੁਲਾਜ਼ਮਾਂ ਦੀ ਹੋ ਰਹੀ ਅੰਨ੍ਹੀ ਲੁੱਟ ਨੂੰ ਬੰਦ ਕਰਨ ਦੇ ਐਲਾਨ ਮਗਰੋਂ ਵੀ ਅਸਫਲ ਰਹੀ ਹੈ ਅਤੇ ਠੇਕਾ ਮੁਲਾਜ਼ਮ ਠੇਕਾ ਪ੍ਰਣਾਲੀ ਦੀ ਚੱਕੀ 'ਚ ਪਿਸਣ ਲਈ ਮਜ਼ਬੂਰ ਹੋ ਰਹੇ ਹਨ | ਉਨ੍ਹਾਂ ਕਿਹਾ ਕਿ ਵੱਖ-ਵੱਖ ਸਰਕਾਰੀ ਵਿਭਾਗਾਂ ਵਿਚ ਪਿਛਲੇ ਲੰਮੇ ਅਰਸੇ ਤੋਂ ਲਗਾਤਾਰ ਨਿਗੂਣੀਆਂ ਤਨਖਾਹਾਂ 'ਤੇ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਆਪਣੀਆਂ ਸੇਵਾਵਾਂ ਨਿਭਾਉਂਦੇ ਆ ਰਹੇ ਹਨ | ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਠੇਕਾ ਮੁਲਾਜ਼ਮ ਨੀਤੀਆਂ ਦੇ ਵਿਰੋਧ 'ਚ ਰੋਸ ਵਜੋਂ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਵੱਲੋਂ 7 ਫਰਵਰੀ ਨੂੰ ਦਿੜ੍ਹਬਾ ਦੀ ਦਾਣਾ ਮੰਡੀ 'ਚ ਪਰਿਵਾਰ ਅਤੇ ਬੱਚਿਆਂ ਸਮੇਤ ਸੂਬਾ ਪੱਧਰੀ ਰੈਲੀ ਕੀਤੀ ਜਾਵੇਗੀ?